ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬ ਦੇ ਹਿੱਸੇ ਨੂੰ ਢਾਹੁਣ 'ਤੇ ਭਾਰਤ ਨੇ ਜਤਾਇਆ ਰੋਸ
- ਦੇਸ਼
- (Asia/Kolkata)
ਭਾਰਤ ਨੇ ਪਾਕਿਸਤਾਨ ਵਿੱਚ ਘੱਟ ਗਿਣਤੀ ਭਾਈਚਾਰਿਆਂ ਅਤੇ ਉਨ੍ਹਾਂ ਦੇ ਧਾਰਮਿਕ ਅਸਥਾਨਾਂ 'ਤੇ ਹੋ ਰਹੇ ਹਮਲਿਆਂ ਨੂੰ ਲੈ ਕੇ ਗੰਭੀਰ ਚਿੰਤਾ ਜਤਾਉਂਦਿਆਂ ਪਾਕਿਸਤਾਨ ਦੀ ਨਿੰਦਾ ਕੀਤੀ ਹੈ। ਇਸ ਦੇ ਨਾਲ ਹੀ ਭਾਰਤ ਨੇ ਪਾਕਿਸਤਾਨ ਦੇ ਫਾਰੂਕਾਬਾਦ ਸਥਿਤ 125 ਸਾਲ ਪੁਰਾਣੇ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬ ਦੇ ਇੱਕ ਹਿੱਸੇ ਨੂੰ ਢਾਹੇ ਜਾਣ ਦੀਆਂ ਰਿਪੋਰਟਾਂ 'ਤੇ ਸਖ਼ਤ ਇਤਰਾਜ਼ ਦਰਜ ਕਰਵਾਇਆ ਹੈ। ਭਾਰਤ ਨੇ ਇਸ ਘਟਨਾ ਨੂੰ ਬਹੁਤ ਹੀ ਨਿੰਦਣਯੋਗ ਅਤੇ ਜਾਣਬੁੱਝ ਕੇ ਕੀਤੀ ਗਈ ਭੰਨਤੋੜ ਦੀ ਕਾਰਵਾਈ ਕਰਾਰ ਦਿੰਦਿਆਂ ਮੰਗ ਕੀਤੀ ਹੈ ਕਿ ਇਸ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਤੁਰੰਤ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਕੇ ਸਜ਼ਾ ਦਿੱਤੀ ਜਾਵੇ। ਨਾਲ ਹੀ ਇਹ ਵੀ ਮੰਗ ਕੀਤੀ ਗਈ ਹੈ ਕਿ ਗੁਰਦੁਆਰੇ ਦੇ ਜਿਸ ਹਿੱਸੇ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ, ਉਸ ਦਾ ਜਲਦ ਤੋਂ ਜਲਦ ਮੁੜ ਨਿਰਮਾਣ ਕੀਤਾ ਜਾਵੇ। ਬੁੱਧਵਾਰ ਨੂੰ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਸਰਕਾਰ ਨੇ ਫਾਰੂਕਾਬਾਦ ਸਥਿਤ ਇਤਿਹਾਸਕ 125 ਸਾਲ ਪੁਰਾਣੇ ਪਵਿੱਤਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬ ਦੇ ਇੱਕ ਹਿੱਸੇ ਨੂੰ ਢਾਹੇ ਜਾਣ ਸਬੰਧੀ ਆਈਆਂ ਰਿਪੋਰਟਾਂ ਦਾ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਭਾਰਤ ਇਸ ਸਤਿਕਾਰਯੋਗ ਸਿੱਖ ਧਾਰਮਿਕ ਅਸਥਾਨ ਵਿਰੁੱਧ ਕੀਤੀ ਗਈ ਇਸ ਭੰਨਤੋੜ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਥਾਨਕ ਪ੍ਰਸ਼ਾਸਨ ਜਾਂ ਇਵੈਕਿਊ ਟਰੱਸਟ ਪ੍ਰਾਪਰਟੀ ਬੋਰਡ ਵੱਲੋਂ ਇਸ ਮਾਮਲੇ ਵਿੱਚ ਕੋਈ ਠੋਸ ਕਾਰਵਾਈ ਨਾ ਕੀਤੇ ਜਾਣ ਦੀਆਂ ਰਿਪੋਰਟਾਂ, ਅਤੇ ਗੁਰਦੁਆਰੇ ਨੂੰ ਪਹੁੰਚੇ ਨੁਕਸਾਨ ਦੀ ਘਟਨਾ, ਦੋਵੇਂ ਹੀ ਗੰਭੀਰ ਚਿੰਤਾ ਦਾ ਵਿਸ਼ਾ ਹਨ।
Leave a Reply