ਜ਼ਹਿਰੀਲੀ ਸ਼ਰਾਬ ਦੇ ਕਾਰੋਬਾਰੀਆਂ ਨੂੰ ਸਰਕਾਰੀ ਸਹਿ : ਝੂੰਦਾਂ

03

August

2020

ਅਮਰਗੜ੍ਹ, 3 ਅਗਸਤ (ਜਗਸੀਰ ਲੌਂਗੋਵਾਲ ) - ਪੰਜਾਬ ਅੰਦਰੋਂ ਚਾਰ ਹਫ਼ਤਿਆਂ ਵਿੱਚ ਨਸ਼ੇ ਦਾ ਖ਼ਾਤਮਾ ਕਰਨ ਦਾ ਵਾਅਦਾ ਕਰਕੇ ਸੱਤਾ 'ਚ ਆਈ ਕਾਂਗਰਸ ਦੀ ਕੈਪਟਨ ਸਰਕਾਰ ਅੱਜ ਆਪਣੇ ਕਾਰਜਕਾਲ ਦਾ ਅੱਧੇ ਨਾਲੋਂ ਜ਼ਿਆਦਾ ਸਮਾਂ ਬੀਤ ਜਾਣ ਦੇ ਬਾਅਦ ਵੀ ਆਪਣਾ ਇਹ ਵਾਅਦਾ ਪੂਰਾ ਕਰਨ 'ਚ ਸਫ਼ਲ ਨਹੀਂ ਹੋਈ । ਪੰਜਾਬ ਅੰਦਰ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਵਧ ਰਹੀ ਗਿਣਤੀ ਇਸ ਗੱਲ ਦਾ ਸਬੂਤ ਹੈ ਕਿ ਇਸ ਜ਼ਹਿਰੀਲੀ ਸ਼ਰਾਬ ਦੇ ਕਾਰੋਬਾਰੀ ਸਰਕਾਰ ਦੇ ਮੰਤਰੀਆਂ ਸੰਤਰੀਆਂ ਦੀ ਸ਼ਹਿ ਤੋਂ ਬਿਨਾਂ ਕੰਮ ਨਹੀਂ ਕਰ ਸਕਦੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਬਨਭੌਰਾ ਵਿਖੇ ਬੀਬੀ ਸ਼ਿੰਦਰ ਕੌਰ ਬਨਭੌਰਾ ਨੂੰ ਇਸਤਰੀ ਅਕਾਲੀ ਦਲ ਬਨਭੌਰਾ ਇਕਾਈ ਦੇ ਮੁੱਖ ਸੇਵਾਦਾਰ ਦੀ ਜ਼ਿੰਮੇਵਾਰੀ ਸੌਂਪਣ ਉਪਰੰਤ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਜਥੇਦਾਰ ਇਕਬਾਲ ਸਿੰਘ ਝੂੰਦਾਂ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਿੱਚ ਔਰਤਾਂ ਨੂੰ ਹਮੇਸ਼ਾ ਬਰਾਬਰ ਦਾ ਮਾਣ ਸਨਮਾਨ ਦਿੱਤਾ ਗਿਆ ਹੈ ਅਤੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਦੂਰ ਅੰਦੇਸ਼ੀ ਸੋਚ ਸਦਕਾ ਪਾਰਟੀ ਅੰਦਰ ਬੀਬੀਆਂ ਅਹਿਮ ਭੂਮਿਕਾ ਨਿਭਾ ਰਹੀਆਂ ਹਨ।ਇਸ ਮੌਕੇ ਉਨ੍ਹਾਂ ਬੀਬੀ ਸ਼ਿੰਦਰ ਕੌਰ ਨੂੰ ਮੁਬਾਰਕਬਾਦ ਦਿੱਤੀ ਅਤੇ ਪਾਰਟੀ ਦੀਆਂ ਗਤੀਵਿਧੀਆਂ 'ਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਉਤਸ਼ਾਹਿਤ ਵੀ ਕੀਤਾ। ਇਸ ਮੌਕੇ ਪਰਮਿੰਦਰ ਸਾਹੀ, ਸੁਖਵਿੰਦਰ ਸੋਹੀ, ਅਵਤਾਰ ਸਿੰਘ ਮਨੀ, ਗੁਰਮੇਲ ਸਿੰਘ, ਸ਼ਿਮਲਾ ਵਰਮਾ, ਮੋਨਿਕਾ ਤੇ ਪਿੰਕੀ ਬਨਭੌਰਾ ਆਦਿ ਸ਼ਾਮਲ ਸਨ।