ਜ਼ਹਿਰੀਲੀ ਸ਼ਰਾਬ ਦਾ ਮਾਮਲਾ ਸਿਆਸੀ ਰੋਟੀਆਂ ਸੇਕਣ ਦਾ ਮੁੱਦਾ ਨਹੀਂ; ਅਰੋੜਾ ਦੀ ਅਕਾਲੀਆਂ ਨੂੰ ਨਸੀਹਤ

04

August

2020

ਚੰਡੀਗੜ, 4 ਅਗਸਤ: ਪੰਜਾਬ ਦੇ ਤਰਨ ਤਾਰਨ, ਅੰਮਿ੍ਰਤਸਰ ਅਤੇ ਬਟਾਲਾ (ਗੁਰਦਾਸਪੁਰ) ਵਿਖੇ ਜ਼ਹਿਰੀਲੀ ਸ਼ਰਾਬ ਨਾਲ ਵਾਪਰੇ ਦੁਖਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਇਹ ਸਮਾਂ ਸਿਆਸੀ ਰੋਟੀਆਂ ਸੇਕਣ ਨਹੀਂ ਹੈ, ਸਗੋਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਇੱਕ ਮੰਚ ‘ਤੇ ਇਕੱਠੇ ਹੋ ਕੇ ਸਾਂਝੇ ਕਦਮ ਪੁੱਟਣ ਦਾ ਹੈ। ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਆਫ਼ਤ ਸਮੇਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਕਾਂਗਰਸ ਸਰਕਾਰ ‘ਤੇ ਸੱਤਾਧਾਰੀ ਪਾਰਟੀ ਦੇ ਵਿਧਾਇਕਾਂ ਨੂੰ ਬਚਾਉਣ ਦਾ ਦੋਸ਼ ਬਹੁਤ ਹੀ ਮੰਦਭਾਗਾ ਰੁਝਾਨ ਹੈ, ਇਹ ਸਿਰਫ਼ ਸਿਆਸੀ ਲਾਹਾ ਲੈਣ ਦਾ ਹੀ ਚਾਰਾ ਕੀਤਾ ਗਿਆ ਹੈ। ਉਨਾਂ ਕਿਹਾ ਕਿ ਅਕਾਲੀਆਂ ਨੂੰ ਆਪਣਾ ਗੁਆਚਿਆ ਹੋਇਆ ਸਿਆਸੀ ਧਰਾਤਲ ਮੁੜ ਹਾਸਲ ਕਰਨ ਲਈ ਕੁੱਝ ਕਰਕੇ ਦਿਖਾਉਣਾ ਚਾਹੀਦਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ਖ਼ਤ ਕਾਰਵਾਈ ਦੀ ਸੂਚੀ ਜਾਰੀ ਕਰਦਿਆਂ ਉਨਾਂ ਕਿਹਾ ਕਿ ਇਸ ਮਾਮਲੇ ‘ਚ 7 ਆਬਕਾਰੀ ਅਤੇ 6 ਪੁਲੀਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਤੱਥਾਂ ਦਾ ਜ਼ਿਕਰ ਕਰਦਿਆਂ ਮੰਤਰੀ ਨੇ ਕਿਹਾ ਕਿ ਫ਼ਿਰੋਜ਼ਪੁਰ, ਮਾਨਸਾ, ਮੁਕਤਸਰ ਅਤੇ ਪਟਿਆਲਾ ਜ਼ਿਲਿਆਂ ਦੇ 88 ਵਿਅਕਤੀਆਂ ਨੂੰ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਵਿਰੱਧ ਵੱਡੀ ਸੱਟ ਵੱਜੀ ਹੈ। ਇੰਨਾ ਹੀ ਨਹੀਂ, ਸੂਬੇ ਨੇ 7420 ਲੀਟਰ ‘ਲਾਹਨ‘, ਹੋਰ ਰਸਾਇਣ ਅਤੇ 1212 ਬੋਤਲਾਂ ਨਾਜਾਇਜ਼ ਸ਼ਰਾਬ ਨੂੰ ਜ਼ਬਤ ਕੀਤਾ ਹੈ। ਉਨਾਂ ਕਿਹਾ ਕਿ ਇਸ ਤੋਂ ਇਲਾਵਾ, ਸੂਬੇ ਭਰ ਦੀਆਂ ਸਨਅਤੀ ਇਕਾਈਆਂ ‘ਤੇ ਛਾਪੇ ਮਾਰੇ ਜਾ ਰਹੇ ਹਨ ਜੋ ਸ਼ਰਾਬ ਦੇ ਕਾਰੋਬਾਰ ‘ਚ ਲੱਗੇ ਹੋਏ ਵਿਅਕਤੀਆਂ ‘ਤੇ ਸ਼ਿਕੰਜਾ ਕਸਿਆ ਜਾ ਸਕੇ। ਉਦਯੋਗ ਤੇ ਵਣਜ ਮੰਤਰੀ ਨੇ ਕਿਹਾ ਕਿ ‘‘ਅਕਾਲੀਆਂ ਨੂੰ ਪੰਜਾਬ ਦੇ ਲੋਕਾਂ ਨਾਲ ਅਚਾਨਕ ਪਿਆਰ ਹੋ ਗਿਆ?, ਜਦੋਂ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਉਹ ਖੁਦ ਨਸ਼ਿਆਂ ਦੇ ਕਾਰੋਬਾਰ ਵਿੱਚ ਡੂੰਘੀ ਤਰਾਂ ਸ਼ਮੂਲੀਅਤ ਕਰ ਰਹੇ ਸਨ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਤਸਕਰਾਂ ਨਾਲ ਮਿਲੇ ਹੋਏ ਸਨ, ਜੋ ਕਿ ਪੰਜਾਬ ਦੀ ਨੌਜਵਾਨੀ ਨੂੰ ਤਬਾਹ ਕਰ ਰਹੇ ਸਨ। ਉਨਾਂ ਕਿਹਾ ਕਿ ਅਕਾਲੀਆਂ ਦੁਆਰਾ ਕੀਤੇ ਪਾਪਾਂ ਦੀ ਕਹਾਣੀ ਇੱਥੇ ਹੀ ਖ਼ਤਮ ਨਹੀਂ ਹੋਈ। ਬੇਅਦਬੀ ਕਾਂਡ, ਬਹਿਬਲ ਕਲਾਂ ਅਤੇ ਕੋਟਕਪੂਰਾ ਵਿਖੇ ਹੋਈ ਗੋਲੀਬਾਰੀ, ਸਾਰੇ ਹੀ ਅਕਾਲੀਆਂ ਦੁਆਰਾ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਧੋਖੇ ਦਾ ਪ੍ਰਤੱਖ ਪ੍ਰਮਾਣ ਹੈ ਅਤੇ ਹੁਣ ਅਕਾਲੀਆਂ ਨੇ ਕਾਂਗਰਸ ਸਰਕਾਰ ਵੱਲ ਨਿਸ਼ਾਨਾ ਸੇਧਿਆ ਹੈ ਜਦਕਿ ਉਨਾਂ ਦੇ ਆਪਣੇ ਕਾਰਜਕਾਲ ‘ਚ ਇਹ ਘਟਨਾਵਾਂ ਵਾਪਰ ਚੁੱਕੀਆਂ ਹਨ।‘‘ ਇਸ ਦੁਖਾਂਤ ‘ਚ ਨਿਰਦੋਸ਼ਾਂ ਦੀ ਮੌਤ ਬਾਰੇ ਨਾਂਹਪੱਖੀ ਰਾਜਨੀਤੀ ਕਰਨ ਤੋਂ ਗੁਰੇਜ਼ ਕਰਨ ਦੀ ਸਲਾਹ ਦਿੰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਉਹ ਇੱਕ ਪਲ ਲਈ ਤਾਂ ਸਿਆਸੀ ਮੁਫ਼ਾਦ ਇੱਕ ਪਾਸੇ ਰੱਖ ਦੇਣ। ਉਨਾਂ ਕਿਹਾ ਕਿ ਅਜਿਹੀਆਂ ਵਿਰੋਧਤਾਈਆਂ ਅਕਾਲੀਆਂ ਨੂੰ ਸੱਤਾ ਦੀ ਪੌੜੀ ਚੜਨ ‘ਚ ਸਹਾਇਤਾ ਨਹੀਂ ਕਰ ਸਕਦੀਆਂ।