ਪੰਜਾਬ ਸ਼ਹੀਦੀ ਸਭਾ ਦਾ ਅੱਜ ਦੂਜਾ ਦਿਨ: ਪਹਿਲੇ ਦਿਨ ਲੱਖਾਂ ਦੀ ਗਿਣਤੀ ‘ਚ ਨਤਮਸਤਕ ਹੋਈ ਸੰਗਤ
- ਪੰਜਾਬ
- (Asia/Kolkata)
ਚੰਡੀਗੜ੍ਹ,
ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੀ ਸ਼ੁਰੂਆਤ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਅਖੰਡ ਪਾਠ ਦੇ ਆਰੰਭ ਨਾਲ ਹੋਈ। ਇਹ ਉਹ ਪਵਿੱਤਰ ਸਥਾਨ ਹੈ। ਜਿੱਥੇ ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਦਾ ਅੰਤਿਮ ਸੰਸਕਾਰ ਕੀਤਾ ਗਿਆ ਸੀ। ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੀ ਧਰਤੀ ਨੂੰ ਦੁਨੀਆ ਦੀ ਸਭ ਤੋਂ ਮਹਿੰਗੀ ਧਰਤੀ ਵੀ ਕਿਹਾ ਜਾਂਦਾ ਹੈ; ਇੱਥੇ ਦੀਵਾਨ ਟੋਡਰ ਮੱਲ ਨੇ ਸੋਨੇ ਦੀਆਂ ਮੋਹਰਾਂ ਵਿਛਾ ਕੇ ਇਹ ਥਾਂ ਖਰੀਦੀ ਸੀ ਤਾਂ ਜੋ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦਾ ਅੰਤਿਮ ਸੰਸਕਾਰ ਕੀਤਾ ਜਾ ਸਕੇ। ਸਭਾ ਦੇ ਪਹਿਲੇ ਹੀ ਦਿਨ ਦੇਸ਼ ਵਿਦੇਸ਼ ਤੋਂ ਲੱਖਾਂ ਸ਼ਰਧਾਲੂ ਨਤਮਸਤਕ ਹੋਏ।
ਉੱਥੇ ਹੀ ਬੀਤੇ ਦਿਨ ਸ਼ਹੀਦੀ ਸਭਾ ਦੇ ਪਹਿਲੇ ਦਿਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨਤਮਸਤਕ ਹੋਏ ਅਤੇ ਧਾਰਮਿਕ ਸਮਾਗਮ ਦੇ ਸੁਚਾਰੂ, ਸੁਰੱਖਿਅਤ ਅਤੇ ਵਿਵਸਥਿਤ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਬਹੁ-ਪੱਧਰੀ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਨ ਯੋਜਨਾ ਦਾ ਨਿੱਜੀ ਤੌਰ ‘ਤੇ ਜਾਇਜ਼ਾ ਲਿਆ।
ਮੀਡੀਆ ਨਾਲ ਗੱਲਬਾਤ ਕਰਦਿਆਂ, ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੂਰੇ ਖੇਤਰ ਨੂੰ ਯੋਜਨਾਬੱਧ ਢੰਗ ਨਾਲ ਛੇ ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਪੂਰੇ ਸਮਾਗਮ ਦੌਰਾਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਛੇ ਐਸਪੀ ਰੈਂਕ ਦੇ ਅਧਿਕਾਰੀਆਂ ਅਤੇ 24 ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 3400 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
ਡੀਜੀਪੀ (Punjab) ਨੇ ਕਿਹਾ, “ਸਾਡਾ ਮੁੱਖ ਮੰਤਵ ਸੰਗਤ ਦੀ ਸੁਰੱਖਿਆ, ਸਹੂਲਤ ਅਤੇ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣਾ ਹੈ। ਪੰਜਾਬ ਪੁਲਿਸ ਇਸ ਜ਼ਿੰਮੇਵਾਰੀ ਨੂੰ ਸੇਵਾ ਵਜੋਂ ਨਿਭਾ ਰਹੀ ਹੈ ਅਤੇ ਸੰਗਤ ਨੂੰ ਨਿਮਰਤਾ ਅਤੇ ਸਮਰਪਣ ਨਾਲ ਮਾਰਗਦਰਸ਼ਨ ਅਤੇ ਸਹੂਲਤ ਪ੍ਰਦਾਨ ਕੀਤੀ ਜਾਵੇਗੀ।” ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਨੂੰ ਚੌਕਸ ਅਤੇ ਡਿਊਟੀ ਪ੍ਰਤੀ ਵਚਨਬੱਧ ਰਹਿੰਦਿਆਂ ਸ਼ਿਸ਼ਟਾਚਾਰੀ ਅਤੇ ਲੋਕ-ਪੱਖੀ ਪਹੁੰਚ ਅਪਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
Leave a Reply