Daily Suraj

ਪੰਜਾਬੀ

ਯੋਗ ਸੰਸਥਾਵਾਂ ਨੂੰ ਅਨਾਜ ਤੇ ਬਜ਼ੁਰਗਾਂ ਨੂੰ ਪੈਨਸ਼ਨ ਮੁਹੱਈਆ ਕਰਵਾਉਣ ‘ਤੇ ਚਰਚਾ

27 Feb, 2026 05:52 PM

ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਪਹਿਲਕਦਮੀ ‘ਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦਾ ਮੁੱਖ ਉਦੇਸ਼ ਖੁਰਾਕ ਸੁਰੱਖਿਆ, ਪੋਸ਼ਣ ਅਤੇ ਸਮਾਜਿਕ ਭਲਾਈ ਨਾਲ ਜੁੜੀਆਂ ਸਰਕਾਰੀ ਯੋਜਨਾਵਾਂ ਦੀ ਪ੍ਰਭਾਵਸ਼ਾਲੀ ਅਮਲਦਾਰੀ ਨੂੰ ਹੋਰ ਮਜ਼ਬੂਤ ਬਣਾਉਣਾ ਸੀ। ਮੀਟਿੰਗ ਵਿੱਚ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ, ਮੈਂਬਰ ਸ਼੍ਰੀ ਵਿਜੇ ਦੱਤ ਅਤੇ ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਦੀ ਅਗਵਾਈ ਹੇਠ ਵਫ਼ਦ ਨੇ ਭਾਗ ਲਿਆ। ਸਮਾਜਿਕ ਸੁਰੱਖਿਆ ਵਿਭਾਗ ਦੇ ਸਕੱਤਰ ਸ਼੍ਰੀ ਗੁਰਕਿਰਤ ਕ੍ਰਿਪਾਲ, ਆਈ.ਏ.ਐਸ., ਅਤੇ ਡਾਇਰੈਕਟਰ ਸ੍ਰੀਮਤੀ ਸ਼ੇਨਾ ਅਗਰਵਾਲ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਡਾ. ਬਲਜੀਤ ਕੌਰ ਨੇ ਖੁਰਾਕ ਸੁਰੱਖਿਆ ਅਤੇ ਪੋਸ਼ਣ ਨਾਲ ਜੁੜੇ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕਰਦਿਆਂ ਕਿਹਾ ਕਿ ਸਰਕਾਰ ਦੀ ਖੁਰਾਕ ਸੁਰੱਖਿਆ ਯੋਜਨਾ ਤਹਿਤ ਯੋਗ ਸੰਸਥਾਵਾਂ ਨੂੰ ਪ੍ਰਤੀ ਵਿਅਕਤੀ ਪ੍ਰਤੀ ਮਹੀਨਾ 15 ਕਿਲੋਗ੍ਰਾਮ ਅਨਾਜ ਸਬਸਿਡੀ ਦਰਾਂ ‘ਤੇ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਇਹ ਸਹੂਲਤ ਪਿੰਗਲਵਾੜਾ ਸੰਸਥਾਵਾਂ, ਬਿਰਧ ਆਸ਼ਰਮਾਂ, ਬੇਸਹਾਰਾ ਘਰਾਂ ਸਮੇਤ ਮਾਨਤਾ ਪ੍ਰਾਪਤ ਭਲਾਈ ਸੰਸਥਾਵਾਂ, ਅਨੁਸੂਚਿਤ ਜਾਤੀ ਦੀਆਂ ਵਿਦਿਆਰਥਣਾਂ ਲਈ ਹੋਸਟਲਾਂ ਅਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਸਕੂਲਾਂ ਤੱਕ ਨਿਰੰਤਰ ਵਧਾਈ ਜਾਣੀ ਚਾਹੀਦੀ ਹੈ।

 ਇਸ ਤੋਂ ਇਲਾਵਾ, ਬਿਰਧ ਆਸ਼ਰਮਾਂ ਵਿੱਚ ਰਹਿੰਦੇ ਯੋਗ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ ਦੇਣ ਅਤੇ ਪਿੰਗਲਵਾੜਾ ਸਮੇਤ ਹੋਰ ਗੈਰ-ਮਾਨਤਾ ਪ੍ਰਾਪਤ ਸੰਸਥਾਵਾਂ ਦੇ ਨਿਵਾਸੀਆਂ ਨੂੰ ਮਿਡ-ਡੇ-ਮੀਲ ਸਕੀਮ ਦੇ ਲਾਭ ਪ੍ਰਦਾਨ ਕਰਨ ਸਬੰਧੀ ਵੀ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ। ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਨੇ ਆਂਗਣਵਾੜੀ ਕੇਂਦਰਾਂ ਦੀ ਮੁਰੰਮਤ ਅਤੇ ਨਵੇਂ ਨਿਰਮਾਣ ਦੀ ਲੋੜ ਉੱਭਾਰੀ। ਇਸ ਸਬੰਧੀ ਡਾ. ਬਲਜੀਤ ਕੌਰ ਨੇ ਵਿਭਾਗਾਂ ਦਰਮਿਆਨ ਬਿਹਤਰ ਤਾਲਮੇਲ ਦੀ ਅਹਿਮੀਅਤ ‘ਤੇ ਜ਼ੋਰ ਦਿੱਤਾ, ਤਾਂ ਜੋ ਉਪਲਬਧ ਫੰਡਾਂ ਦੀ ਜਨਤਕ ਹਿੱਤ ਵਿੱਚ ਪ੍ਰਭਾਵਸ਼ਾਲੀ ਅਤੇ ਸਮੇਂ-ਸਿਰ ਵਰਤੋਂ ਯਕੀਨੀ ਬਣਾਈ ਜਾ ਸਕੇ। ਮੀਟਿੰਗ ਵਿੱਚ ਪੋਸ਼ਣ ਵਾਟਿਕਾ ਯੋਜਨਾ ਤਹਿਤ ਰਸੋਈ ਅਤੇ ਔਸ਼ਧੀ ਬਾਗ ਵਿਕਸਤ ਕਰਨ, ਆਂਗਣਵਾੜੀ ਵਰਕਰਾਂ ਨੂੰ ਨਿਯਮਤ ਸਿਖਲਾਈ ਪ੍ਰਦਾਨ ਕਰਨ ਅਤੇ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆਉਣ ਲਈ ਉਨ੍ਹਾਂ ਨੂੰ ਮੋਬਾਈਲ ਫੋਨ ਉਪਲਬਧ ਕਰਵਾਉਣ ਸਬੰਧੀ ਸੁਝਾਵਾਂ ‘ਤੇ ਵੀ ਵਿਚਾਰ ਕੀਤਾ ਗਿਆ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ-ਕਲਿਆਣਕਾਰੀ ਨੀਤੀਆਂ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਾਰਦਰਸ਼ੀ, ਸਮੇਂ-ਸਿਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਕਮਿਸ਼ਨ ਵੱਲੋਂ ਦਿੱਤੇ ਗਏ ਸਾਰੇ ਸੁਝਾਵਾਂ ‘ਤੇ ਗੰਭੀਰਤਾ ਨਾਲ ਵਿਚਾਰ ਕਰਕੇ ਉਨ੍ਹਾਂ ਨੂੰ ਪੜਾਅਵਾਰ ਢੰਗ ਨਾਲ ਲਾਗੂ ਕੀਤਾ ਜਾਵੇਗਾ ਅਤੇ ਜਨਤਕ ਹਿੱਤ ਵਿੱਚ ਲੋੜੀਂਦੇ ਕਦਮ ਚੁੱਕੇ ਜਾਣਗੇ। ਮੀਟਿੰਗ ਵਿੱਚ ਖੁਰਾਕ ਸਿਵਲ ਸਪਲਾਈ ਅਤੇ ਉਪਭੋਗਤਾ ਮਾਮਲੇ ਵਿਭਾਗ ਤੋਂ ਸੀਨੀਅਰ ਆਈ.ਏ.ਐਸ. ਅਧਿਕਾਰੀ ਸ਼੍ਰੀ ਕਮਲ ਕੁਮਾਰ ਗਰਗ, ਮਿਡ-ਡੇ-ਮੀਲ ਸਕੀਮ ਦੇ ਇੰਚਾਰਜ ਜਨਰਲ ਮੈਨੇਜਰ ਸ਼੍ਰੀ ਵਰਿੰਦਰ ਬਰਾੜ ਅਤੇ ਸਮਾਜਿਕ ਸੁਰੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Posted By: Daily Suraj Bureau

Latest News