Daily Suraj

ਪੰਜਾਬੀ

34 ਸਾਲ ਪੁਰਾਣੇ ਅਗਵਾ ਮਾਮਲੇ ’ਚ ਸੀਬੀਆਈ ਅਦਾਲਤ ਦਾ ਵੱਡਾ ਫ਼ੈਸਲਾ, ਸਾਬਕਾ ਪੁਲੀਸ ਅਧਿਕਾਰੀ ਦੋਸ਼ੀ

12 Nov, 2026 03:55 PM

ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ 34 ਸਾਲ ਪੁਰਾਣੇ ਟਰਾਂਸਪੋਰਟਰ ਅਮਰੀਕ ਸਿੰਘ ਸਾਕਰੀ ਨੂੰ ਅਗਵਾ ਕਰਨ ਅਤੇ ਲਾਪਤਾ ਕਰਨ ਦੇ ਮਾਮਲੇ ਵਿੱਚ ਪੰਜਾਬ ਪੁਲੀਸ ਦੇ ਸਾਬਕਾ ਐੱਸਐੱਸਪੀ ਗੁਰਮੀਤ ਸਿੰਘ ਰੰਧਾਵਾ ਨੂੰ ਦੋਸ਼ੀ ਕਰਾਰ ਦਿੱਤਾ ਹੈ। ਇਹ ਮਾਮਲਾ ਲੁਧਿਆਣਾ ਵਿੱਚ ਇੱਕ ਵਿਆਹ ਸਮਾਗਮ ਦੌਰਾਨ ਟਰਾਂਸਪੋਰਟਰ ਨੂੰ ਅਗਵਾ ਕਰਨ ਨਾਲ ਸਬੰਧਤ ਹੈ। ਅਦਾਲਤ ਵੱਲੋਂ 12 ਨਵੰਬਰ ਨੂੰ ਉਨ੍ਹਾਂ ਨੂੰ ਸਜ਼ਾ ਸੁਣਾਈ ਜਾਵੇਗੀ। ਇਸੇ ਮਾਮਲੇ ਵਿੱਚ ਸਬੰਧਤ ਪੁਲੀਸ ਅਧਿਕਾਰੀ ਦੇ ਸੁਰੱਖਿਆ ਗਾਰਡ ਪਰਮਿੰਦਰਜੀਤ ਸਿੰਘ ਨੂੰ ਸ਼ੱਕ ਦਾ ਲਾਭ ਦਿੰਦਿਆਂ ਬਰੀ ਕਰ ਦਿੱਤਾ ਗਿਆ ਹੈ।
 

ਪੀੜਤ ਪਰਿਵਾਰ ਦੇ ਵਕੀਲ ਸਰਬਜੀਤ ਸਿੰਘ ਵੇਰਕਾ ਅਤੇ ਹੋਰ ਵਕੀਲਾਂ ਮੁਤਾਬਕ, ਇਹ ਘਟਨਾ 25 ਨਵੰਬਰ 1992 ਦੀ ਹੈ। ਉਸ ਦਿਨ ਤਰਨ ਤਾਰਨ ਪੁਲੀਸ ਦੀ ਇੱਕ ਟੀਮ ਨੇ ਲੁਧਿਆਣਾ ਸਥਿਤ ਹੋਟਲ ਅਮਲਤਾਸ਼ ਵਿੱਚੋਂ ਅਮਰੀਕ ਸਿੰਘ ਸਾਕਰੀ ਨੂੰ ਹਿਰਾਸਤ ਵਿੱਚ ਲਿਆ ਸੀ। ਉਹ ਉੱਥੇ ਆਪਣੀ ਭਾਣਜੀ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਗਏ ਹੋਏ ਸਨ। ਇਸ ਤੋਂ ਬਾਅਦ ਉਨ੍ਹਾਂ ਦਾ ਕੋਈ ਪਤਾ ਨਹੀਂ ਲੱਗ ਸਕਿਆ।
 

ਇਸ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਸੀਬੀਆਈ ਨੇ ਸਾਲ 2000 ਵਿੱਚ ਕੇਸ ਦਰਜ ਕੀਤਾ ਸੀ। ਸਾਲ 2001 ਵਿੱਚ ਜਾਂਚ ਏਜੰਸੀ ਨੇ ਤਤਕਾਲੀ ਡੀਐੱਸਪੀ (ਡੀ) ਤਰਨ ਤਾਰਨ ਗੁਰਮੀਤ ਸਿੰਘ, ਤਤਕਾਲੀ ਐੱਸਐੱਚਓ ਖਾਲੜਾ ਇੰਸਪੈਕਟਰ ਸੂਬਾ ਸਿੰਘ, ਐੱਸਆਈ ਸੁਰਿੰਦਰ ਸਿੰਘ, ਸਿਪਾਹੀ ਪਰਮਿੰਦਰਜੀਤ ਸਿੰਘ ਉਰਫ਼ ਬੱਬੂ ਅਤੇ ਏਐੱਸਆਈ ਜਸਵੰਤ ਸਿੰਘ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਸੀ।
 

ਚਾਰਜਸ਼ੀਟ ਵਿੱਚ ਦੱਸਿਆ ਗਿਆ ਸੀ ਕਿ 25 ਨਵੰਬਰ 1992 ਨੂੰ ਤਰਨ ਤਾਰਨ ਪੁਲੀਸ ਦੀ ਟੀਮ ਨੇ ਅਮਰੀਕ ਸਿੰਘ ਸਾਕਰੀ ਨੂੰ ਲੁਧਿਆਣਾ ਦੇ ਹੋਟਲ ਅਮਲਤਾਸ਼ ਤੋਂ ਚੁੱਕਿਆ ਸੀ। ਇਸ ਘਟਨਾ ਤੋਂ ਬਾਅਦ ਉਨ੍ਹਾਂ ਦੇ ਲਾਪਤਾ ਹੋਣ ਸਬੰਧੀ ਪਰਿਵਾਰ ਵੱਲੋਂ ਲੰਬੀ ਕਾਨੂੰਨੀ ਲੜਾਈ ਲੜੀ ਗਈ।
 

ਸਾਲ 1996 ਵਿੱਚ ਅਮਰੀਕ ਸਿੰਘ ਦੀ ਪਤਨੀ ਨੇ ਸੁਪਰੀਮ ਕੋਰਟ ਵਿੱਚ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਸੀ। ਇਸੇ ਸਾਲ ਸੁਪਰੀਮ ਕੋਰਟ ਨੇ ਪੰਜਾਬ ਪੁਲੀਸ ਵੱਲੋਂ ਵੱਡੀ ਗਿਣਤੀ ਵਿੱਚ ਲਾਸ਼ਾਂ ਨੂੰ ਲਾਵਾਰਿਸ ਅਤੇ ਅਣਪਛਾਤੀਆਂ ਦੱਸ ਕੇ ਸਸਕਾਰ ਕਰਨ ਦੇ ਮਾਮਲਿਆਂ ਦੀ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਸਨ। ਇਸ ਤੋਂ ਬਾਅਦ ਸਾਕਰੀ ਦੇ ਲਾਪਤਾ ਹੋਣ ਦਾ ਮਾਮਲਾ ਵੀ ਸੀਬੀਆਈ ਨੇ ਆਪਣੇ ਹੱਥਾਂ ਵਿੱਚ ਲੈ ਲਿਆ ਸੀ।
 

ਮੁਲਜ਼ਮਾਂ ਵਿਰੁੱਧ ਸਾਲ 2000 ਵਿੱਚ ਦੋਸ਼ ਤੈਅ ਕੀਤੇ ਗਏ ਸਨ, ਪਰ ਵੱਖ-ਵੱਖ ਅਦਾਲਤੀ ਨਿਰਦੇਸ਼ਾਂ ਕਾਰਨ ਇਸ ਮਾਮਲੇ ਦੀ ਸੁਣਵਾਈ ਕਰੀਬ 22 ਸਾਲ ਤੱਕ ਰੁਕੀ ਰਹੀ। ਵਕੀਲਾਂ ਅਨੁਸਾਰ, ਸਾਲ 2022 ਵਿੱਚ ਜਦੋਂ ਮੁਕੱਦਮੇ ਦੀ ਸੁਣਵਾਈ ਮੁੜ ਸ਼ੁਰੂ ਹੋਈ ਤਾਂ ਸੀਬੀਆਈ ਵੱਲੋਂ ਅਦਾਲਤ ਵਿੱਚ ਪੇਸ਼ ਕੀਤੇ ਗਏ ਸਾਰੇ ਸਬੂਤਾਂ ਦਾ ਰਿਕਾਰਡ ਗਾਇਬ ਪਾਇਆ ਗਿਆ।
 

ਇਸ ਤੋਂ ਬਾਅਦ ਹਾਈ ਕੋਰਟ ਦੇ ਹੁਕਮਾਂ ’ਤੇ ਸਬੂਤਾਂ ਦਾ ਰਿਕਾਰਡ ਮੁੜ ਇਕੱਠਾ ਕੀਤਾ ਗਿਆ। ਮੁਕੱਦਮੇ ਦੌਰਾਨ ਕੁੱਲ 47 ਗਵਾਹਾਂ ਦਾ ਹਵਾਲਾ ਦਿੱਤਾ ਗਿਆ ਸੀ, ਪਰ ਅਦਾਲਤੀ ਕਾਰਵਾਈ ਦੌਰਾਨ ਸਿਰਫ਼ 16 ਗਵਾਹ ਹੀ ਪੇਸ਼ ਹੋ ਸਕੇ। ਸੁਣਵਾਈ ਲੰਬੇ ਸਮੇਂ ਤੱਕ ਰੁਕਣ ਕਾਰਨ ਬਹੁਤ ਸਾਰੇ ਗਵਾਹਾਂ ਦੀ ਮੌਤ ਹੋ ਚੁੱਕੀ ਸੀ।
 

ਇਸੇ ਦੌਰਾਨ ਮਾਮਲੇ ਦੇ ਤਿੰਨ ਹੋਰ ਮੁਲਜ਼ਮਾਂ ਏਐੱਸਆਈ ਜਸਵੰਤ ਸਿੰਘ, ਐੱਸਆਈ ਸੁਰਿੰਦਰ ਸਿੰਘ ਅਤੇ ਇੰਸਪੈਕਟਰ ਸੂਬਾ ਸਿੰਘ ਦੀ ਵੀ ਮੌਤ ਹੋ ਗਈ ਸੀ। ਇਸ ਕਾਰਨ ਇਨ੍ਹਾਂ ਤਿੰਨਾਂ ਵਿਰੁੱਧ ਅਦਾਲਤੀ ਕਾਰਵਾਈ ਬੰਦ ਕਰ ਦਿੱਤੀ ਗਈ।
 

ਹੁਣ ਵਿਸ਼ੇਸ਼ ਸੀਬੀਆਈ ਅਦਾਲਤ ਨੇ ਸਾਬਕਾ ਐੱਸਐੱਸਪੀ ਗੁਰਮੀਤ ਸਿੰਘ ਰੰਧਾਵਾ ਨੂੰ ਦੋਸ਼ੀ ਕਰਾਰ ਦਿੱਤਾ ਹੈ, ਜਦਕਿ ਪਰਮਿੰਦਰਜੀਤ ਸਿੰਘ ਨੂੰ ਸ਼ੱਕ ਦਾ ਲਾਭ ਦੇ ਕੇ ਬਰੀ ਕਰ ਦਿੱਤਾ ਗਿਆ ਹੈ। ਰੰਧਾਵਾ ਨੂੰ 12 ਨਵੰਬਰ ਨੂੰ ਸਜ਼ਾ ਸੁਣਾਈ ਜਾਵੇਗੀ।

Latest News