ਚੰਡੀਗੜ੍ਹ ਵਿੱਚ ਪੈਟਰੋਲ ਤੇ ਡੀਜ਼ਲ ਚਾਰ ਰੁਪਏ ਸਸਤਾ

06

October

2018

ਚੰਡੀਗੜ੍ਹ, ਯੂਟੀ ਪ੍ਰਸਾਸ਼ਨ ਨੇ ਅੱਜ ਪੈਟਰੋਲ ਅਤੇ ਡੀਜ਼ਲ ’ਤੇ ਵੈਟ ਘਟਾ ਦਿੱਤਾ ਹੈ ਜਿਸ ਨਾਲ ਹੁਣ ਚੰਡੀਗੜ੍ਹ ਵਿੱਚ ਪੈਟਰੋਲ ਅਤੇ ਡੀਜ਼ਲ ਪਹਿਲਾਂ ਨਾਲੋਂ 4 ਰੁਪਏ ਪ੍ਰਤੀ ਲਿਟਰ ਸਸਤਾ ਹੋ ਗਿਆ ਹੈ। ਲੰਘੀ ਰਾਤ ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਤੇ ਐਕਸਾਈਜ਼ ਡਿਊਟੀ ਘਟਾ ਦਿੱਤੀ ਸੀ ਜਿਸ ਕਰਕੇ ਦੇਸ਼ ’ਚ ਪੈਟਰੋਲ ਅਤੇ ਡੀਜ਼ਲ ਢਾਈ ਰੁਪਏ ਸਸਤਾ ਹੋ ਗਿਆ ਸੀ। ਅੱਜ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਡੀਜ਼ਲ ਅਤੇ ਪੈਟਰੋਲ ’ਤੇ ਵੈਟ ਘਟਾ ਦਿੱਤਾ ਹੈ ਜਿਸ ਨਾਲ ਪੈਟਰੋਲ ਅਤੇ ਡੀਜ਼ਲ ਡੇਢ ਰੁਪਏ ਪ੍ਰਤੀ ਲਿਟਰ ਹੋਰ ਸਸਤਾ ਹੋ ਗਿਆ। ਹੁਣ ਚੰਡੀਗੜ੍ਹ ਵਿੱਚ ਪੈਟਰੋਲ ਅਤੇ ਡੀਜ਼ਲ 4 ਰੁਪਏ ਪ੍ਰਤੀ ਲਿਟਰ ਘੱਟ ਕੀਮਤ ’ਤੇ ਮਿਲੇਗਾ। ਚੰਡੀਗੜ੍ਹ ’ਚ ਪੈਟਰੋਲ ਦੀ ਮੌਜੂਦਾ ਕੀਮਤ 76.90 ਰੁਪਏ ਪ੍ਰਤੀ ਲਿਟਰ ਤੇ ਡੀਜ਼ਲ ਦੀ ਕੀਮਤ 69.41 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਚੰਡੀਗੜ੍ਹ ਪ੍ਰਸਾਸ਼ਨ ਵੱਲੋਂ ਘਟਾਈਆਂ ਗਈਆਂ ਕੀਮਤਾਂ ਅੱਜ ਅੱਧੀ ਰਾਤ ਤੋਂ ਲਾਗੂ ਹੋ ਗਈਆਂ ਹਨ। ਇੱਥੇ ਦੱਸਣਾ ਬਣਦਾ ਹੈ ਕਿ ਅੱਜ ਸਵੇਰੇ ਚੰਡੀਗੜ੍ਹ ਇਕਾਈ ਦੇ ਭਾਜਪਾ ਪ੍ਰਧਾਨ ਸੰਜੇ ਟੰਡਨ ਨੇ ਯੂਟੀ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੂੰ ਪੱਤਰ ਲਿਖ ਕੇ ਚੰਡੀਗੜ੍ਹ ਵਿੱਚ ਤੇਲ ਦੀਆਂ ਕੀਮਤਾਂ ਘੱਟ ਕਰਨ ਦੀ ਅਪੀਲ ਕੀਤੀ ਸੀ।