Daily Suraj

ਪੰਜਾਬੀ

'ਆਪ' ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਟਿਕਾਣਿਆਂ 'ਤੇ ED ਦੀ ਛਾਪੇਮਾਰੀ: ਬੇਨਾਮੀ ਜਾਇਦਾਦਾਂ ਅਤੇ 1.01 ਕਰੋੜ ਦੇ ਫਰਜ਼ੀ ਮੁਆਵਜ਼ੇ ਦੇ ਦੋਸ਼

07 Nov, 2026 09:30 AM

ਮੋਗਾ ਤੋਂ ਆਮ ਆਦਮੀ ਪਾਰਟੀ ('ਆਪ') ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਅਤੇ ਉਨ੍ਹਾਂ ਦੇ ਕਰੀਬੀਆਂ ਦੇ ਟਿਕਾਣਿਆਂ 'ਤੇ ਕੀਤੀ ਗਈ ਛਾਪੇਮਾਰੀ ਤੋਂ ਬਾਅਦ ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਅਰੋੜਾ ਪਰਿਵਾਰ ਨਾਲ ਸਬੰਧਤ ਬੇਨਾਮੀ ਜਾਇਦਾਦਾਂ ਦੇ ਅਹਿਮ ਸਬੂਤ ਮਿਲਣ ਦਾ ਦਾਅਵਾ ਕੀਤਾ ਹੈ। ਈ.ਡੀ. ਵੱਲੋਂ ਜਾਰੀ ਕੀਤੇ ਗਏ ਅਧਿਕਾਰਤ ਬਿਆਨ ਅਨੁਸਾਰ, 4 ਨਵੰਬਰ ਨੂੰ ਵਿਧਾਇਕਾ ਅਤੇ ਉਨ੍ਹਾਂ ਨਾਲ ਜੁੜੇ ਵਿਅਕਤੀਆਂ ਦੀਆਂ 7 ਥਾਵਾਂ 'ਤੇ ਤਲਾਸ਼ੀ ਲਈ ਗਈ, ਜਿਨ੍ਹਾਂ ਵਿੱਚ ਇੱਕ ਹਸਪਤਾਲ-ਕਮ-ਨਸ਼ਾ ਛੁਡਾਊ ਕੇਂਦਰ ਵੀ ਸ਼ਾਮਲ ਸੀ। ਇਸ ਕਾਰਵਾਈ ਦੌਰਾਨ ਸ਼ੱਕੀ ਦਸਤਾਵੇਜ਼, ਇਲੈਕਟ੍ਰਾਨਿਕ ਉਪਕਰਨ, ਬੈਂਕ ਖਾਤਿਆਂ ਦੇ ਵੇਰਵੇ ਅਤੇ ਬੇਨਾਮੀ ਜਾਇਦਾਦਾਂ ਨਾਲ ਸਬੰਧਤ ਕਾਗਜ਼ਾਤ ਜ਼ਬਤ ਕੀਤੇ ਗਏ ਹਨ। ਦੂਜੇ ਪਾਸੇ, ਆਮ ਆਦਮੀ ਪਾਰਟੀ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਹੈ ਕਿ 48 ਘੰਟਿਆਂ ਦੀ ਲਗਾਤਾਰ ਛਾਪੇਮਾਰੀ ਤੋਂ ਬਾਅਦ ਵੀ ਏਜੰਸੀ ਦੇ ਹੱਥ ਕੁੱਝ ਨਹੀਂ ਲੱਗਿਆ। ਈ.ਡੀ. ਦੀ ਜਾਂਚ ਅਨੁਸਾਰ, ਕੌਮੀ ਸ਼ਾਹਰਾਹ (NH-754 A) ਲਈ ਐਕੁਆਇਰ ਕੀਤੀ ਗਈ ਜ਼ਮੀਨ ਦਾ 1.01 ਕਰੋੜ ਰੁਪਏ (ਕੁੱਲ 1,00,65,724 ਰੁਪਏ) ਦਾ ਸਰਕਾਰੀ ਮੁਆਵਜ਼ਾ ਮਾਲ ਰਿਕਾਰਡ ਵਿੱਚ ਹੇਰਾਫੇਰੀ ਕਰਕੇ ਗ਼ਲਤ ਤਰੀਕੇ ਨਾਲ ਹਾਸਲ ਕੀਤਾ ਗਿਆ। ਮੁਹਾਲੀ ਸਥਿਤ ਫੋਰੈਂਸਿਕ ਲੈਬ ਵਿੱਚ ਇੰਤਕਾਲ 'ਤੇ ਕੀਤੇ ਗਏ ਜਾਅਲੀ ਦਸਤਖ਼ਤਾਂ ਦੀ ਪੁਸ਼ਟੀ ਹੋਈ ਹੈ। ਏਜੰਸੀ ਅਨੁਸਾਰ ਇਹ ਰਾਸ਼ੀ ਦਿਲਖੁਸ਼ ਕੁਮਾਰੀ ਨਾਮਕ ਔਰਤ ਦੇ ਬੈਂਕ ਖਾਤੇ ਵਿੱਚ ਜਮ੍ਹਾਂ ਕਰਵਾਈ ਗਈ ਸੀ, ਜਿਸ ਨੂੰ ਹੁਣ ਜ਼ਬਤ (ਫ੍ਰੀਜ਼) ਕਰ ਦਿੱਤਾ ਗਿਆ ਹੈ। ਜਾਂਚ ਏਜੰਸੀ ਨੇ ਵਿਧਾਇਕਾ ਅਤੇ ਉਨ੍ਹਾਂ ਦੇ ਪਤੀ ਡਾ. ਰਾਕੇਸ਼ ਅਰੋੜਾ 'ਤੇ ਇਸ ਰਾਸ਼ੀ ਨੂੰ ਹੋਰਨਾਂ ਖਾਤਿਆਂ ਵਿੱਚ ਤਬਦੀਲ ਕਰਨ ਦਾ ਦੋਸ਼ ਲਾਇਆ ਹੈ। ਇਹ ਜਾਂਚ ਥਾਣਾ ਧਰਮਕੋਟ ਵਿੱਚ 16 ਜੂਨ 2024 ਨੂੰ ਦਰਜ ਐੱਫ.ਆਈ.ਆਰ. ਨੰਬਰ 84 ਦੇ ਆਧਾਰ 'ਤੇ ਮਨੀ ਲਾਂਡਰਿੰਗ ਰੋਕਥਾਮ ਐਕਟ (PMLA), 2002 ਤਹਿਤ ਚਲਾਈ ਜਾ ਰਹੀ ਹੈ। ਜਾਂਚ ਏਜੰਸੀ ਨੇ ਅੱਗੇ ਦੱਸਿਆ ਕਿ ਮੋਗਾ ਵਿੱਚ ਕੇਂਦਰ ਤੇ ਪੰਜਾਬ ਸਰਕਾਰ, ਮਾਰਕੀਟ ਕਮੇਟੀ, ਨਗਰ ਨਿਗਮ ਅਤੇ 'ਯੂਨਾਈਟਿਡ ਚਰਚ ਆਫ ਨਾਰਦਰਨ ਇੰਡੀਆ ਟਰੱਸਟ ਐਸੋਸੀਏਸ਼ਨ' ਦੀਆਂ ਕੀਮਤੀ ਜਾਇਦਾਦਾਂ ਨੂੰ ਧੋਖਾਧੜੀ ਨਾਲ ਹਾਸਲ ਕਰਕੇ ਅੱਗੇ ਤਬਦੀਲ ਕੀਤਾ ਗਿਆ। ਇਸ ਤੋਂ ਇਲਾਵਾ ਰਿਹਾਇਸ਼ੀ ਜਾਇਦਾਦਾਂ ਦੀ ਖ਼ਰੀਦ ਵਿੱਚ ਬੇਹਿਸਾਬ ਨਕਦੀ ਵਰਤਣ ਦੇ ਸ਼ੱਕ ਹਨ। ਮਾਮਲੇ ਵਿੱਚ ਪਟਵਾਰੀ ਨਵਦੀਪ ਸਿੰਘ ਨੂੰ ਮੁੱਖ ਮੁਲਜ਼ਮ ਦੱਸਿਆ ਗਿਆ ਹੈ, ਜਦਕਿ ਵਿਧਾਇਕਾ ਦੇ ਪਤੀ ਡਾ. ਰਾਕੇਸ਼ ਅਰੋੜਾ ਨੂੰ ਵੀ ਧਿਰ ਬਣਾਇਆ ਗਿਆ ਹੈ। ਜਾਂਚ ਦੇ ਘੇਰੇ ਵਿੱਚ ਜ਼ੀਰਾ ਰੋਡ 'ਤੇ ਕੇਂਦਰ ਸਰਕਾਰ ਦੀ 13 ਮਰਲੇ, ਸਿਵਲ ਲਾਈਨਜ਼ 'ਚ ਪੰਜਾਬ ਸਰਕਾਰ ਦੀ 7 ਮਰਲੇ, ਰੇਲਵੇ ਰੋਡ 'ਤੇ ਮਾਰਕੀਟ ਕਮੇਟੀ ਦੀ 6 ਮਰਲੇ, ਨਗਰ ਨਿਗਮ ਦੀ 3 ਕਨਾਲ 16 ਮਰਲੇ ਅਤੇ ਟਰੱਸਟ ਦੀ 52 ਮਰਲੇ 8 ਸਰਸਾਹੀ ਜ਼ਮੀਨ ਦਾ ਤਬਾਦਲਾ ਸ਼ਾਮਲ ਹੈ, ਜਿਸ ਬਾਰੇ ਪੰਜਾਬ ਪੁਲੀਸ ਵੱਲੋਂ ਪਹਿਲਾਂ ਹੀ ਚਾਰਜਸ਼ੀਟ ਦਾਇਰ ਕੀਤੀ ਜਾ ਚੁੱਕੀ ਹੈ। ਦੂਜੇ ਪਾਸੇ, ਇਸ ਛਾਪੇਮਾਰੀ ਨੂੰ ਲੈ ਕੇ 'ਆਪ' ਨੇ ਕੇਂਦਰ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। 'ਆਪ' ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਦੋਸ਼ ਲਾਇਆ ਕਿ 48 ਘੰਟਿਆਂ ਤੱਕ ਮਹਿਲਾ ਵਿਧਾਇਕ, ਉਨ੍ਹਾਂ ਦੇ ਪਰਿਵਾਰ ਤੇ ਬੱਚਿਆਂ ਸਮੇਤ 7 ਰਿਸ਼ਤੇਦਾਰਾਂ ਨੂੰ ਘਰਾਂ ਵਿੱਚ ਬੰਦੀ ਬਣਾ ਕੇ ਰੱਖਿਆ ਗਿਆ ਅਤੇ ਉਨ੍ਹਾਂ 'ਤੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਦਬਾਅ ਬਣਾਇਆ ਗਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਇਕਾ ਡਾ. ਅਮਨਦੀਪ ਅਰੋੜਾ ਨਾਲ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਵਿਰੋਧੀਆਂ ਨੂੰ ਡਰਾਉਣ ਅਤੇ ਬਦਨਾਮ ਕਰਨ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਕੈਬਨਿਟ ਮੰਤਰੀਆਂ ਡਾ. ਬਲਜੀਤ ਕੌਰ, ਹਰਭਜਨ ਸਿੰਘ ਈ.ਟੀ.ਓ. ਅਤੇ ਹਰਦੀਪ ਸਿੰਘ ਮੁੰਡੀਆਂ ਨੇ ਵੀ ਸਰਕਾਰ ਦਾ ਪੱਖ ਪੂਰਿਆ। ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਸਪੱਸ਼ਟ ਕੀਤਾ ਕਿ ਕੋਈ ਵੀ ਲਾਲਚ ਜਾਂ ਦਬਾਅ ਉਨ੍ਹਾਂ ਨੂੰ ਆਪਣੀ ਪਾਰਟੀ ਛੱਡਣ ਲਈ ਮਜਬੂਰ ਨਹੀਂ ਕਰ ਸਕਦਾ।

Latest News