ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਬਚਾਉਣ ਲਈ ਪੰਥਕ ਰਾਏ ਬਨਾਉਣ ਦੀ ਕੋਸ਼ਿਸ਼

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਬਚਾਉਣ ਲਈ ਪੰਥਕ ਰਾਏ ਬਨਾਉਣ ਦੀ ਕੋਸ਼ਿਸ਼

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਰੋਕਣ ਲਈ ਕਾਨੂੰਨ ਬਣਾਉਣ ਦੇ ਮਸਲੇ ’ਤੇ ਸਾਰੀਆਂ ਸਿੱਖ ਜਥੇਬੰਦੀਆਂ ਨੂੰ ਇਕੱਤਰ ਕਰਨ ਲਈ 6 ਅਪਰੈਲ ਨੂੰ ਸਵੇਰੇ 11 ਵਜੇ ਅੰਮ੍ਰਿਤਸਰ ਦੇ SGPC ਮੁੱਖ ਦਫ਼ਤਰ ਵਿੱਚ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਮੀਟਿੰਗ ਸੱਦੀ ਹੈ। ਇਸ ਗੱਲ ਦਾ ਪ੍ਰਗਟਾਵਾ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ SGPC ਮੈਂਬਰਾਂ ਨਾਲ ਮੀਟਿੰਗ ਦੇ ਬਾਅਦ ਪੱਤਰਕਾਰਾਂ ਨੂੰ ਦੱਸਿਆ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਸੰਜੀਦਾ ਮਾਮਲਾ ਹੈ ਅਤੇ ਇਸ ‘ਤੇ ਸਾਂਝੀ ਪੰਥਕ ਰਾਏ ਬਹੁਤ ਜ਼ਰੂਰੀ ਹੈ। ਐਡਵੋਕੇਟ ਧਾਮੀ ਨੇ ਦੱਸਿਆ ਕਿ ਇਸ ਇਕੱਤਰਤਾ ਵਿੱਚ ਨਿਹੰਗ ਸਿੰਘ ਦਲਾਂ, ਦਮਦਮੀ ਟਕਸਾਲ, ਸਿੱਖ ਸੰਸਥਾਵਾਂ, ਸਿੱਖ ਵਿਦਵਾਨ, ਸਿੱਖ ਜੱਜ ਅਤੇ ਵਕੀਲ, ਸਿੱਖ ਮਿਸ਼ਨਰੀ ਕਾਲਜ, ਸਿੰਘ ਸਭਾ, ਫੈਡਰੇਸ਼ਨ, ਸਮੂਹ ਸਿੱਖ ਸੰਪਰਦਾਵਾਂ ਦੇ ਮੁਖੀ, ਨਿਰਮਲੇ, ਉਦਾਸੀ, ਸੇਵਾ ਪੰਥੀ ਅਤੇ ਕਾਰਸੇਵਾ ਵਾਲੇ ਮਹਾਂਪੁਰਸ਼ ਸ਼ਾਮਲ ਹੋਣਗੇ। ਉਨ੍ਹਾਂ ਜ਼ੋਰ ਦਿੱਤਾ ਕਿ ਪੰਜਾਬ ਸਰਕਾਰ ਬੇਅਦਬੀਆਂ ਰੋਕਣ ਲਈ ਸਖ਼ਤ ਕਾਨੂੰਨ ਬਾਰੇ ਸਪਸ਼ਟ ਨਹੀਂ ਹੈ। ਧਾਰਮਿਕ ਗ੍ਰੰਥ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਵੱਡਾ ਫਰਕ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਜਾਗਤ ਜੋਤ ਗੁਰੂ ਵਜੋਂ ਮੰਨਣਾ, ਉਸ ਦੀ ਮਹਾਨਤਾ ਅਤੇ ਆਭਾ ਦੀ ਸੁਰੱਖਿਆ ਬਹੁਤ ਜ਼ਰੂਰੀ ਹੈ। ਇਸੇ ਕਾਰਨ SGPC ਨੇ ਸਾਰੀਆਂ ਸਿੱਖ ਜਥੇਬੰਦੀਆਂ ਅਤੇ ਸੰਸਥਾਵਾਂ ਨੂੰ ਇਕੱਤਰ ਕਰਨ ਦਾ ਫੈਸਲਾ ਕੀਤਾ ਹੈ ਤਾਂ ਜੋ ਪੰਥਕ ਰਾਏ ਤਿਆਰ ਕੀਤੀ ਜਾ ਸਕੇ।