ਪੰਜਾਬ ਵਿਜੀਲੈਂਸ ਦੀ ਕਾਰਵਾਈ: ਐੱਸਐੱਸਪੀ ਦਫ਼ਤਰ ਦਾ ਕਰਮਚਾਰੀ 10,000 ਰੁਪਏ ਲੈਂਦਿਆਂ ਫੜਿਆ ਗਿਆ
- ਪੰਜਾਬ
- (Asia/Kolkata)
ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੇ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬਰਨਾਲਾ ਵਿੱਚ ਇੱਕ ਸਰਕਾਰੀ ਕਰਮਚਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੀ.ਆਰ.ਸੀ. ਸ਼ਾਖਾ, ਐੱਸਐੱਸਪੀ ਦਫ਼ਤਰ ਬਰਨਾਲਾ ਵਿੱਚ ਤਾਇਨਾਤ ਸੀਨੀਅਰ ਸਹਾਇਕ ਦਵਿੰਦਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਦੇ ਮੁਤਾਬਕ ਇਹ ਕਾਰਵਾਈ ਪਿੰਡ ਦਾਨਗੜ੍ਹ, ਜ਼ਿਲ੍ਹਾ ਬਰਨਾਲਾ ਦੇ ਇੱਕ ਨਿਵਾਸੀ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ। ਸ਼ਿਕਾਇਤਕਰਤਾ ਸਹਾਇਕ ਸਬ-ਇੰਸਪੈਕਟਰ ਵਜੋਂ ਸੇਵਾ ਨਿਭਾ ਰਿਹਾ ਹੈ ਅਤੇ ਉਸਨੇ ਆਪਣੀ ਸਰਕਾਰੀ ਸੇਵਾ ਵਿੱਚ ਵਾਧਾ ਲੈਣ ਲਈ ਬੇਨਤੀ ਕੀਤੀ ਸੀ। ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਕਿ ਦੋਸ਼ੀ ਸੀਨੀਅਰ ਸਹਾਇਕ ਨੇ ਸੇਵਾ ਕਾਲ ਵਿੱਚ ਵਾਧਾ ਕਰਵਾਉਣ ਵਿੱਚ ਮਦਦ ਕਰਨ ਦੇ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੇ ਕੇ ਆਪਣਾ ਕੰਮ ਕਰਵਾਉਣਾ ਠੀਕ ਨਹੀਂ ਸਮਝਿਆ ਅਤੇ ਇਸ ਸਬੰਧੀ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਕੋਲ ਸ਼ਿਕਾਇਤ ਦਰਜ ਕਰਵਾਈ। ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਟੀਮ ਨੇ ਜਾਲ ਬਿਛਾ ਕੇ ਕਾਰਵਾਈ ਕੀਤੀ। ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਦੋਸ਼ੀ ਦਵਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਮਾਮਲੇ ਸਬੰਧੀ ਦੋਸ਼ੀ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Leave a Reply