Daily Suraj

ਪੰਜਾਬੀ

ਰਾਜਾ ਵੜਿੰਗ ਨੇ ਸੀਐੱਮ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ, ਫੋਰੈਂਸਿਕ ਰਿਪੋਰਟ 'ਤੇ ਵੀ ਚੁੱਕੇ ਸਵਾਲ

25 Jun, 2026 09:27 AM

ਪੰਜਾਬ ਕਾਂਗਰਸ ਨੇ ਵਿਵਾਦਤ ਵੀਡੀਓ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਆਪਣਾ ਹਮਲਾ ਹੋਰ ਤਿੱਖਾ ਕਰ ਦਿੱਤਾ ਹੈ। ਅਕਾਲ ਤਖ਼ਤ ਦੇ ਹੁਕਮਾਂ ਦਾ ਹਵਾਲਾ ਦਿੰਦਿਆਂ ਪਾਰਟੀ ਨੇ ਮੁੱਖ ਮੰਤਰੀ ਤੋਂ ਤੁਰੰਤ ਅਸਤੀਫ਼ੇ ਦੀ ਮੰਗ ਕੀਤੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਸਾਂਝੀ ਪ੍ਰੈੱਸ ਕਾਨਫਰੰਸ ਕਰਕੇ ਸਰਕਾਰ ਨੂੰ ਇਸ ਮਾਮਲੇ 'ਤੇ ਘੇਰਿਆ। ਕਾਂਗਰਸ ਆਗੂਆਂ ਨੇ ਨਵੇਂ ਬੇਅਦਬੀ ਵਿਰੋਧੀ ਕਾਨੂੰਨ ਤਹਿਤ ਮੁੱਖ ਮੰਤਰੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਉਹਨਾਂ ਪੁਲੀਸ ਅਧਿਕਾਰੀਆਂ ਨੂੰ ਬਰਖ਼ਾਸਤ ਕਰਨ ਦੀ ਵੀ ਮੰਗ ਕੀਤੀ, ਜਿਨ੍ਹਾਂ 'ਤੇ ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਲਈ ਕਥਿਤ ਤੌਰ 'ਤੇ ਝੂਠੀ ਫੋਰੈਂਸਿਕ ਰਿਪੋਰਟ ਹਾਸਲ ਕਰਨ ਦੇ ਦੋਸ਼ ਹਨ। ਫੋਰੈਂਸਿਕ ਰਿਪੋਰਟ 'ਤੇ ਚੁੱਕੇ ਸਵਾਲ ਰਾਜਾ ਵੜਿੰਗ ਨੇ ਕਿਹਾ ਕਿ ਗੁਰੂਗ੍ਰਾਮ ਦੀ ਫੋਰੈਂਸਿਕ ਲੈਬ ਨਾਲ ਸਬੰਧਤ ਰਿਪੋਰਟ ਦੇ ਮਾਮਲੇ ਵਿੱਚ ਦਰਜ ਹੋਏ ਕੇਸ ਤੋਂ ਬਾਅਦ ਸੱਚ ਸਾਹਮਣੇ ਆ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹਰਿਆਣਾ ਪੁਲੀਸ ਵੱਲੋਂ ਕੇਸ ਦਰਜ ਕੀਤੇ ਜਾਣ ਨਾਲ ਪੰਜਾਬ ਪੁਲੀਸ ਦੇ ਸੀਨੀਅਰ ਅਧਿਕਾਰੀਆਂ ਦੀ ਦੇਖ-ਰੇਖ ਹੇਠ ਤਿਆਰ ਕੀਤੀ ਗਈ ਰਿਪੋਰਟ ਬੇਨਕਾਬ ਹੋ ਗਈ ਹੈ। ਉਨ੍ਹਾਂ ਕਿਹਾ ਕਿ 15 ਜੂਨ ਨੂੰ ਅਕਾਲ ਤਖ਼ਤ ਵੱਲੋਂ ਮੁੱਖ ਮੰਤਰੀ ਨੂੰ 'ਗੁਰੂ ਦੋਖੀ' ਐਲਾਨਿਆ ਗਿਆ ਸੀ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਅਕਾਲ ਤਖ਼ਤ ਅੱਗੇ ਪੇਸ਼ ਹੋ ਕੇ ਸਮੁੱਚੀ ਸੰਗਤ ਤੋਂ ਮੁਆਫ਼ੀ ਮੰਗਣ। ਸੀਨੀਅਰ ਪੁਲੀਸ ਅਧਿਕਾਰੀਆਂ ਖ਼ਿਲਾਫ਼ ਵੀ ਕਾਰਵਾਈ ਦੀ ਮੰਗ ਪ੍ਰੈੱਸ ਕਾਨਫਰੰਸ ਦੌਰਾਨ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਤੋਂ ਇਲਾਵਾ ਪੰਜਾਬ ਪੁਲੀਸ ਦੇ ਸੀਨੀਅਰ ਅਧਿਕਾਰੀ ਸਵਪਨ ਸ਼ਰਮਾ ਅਤੇ ਜਸ਼ਨਪ੍ਰੀਤ ਸਿੰਘ ਖ਼ਿਲਾਫ਼ ਵੀ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਗੁਰੂਗ੍ਰਾਮ ਦੀ ਫੋਰੈਂਸਿਕ ਲੈਬ ਨੂੰ ਸਰਕਾਰੀ ਖ਼ਜ਼ਾਨੇ ਵਿੱਚੋਂ ਕੀਤੀ ਗਈ ਅਦਾਇਗੀ ਦੀ ਵੀ ਜਾਂਚ ਕਰਵਾਈ ਜਾਵੇ। 'ਆਪ' ਸਰਕਾਰ 'ਤੇ ਸਾਧਿਆ ਨਿਸ਼ਾਨਾ ਸਾਬਕਾ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਭਾਜਪਾ ਅਤੇ ਆਮ ਆਦਮੀ ਪਾਰਟੀ ਇੱਕੋ ਸਿੱਕੇ ਦੇ ਦੋ ਪਹਿਲੂ ਹਨ। ਉਨ੍ਹਾਂ ਸਾਰੇ ਵਿਵਾਦਾਂ ਦੀ ਜੜ੍ਹ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਦੱਸਿਆ। ਇਸ ਮੌਕੇ ਕਾਂਗਰਸੀ ਆਗੂ ਵਿਜੈਇੰਦਰ ਸਿੰਗਲਾ ਅਤੇ ਸੁਖਪਾਲ ਖਹਿਰਾ ਨੇ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕੇ। ਚਰਨਜੀਤ ਸਿੰਘ ਚੰਨੀ ਨੇ ਬਾਈਕਾਟ ਦਾ ਦਿੱਤਾ ਸੱਦਾ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੱਦਾ ਉਠਾਏ ਜਾਣ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਨੇ ਵੀ ਅਕਾਲ ਤਖ਼ਤ ਦੇ ਹੁਕਮਾਂ ਅਨੁਸਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਮਾਜਿਕ ਅਤੇ ਸਿਆਸੀ ਬਾਈਕਾਟ ਦਾ ਐਲਾਨ ਕੀਤਾ ਹੈ। ਉਨ੍ਹਾਂ ਦੁਹਰਾਇਆ ਕਿ ਇਸ ਮਾਮਲੇ ਵਿੱਚ ਮੁੱਖ ਮੰਤਰੀ ਖ਼ਿਲਾਫ਼ ਪੁਲੀਸ ਕੇਸ ਦਰਜ ਹੋਣਾ ਚਾਹੀਦਾ ਹੈ ਅਤੇ ਲੋਕਾਂ ਨੂੰ ਵੀ ਉਨ੍ਹਾਂ ਦਾ ਬਾਈਕਾਟ ਕਰਨ ਦੀ ਅਪੀਲ ਕੀਤੀ।

Posted By: Daily Suraj Bureau

Latest News