Daily Suraj

ਪੰਜਾਬੀ

ਮਜੀਠਾ ਤੋਂ ਮੁੜ ਸ਼ੁਰੂ ਹੋਵੇਗੀ ‘ਲੋਕ ਮਿਲਣੀ’, ਵੱਡੇ ਸਿਆਸੀ ਆਗੂਆਂ ਦੇ ਪਿੰਡਾਂ ’ਚ ਪਹੁੰਚਣਗੇ ਭਗਵੰਤ

24 Aug, 2026 07:34 AM

ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆਉਣ ਦੇ ਨਾਲ ਸੂਬੇ ਦੀ ਸਿਆਸਤ ਵਿੱਚ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਲੋਕ ਮਿਲਣੀ’ ਪ੍ਰੋਗਰਾਮਾਂ ਦਾ ਦੂਜਾ ਪੜਾਅ ਸ਼ੁਰੂ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਵਾਰ ਇਹ ਪ੍ਰੋਗਰਾਮ ਸੂਬੇ ਦੇ ਪ੍ਰਮੁੱਖ ਸਿਆਸੀ ਆਗੂਆਂ ਨਾਲ ਜੁੜੇ ਪਿੰਡਾਂ ਵਿੱਚ ਕਰਨ ਦੀ ਰਣਨੀਤੀ ਬਣਾਈ ਜਾ ਰਹੀ ਹੈ। ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ 26 ਅਗਸਤ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਪਰਿਵਾਰਕ ਹਲਕੇ ਮਜੀਠਾ ਵਿੱਚ ਲੋਕ ਮਿਲਣੀ ਕਰਨਗੇ। ਇਸ ਤੋਂ ਬਾਅਦ 27 ਅਗਸਤ ਨੂੰ ਕਰਤਾਰਪੁਰ ਹਲਕੇ ਵਿੱਚ ਪ੍ਰੋਗਰਾਮ ਹੋਵੇਗਾ, ਜਦਕਿ 28 ਅਗਸਤ ਨੂੰ ਮੁਹਾਲੀ ਜਾਂ ਖਰੜ ਹਲਕੇ ਵਿੱਚ ਲੋਕ ਮਿਲਣੀ ਕਰਵਾਏ ਜਾਣ ਦੀ ਯੋਜਨਾ ਹੈ। ਇਸ ਤੋਂ ਇਲਾਵਾ ਬਾਦਲ ਪਰਿਵਾਰ ਦੇ ਪੁਰਖਿਆਂ ਦੇ ਪਿੰਡ ਘੁੱਦਾ, ਜੋ ਬਠਿੰਡਾ ਦਿਹਾਤੀ ਹਲਕੇ ਵਿੱਚ ਪੈਂਦਾ ਹੈ, ਵਿੱਚ ਵੀ ਲੋਕ ਮਿਲਣੀ ਕਰਵਾਉਣ ਦੀ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਵੱਲੋਂ ਕੁਝ ਸਮਾਂ ਪਹਿਲਾਂ ਬਠਿੰਡਾ ਦਿਹਾਤੀ ਤੋਂ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਗੋਪਾਲ ਸਿੰਘ, ਸਾਬਕਾ ਪੀ.ਸੀ.ਐੱਸ. ਅਧਿਕਾਰੀ, ਨੂੰ ਸੌਂਪੀ ਗਈ ਹੈ। ਇਸੇ ਤਰ੍ਹਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁਰਖਿਆਂ ਦੇ ਪਿੰਡ ਮਹਿਰਾਜ ਵਿੱਚ ਵੀ ਮੁੱਖ ਮੰਤਰੀ ਵੱਲੋਂ ਲੋਕ ਮਿਲਣੀ ਕਰਨ ਦੀ ਵਿਉਂਤ ਬਣਾਈ ਜਾ ਰਹੀ ਹੈ। ਮਹਿਰਾਜ ਹਲਕਾ ਰਾਮਪੁਰਾ ਫੂਲ ਵਿੱਚ ਪੈਂਦਾ ਹੈ ਅਤੇ ਇਹ ਇਸ ਹਲਕੇ ਦਾ ਸਭ ਤੋਂ ਵੱਡਾ ਪਿੰਡ ਹੈ। ਦੱਸਿਆ ਜਾਂਦਾ ਹੈ ਕਿ ਮਹਿਰਾਜ ਹਲਕੇ ਦੀ ਚੋਣੀ ਸਿਆਸਤ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦਾ ਹੈ। ਸਿਆਸੀ ਹਲਕਿਆਂ ਮੁਤਾਬਕ ਵੱਡੇ ਆਗੂਆਂ ਦੇ ਪਿੰਡਾਂ ਵਿੱਚ ਜਾ ਕੇ ਲੋਕ ਮਿਲਣੀ ਕਰਨ ਪਿੱਛੇ ਇੱਕ ਸਿਆਸੀ ਸੁਨੇਹਾ ਦੇਣ ਦੀ ਰਣਨੀਤੀ ਵੀ ਮੰਨੀ ਜਾ ਰਹੀ ਹੈ। ਆਮ ਆਦਮੀ ਪਾਰਟੀ ਵੱਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵਿਰੋਧੀ ਧਿਰਾਂ ਖ਼ਿਲਾਫ਼ ਆਪਣਾ ਸਿਆਸੀ ਰੁਖ਼ ਹੋਰ ਤੇਜ਼ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਲੋਕ ਮਿਲਣੀ ਪ੍ਰੋਗਰਾਮ ਰੁਕੇ ਹੋਏ ਸਨ। ਮੌਨਸੂਨ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵੱਲੋਂ ਇਨ੍ਹਾਂ ਪ੍ਰੋਗਰਾਮਾਂ ਨੂੰ ਕੁਝ ਸਮੇਂ ਲਈ ਮੁਲਤਵੀ ਕੀਤਾ ਗਿਆ ਸੀ। ਹੁਣ ਦੂਜੇ ਪੜਾਅ ਤਹਿਤ ਇਹ ਪ੍ਰੋਗਰਾਮ 26 ਅਗਸਤ ਤੋਂ ਮੁੜ ਸ਼ੁਰੂ ਹੋਣ ਜਾ ਰਹੇ ਹਨ। ਇਸ ਵਾਰ ਲੋਕ ਮਿਲਣੀ ਲਈ ਚੁਣੇ ਜਾ ਰਹੇ ਸਿਆਸੀ ਤੌਰ ’ਤੇ ਅਹਿਮ ਪਿੰਡਾਂ ਕਾਰਨ ਇਨ੍ਹਾਂ ਪ੍ਰੋਗਰਾਮਾਂ ਨੂੰ ਵਿਸ਼ੇਸ਼ ਸਿਆਸੀ ਮਹੱਤਤਾ ਮਿਲ ਰਹੀ ਹੈ।

Posted By: Daily Suraj Bureau

Latest News