ਖੰਨਾ ਯੂਰੀਆ ਮਾਮਲਾ: ਕੈਟਲ ਫੀਡ ਪਲਾਂਟ ਦੇ ਅਧਿਕਾਰੀਆਂ ਸਣੇ ਕਈਆਂ ਖ਼ਿਲਾਫ਼ ਪੁਲਿਸ ਕਾਰਵਾਈ

ਖੰਨਾ ਯੂਰੀਆ ਮਾਮਲਾ: ਕੈਟਲ ਫੀਡ ਪਲਾਂਟ ਦੇ ਅਧਿਕਾਰੀਆਂ ਸਣੇ ਕਈਆਂ ਖ਼ਿਲਾਫ਼ ਪੁਲਿਸ ਕਾਰਵਾਈ

ਪੰਜਾਬ ਵਿੱਚ ਸਬਸਿਡੀ ਵਾਲੇ ਯੂਰੀਆ ਦੀ ਕਥਿਤ ਦੁਰਵਰਤੋਂ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਕਾਰਵਾਈ ਕਰਦਿਆਂ ਖੰਨਾ ਦੇ ਐੱਸਐੱਸਪੀ ਡਾ. ਦਰਪਨ ਆਹਲੂਵਾਲੀਆ ਦੀ ਅਗਵਾਈ ਹੇਠ ਇਸ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਦਰਜ ਕੀਤੀ ਗਈ ਐਫਆਈਆਰ ਵਿੱਚ ਖੰਨਾ ਕੈਟਲ ਫੀਡ ਪਲਾਂਟ ਦੇ ਜਨਰਲ ਮੈਨੇਜਰ ਸੁਰਜੀਤ ਸਿੰਘ ਭਦੌੜ ਦੇ ਨਾਲ-ਨਾਲ ਪਲਾਂਟ ਨਾਲ ਸਬੰਧਤ ਹੋਰ ਅਧਿਕਾਰੀਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਗਿੱਦੜਬਾਹਾ ਅਤੇ ਨਵੀਂ ਦਿੱਲੀ ਸਥਿਤ ਯੂਰੀਆ ਸਪਲਾਈ ਕਰਨ ਵਾਲੀਆਂ ਕੰਪਨੀਆਂ ਦੇ ਮਾਲਕਾਂ ਦੇ ਨਾਮ ਵੀ ਐਫਆਈਆਰ ਵਿੱਚ ਸ਼ਾਮਲ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਖੇਤੀਬਾੜੀ ਵਿਕਾਸ ਅਧਿਕਾਰੀ ਗੁਰਪ੍ਰੀਤ ਕੌਰ ਦੇ ਬਿਆਨ ਦੇ ਆਧਾਰ 'ਤੇ ਖੰਨਾ ਸਿਟੀ ਪੁਲਿਸ ਸਟੇਸ਼ਨ-2 ਵਿੱਚ ਇਹ ਮਾਮਲਾ ਦਰਜ ਕੀਤਾ ਗਿਆ ਹੈ। ਸੁਰਜੀਤ ਸਿੰਘ ਭਦੌੜ ਤੋਂ ਇਲਾਵਾ ਖੰਨਾ ਕੈਟਲ ਫੀਡ ਪਲਾਂਟ ਨਾਲ ਜੁੜੇ ਹੋਰ ਅਧਿਕਾਰੀਆਂ ਨੂੰ ਵੀ ਇਸ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਹੈ। ਐਫਆਈਆਰ ਵਿੱਚ ਗਿੱਦੜਬਾਹਾ ਸਥਿਤ ਇੱਕ ਕੰਪਨੀ ਦੇ ਮਾਲਕ ਅਤੇ ਨਵੀਂ ਦਿੱਲੀ ਸਥਿਤ ਮੈਸਰਜ਼ ਮਨੀਸ਼ਾ ਟ੍ਰੇਡਿੰਗ ਕੰਪਨੀ ਨਾਲ ਜੁੜੇ ਇੱਕ ਵਿਅਕਤੀ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਤੇਜ਼ ਕਰ ਦਿੱਤੀ ਹੈ। ਅਧਿਕਾਰੀਆਂ ਮੁਤਾਬਕ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ 'ਤੇ ਹੋਰ ਅਧਿਕਾਰੀਆਂ ਅਤੇ ਸਬੰਧਤ ਧਿਰਾਂ ਨੂੰ ਵੀ ਇਸ ਮਾਮਲੇ ਵਿੱਚ ਨਾਮਜ਼ਦ ਕੀਤੇ ਜਾਣ ਦੀ ਸੰਭਾਵਨਾ ਹੈ।