ਬੁੜੈਲ ਜੇਲ੍ਹ ਕਾਂਡ ਦਾ ਹਵਾਲਾ ਦੇ ਕੇ CBI ਨੇ ਹਾਈਕੋਰਟ ਵਿੱਚ ਰੱਖਿਆ ਪੱਖ

ਬੁੜੈਲ ਜੇਲ੍ਹ ਕਾਂਡ ਦਾ ਹਵਾਲਾ ਦੇ ਕੇ CBI ਨੇ ਹਾਈਕੋਰਟ ਵਿੱਚ ਰੱਖਿਆ ਪੱਖ

ਜਗਤਾਰ ਸਿੰਘ ਹਵਾਰਾ ਵੱਲੋਂ ਦਾਇਰ ਕੀਤੀ ਗਈ ਪੈਰੋਲ ਪਟੀਸ਼ਨ ਦਾ ਵਿਰੋਧ ਕਰਦਿਆਂ ਸੈਂਟਰਲ ਬਿਊਰੋ ਆਫ ਇਨਵੈਸਟੀਗੇਸ਼ਨ (CBI) ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਆਪਣਾ ਜਵਾਬ ਦਾਖਲ ਕੀਤਾ ਹੈ। ਸੀਬੀਆਈ ਨੇ ਅਦਾਲਤ ਨੂੰ ਕਿਹਾ ਹੈ ਕਿ ਜੇਕਰ ਹਵਾਰਾ ਨੂੰ ਪੈਰੋਲ ਦਿੱਤੀ ਜਾਂਦੀ ਹੈ ਤਾਂ ਉਸਦੇ ਫ਼ਰਾਰ ਹੋਣ ਦੀ ਸੰਭਾਵਨਾ ਬਣ ਸਕਦੀ ਹੈ। ਸੀਬੀਆਈ ਨੇ ਆਪਣੇ ਜਵਾਬ ਵਿੱਚ ਸਾਲ 2004 ਦੇ ਬੁੜੈਲ ਜੇਲ੍ਹ ਕਾਂਡ ਦਾ ਹਵਾਲਾ ਦਿੰਦਿਆਂ ਦਲੀਲ ਦਿੱਤੀ ਕਿ ਜਗਤਾਰ ਸਿੰਘ ਹਵਾਰਾ ਪਹਿਲਾਂ ਵੀ ਜੇਲ੍ਹ ਤੋਂ ਭੱਜ ਚੁੱਕਿਆ ਹੈ। ਏਜੰਸੀ ਅਨੁਸਾਰ, ਅਜਿਹੇ ਹਾਲਾਤਾਂ ਵਿੱਚ ਉਸ ਨੂੰ ਪੈਰੋਲ ਦੇਣਾ ਸੁਰੱਖਿਆ ਪੱਖੋਂ ਠੀਕ ਨਹੀਂ ਹੋਵੇਗਾ ਅਤੇ ਇਸ ਨਾਲ ਕਾਨੂੰਨ-ਵਿਵਸਥਾ ਲਈ ਵੀ ਖ਼ਤਰਾ ਪੈਦਾ ਹੋ ਸਕਦਾ ਹੈ। ਦੱਸਣਯੋਗ ਹੈ ਕਿ ਹਵਾਰਾ ਨੇ ਕੁਝ ਸਮੇਂ ਲਈ ਪੈਰੋਲ ਦੀ ਮੰਗ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਇਸ ਪਟੀਸ਼ਨ ‘ਤੇ ਹੁਣ ਸੀਬੀਆਈ ਨੇ ਆਪਣਾ ਪੱਖ ਰੱਖਿਆ ਹੈ। ਸੀਬੀਆਈ ਦੇ ਜਵਾਬ ਨੂੰ ਰਿਕਾਰਡ ‘ਤੇ ਲੈਂਦੇ ਹੋਏ ਹਾਈਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ 3 ਜੂਨ ਤੱਕ ਮੁਲਤਵੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਦਾਇਰ ਕੀਤੀ ਗਈ ਅਰਜ਼ੀ ਵਿੱਚ ਜਗਤਾਰ ਸਿੰਘ ਹਵਾਰਾ ਨੇ ਪਰਿਵਾਰਕ ਕਾਰਨਾਂ ਦਾ ਹਵਾਲਾ ਦਿੰਦਿਆਂ ਚਾਰ ਹਫ਼ਤਿਆਂ ਦੀ ਪੈਰੋਲ ਦੀ ਮੰਗ ਕੀਤੀ ਸੀ। ਉਨ੍ਹਾਂ ਨੇ ਅਦਾਲਤ ਨੂੰ ਦੱਸਿਆ ਸੀ ਕਿ ਉਹ ਪਿਛਲੇ 28 ਸਾਲ 9 ਮਹੀਨਿਆਂ ਤੋਂ ਜੇਲ੍ਹ ਵਿੱਚ ਬੰਦ ਹਨ ਅਤੇ ਇਸ ਤੋਂ ਪਹਿਲਾਂ ਕਦੇ ਵੀ ਪੈਰੋਲ ਲਈ ਅਰਜ਼ੀ ਨਹੀਂ ਦਿੱਤੀ। ਆਪਣੀ ਪਟੀਸ਼ਨ ਵਿੱਚ ਹਵਾਰਾ ਨੇ ਇਹ ਵੀ ਕਿਹਾ ਸੀ ਕਿ ਉਨ੍ਹਾਂ ਦੀ ਮਾਤਾ ਇਸ ਵੇਲੇ ਬਿਮਾਰ ਹਨ ਅਤੇ ਉਹ ਉਨ੍ਹਾਂ ਦੀ ਦੇਖਭਾਲ ਕਰਨਾ ਚਾਹੁੰਦੇ ਹਨ। ਜਾਣਕਾਰੀ ਮੁਤਾਬਕ, ਉਨ੍ਹਾਂ ਦੀ 81 ਸਾਲਾ ਮਾਤਾ ਪਾਰਕਿੰਸਨਜ਼ ਅਤੇ ਹਾਈਪਰਟੈਨਸ਼ਨ ਵਰਗੀਆਂ ਬਿਮਾਰੀਆਂ ਨਾਲ ਪੀੜਤ ਹੈ। ਜ਼ਿਕਰਯੋਗ ਹੈ ਕਿ ਜਗਤਾਰ ਸਿੰਘ ਹਵਾਰਾ ਇਸ ਸਮੇਂ ਦਿੱਲੀ ਦੀ ਮੰਡੋਲੀ ਕੇਂਦਰੀ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਹੈ।