ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅਦਾਲਤ ਤੋਂ ਵੱਡਾ ਝਟਕਾ, ਜ਼ਮਾਨਤ ਅਰਜ਼ੀ ਰੱਦ

ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅਦਾਲਤ ਤੋਂ ਵੱਡਾ ਝਟਕਾ, ਜ਼ਮਾਨਤ ਅਰਜ਼ੀ ਰੱਦ

ਪੰਜਾਬ ਦੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਵੀਰਵਾਰ ਨੂੰ ਅਦਾਲਤ ਤੋਂ ਵੱਡਾ ਝਟਕਾ ਲੱਗਿਆ ਹੈ। ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਡਾ. ਗਗਨਦੀਪ ਸਿੰਘ ਰੰਧਾਵਾ ਨੂੰ ਖੁਦਕੁਸ਼ੀ ਲਈ ਕਥਿਤ ਤੌਰ 'ਤੇ ਉਕਸਾਉਣ ਦੇ ਮਾਮਲੇ ਵਿੱਚ ਦਾਇਰ ਕੀਤੀ ਗਈ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਅਦਾਲਤ ਨੇ ਰੱਦ ਕਰ ਦਿੱਤੀ ਹੈ। ਸੁਣਵਾਈ ਦੌਰਾਨ ਡਾ. ਰੰਧਾਵਾ ਦੇ ਪਰਿਵਾਰ ਦੀ ਨੁਮਾਇੰਦਗੀ ਕਰ ਰਹੇ ਵਕੀਲ ਨੇ ਦਲੀਲ ਦਿੱਤੀ ਕਿ ਲਾਲਜੀਤ ਸਿੰਘ ਭੁੱਲਰ ਦਾ ਕਾਫ਼ੀ ਸਿਆਸੀ ਪ੍ਰਭਾਵ ਹੈ। ਉਨ੍ਹਾਂ ਨੂੰ ਜ਼ਮਾਨਤ ਮਿਲਣ ਦੀ ਸੂਰਤ ਵਿੱਚ ਉਹ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ ਜਾਂ ਮੁਕੱਦਮੇ ਦੀ ਕਾਰਵਾਈ ਵਿੱਚ ਦਖ਼ਲਅੰਦਾਜ਼ੀ ਕਰ ਸਕਦੇ ਹਨ। ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸੰਜੀਵ ਕੁੰਡੀ ਦੀ ਅਦਾਲਤ ਨੇ ਇਨ੍ਹਾਂ ਦਲੀਲਾਂ ਨੂੰ ਸਵੀਕਾਰ ਕਰਦਿਆਂ ਭੁੱਲਰ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ। ਇਸ ਮਾਮਲੇ ਵਿੱਚ ਭੁੱਲਰ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਉਨ੍ਹਾਂ ਦੇ ਸਾਬਕਾ ਨਿੱਜੀ ਸਹਾਇਕ (ਪੀ.ਏ.) ਦਿਲਬਾਗ ਸਿੰਘ ਵੀ ਮੁਲਜ਼ਮ ਹਨ। ਹਾਲਾਂਕਿ, ਦੋਵਾਂ ਦੀ ਅਜੇ ਤੱਕ ਗ੍ਰਿਫ਼ਤਾਰੀ ਨਹੀਂ ਹੋ ਸਕੀ ਹੈ। ਦੂਜੇ ਪਾਸੇ, ਪੀੜਤ ਪਰਿਵਾਰ ਨੇ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ ਹੈ। ਇਸ ਪਟੀਸ਼ਨ 'ਤੇ ਵੀਰਵਾਰ ਨੂੰ ਸੁਣਵਾਈ ਹੋਣੀ ਹੈ। ਗੌਰਤਲਬ ਹੈ ਕਿ ਮ੍ਰਿਤਕ ਜ਼ਿਲ੍ਹਾ ਮੈਨੇਜਰ ਡਾ. ਗਗਨਦੀਪ ਸਿੰਘ ਰੰਧਾਵਾ ਨੇ ਖੁਦਕੁਸ਼ੀ ਤੋਂ ਪਹਿਲਾਂ ਇੱਕ ਵੀਡੀਓ ਜਾਰੀ ਕਰਕੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ 'ਤੇ ਪ੍ਰੇਸ਼ਾਨ ਕਰਨ ਅਤੇ ਧਮਕੀਆਂ ਦੇਣ ਦੇ ਗੰਭੀਰ ਦੋਸ਼ ਲਗਾਏ ਸਨ। ਇਸ ਤੋਂ ਬਾਅਦ ਪੁਲਿਸ ਨੇ ਖੁਦਕੁਸ਼ੀ ਲਈ ਉਕਸਾਉਣ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ। ਮ੍ਰਿਤਕ ਦੀ ਪਤਨੀ ਦੀ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਉਨ੍ਹਾਂ ਦੇ ਨਿੱਜੀ ਸਹਾਇਕ ਦਿਲਬਾਗ ਸਿੰਘ ਵਿਰੁੱਧ ਐਫਆਈਆਰ ਦਰਜ ਕੀਤੀ ਹੈ। ਪੁਲਿਸ ਇਸ ਸਮੇਂ ਮਾਮਲੇ ਦੀ ਜਾਂਚ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਪੁਲਿਸ ਨੇ 23 ਮਾਰਚ ਨੂੰ ਲਾਲਜੀਤ ਸਿੰਘ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ।