Daily Suraj

ਪੰਜਾਬੀ

ਪੰਜਾਬ ਸਮੇਤ ਕਈ ਰਾਜਾਂ ਵਿੱਚ ਗਰਮੀ ਦਾ ਪ੍ਰਕੋਪ, ਲੂ ਚੱਲਣ ਦੀ ਸੰਭਾਵਨਾ

16 Apr, 2026 03:34 PM

ਦੇਸ਼ ਭਰ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਤਾਪਮਾਨ ਵਿੱਚ ਤੇਜ਼ ਵਾਧਾ ਦਰਜ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਇਸ ਵੇਲੇ ਕੋਈ ਵੀ ਸਰਗਰਮ ਪੱਛਮੀ ਗੜਬੜੀ ਨਾ ਹੋਣ ਕਾਰਨ ਦਿਨ ਦਾ ਤਾਪਮਾਨ ਲਗਾਤਾਰ ਵਧੇਗਾ ਅਤੇ ਜਲਦੀ ਹੀ 40 ਡਿਗਰੀ ਸੈਲਸੀਅਸ ਨੂੰ ਪਾਰ ਕਰ ਸਕਦਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਜਾਣਕਾਰੀ ਦਿੱਤੀ ਹੈ ਕਿ ਇਸ ਹਫ਼ਤੇ ਦੌਰਾਨ ਉੱਤਰ-ਪੱਛਮੀ, ਮੱਧ ਅਤੇ ਪੂਰਬੀ ਭਾਰਤ ਵਿੱਚ ਤਾਪਮਾਨ ਆਮ ਨਾਲੋਂ ਵੱਧ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੱਧ, ਪੂਰਬੀ, ਪੱਛਮੀ ਅਤੇ ਦੱਖਣੀ ਭਾਰਤ ਦੇ ਕਈ ਖੇਤਰਾਂ ਵਿੱਚ ਲੂਆਂ ਚੱਲਣ, ਵਧੇਰੀ ਗਰਮੀ ਅਤੇ ਨਮੀ ਵਾਲੇ ਮੌਸਮ ਦੇ ਹਾਲਾਤ ਬਣ ਸਕਦੇ ਹਨ। ਬੁੱਧਵਾਰ ਨੂੰ ਮਹਾਰਾਸ਼ਟਰ ਦੇ ਅਕੋਲਾ ਅਤੇ ਕਰਨਾਟਕ ਦੇ ਕਲਬੁਰਗੀ ਵਿੱਚ ਸਭ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸਦੇ ਉਲਟ ਪੰਜਾਬ ਦੇ ਗੁਰਦਾਸਪੁਰ ਵਿੱਚ ਘੱਟੋ-ਘੱਟ ਤਾਪਮਾਨ 14.5 ਡਿਗਰੀ ਸੈਲਸੀਅਸ ਰਿਹਾ। ਮੌਸਮ ਵਿਭਾਗ ਦੇ ਅਨੁਸਾਰ 16 ਅਪਰੈਲ ਦੀ ਰਾਤ ਤੋਂ ਇੱਕ ਕਮਜ਼ੋਰ ਪੱਛਮੀ ਗੜਬੜੀ ਪੱਛਮੀ ਹਿਮਾਲਿਆਈ ਖੇਤਰ ਨੂੰ ਪ੍ਰਭਾਵਿਤ ਕਰ ਸਕਦੀ ਹੈ। ਇਸ ਦੇ ਕਾਰਨ 16 ਤੋਂ 19 ਅਪਰੈਲ ਦੇ ਦਰਮਿਆਨ ਜੰਮੂ-ਕਸ਼ਮੀਰ ਅਤੇ ਲਦਾਖ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ 17 ਅਪਰੈਲ ਨੂੰ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। IMD ਨੇ ਕਿਹਾ ਹੈ ਕਿ 15 ਤੋਂ 18 ਅਪਰੈਲ ਦੇ ਵਿਚਕਾਰ ਉੱਤਰ-ਪੱਛਮੀ ਭਾਰਤ ਵਿੱਚ ਵੱਧ ਤੋਂ ਵੱਧ ਤਾਪਮਾਨ 3 ਤੋਂ 4 ਡਿਗਰੀ ਸੈਲਸੀਅਸ ਤੱਕ ਵਧ ਸਕਦਾ ਹੈ, ਜਦਕਿ 15 ਤੋਂ 20 ਅਪਰੈਲ ਦੇ ਵਿਚਕਾਰ ਮੱਧ ਭਾਰਤ ਵਿੱਚ 2 ਤੋਂ 3 ਡਿਗਰੀ ਸੈਲਸੀਅਸ ਤੱਕ ਵਾਧਾ ਹੋਣ ਦੀ ਉਮੀਦ ਹੈ। ਉੱਤਰ-ਪੂਰਬੀ ਭਾਰਤ ਵਿੱਚ ਵੀ ਤਾਪਮਾਨ ਵਧਣ ਦੇ ਆਸਾਰ ਹਨ। ਇਸ ਹਫ਼ਤੇ ਦੌਰਾਨ ਮੱਧ ਪ੍ਰਦੇਸ਼, ਮਹਾਰਾਸ਼ਟਰ ਦੇ ਵਿਦਰਭ ਖੇਤਰ, ਉੱਤਰੀ ਅੰਦਰੂਨੀ ਕਰਨਾਟਕ, ਛੱਤੀਸਗੜ੍ਹ ਅਤੇ ਤਿਲੰਗਾਨਾ ਦੇ ਕੁਝ ਹਿੱਸਿਆਂ ਵਿੱਚ ਹੀਟਵੇਵ ਦੀ ਸਥਿਤੀ ਬਣ ਸਕਦੀ ਹੈ। ਇਸ ਦੇ ਨਾਲ ਹੀ ਪੱਛਮੀ ਬੰਗਾਲ, ਉੜੀਸਾ, ਤੱਟੀ ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਗੁਜਰਾਤ, ਤਾਮਿਲਨਾਡੂ, ਪੁਡੂਚੇਰੀ, ਕਰਨਾਟਕ ਅਤੇ ਕੇਰਲਾ ਵਿੱਚ ਗਰਮ ਅਤੇ ਨਮੀ ਵਾਲੇ ਹਾਲਾਤ ਬਣੇ ਰਹਿਣ ਦੀ ਸੰਭਾਵਨਾ ਹੈ।

Posted By: Daily Suraj Bureau

Latest News