ਮੋਘਿਆਂ ਦੀ ਮੁਰੰਮਤ ’ਚ ਘਟੀਆ ਮਟੀਰੀਅਲ ਵਰਤਣ ਦਾ ਮਾਮਲਾ, ਵਿਜੀਲੈਂਸ ਦੀ ਕਾਰਵਾਈ

ਮੋਘਿਆਂ ਦੀ ਮੁਰੰਮਤ ’ਚ ਘਟੀਆ ਮਟੀਰੀਅਲ ਵਰਤਣ ਦਾ ਮਾਮਲਾ, ਵਿਜੀਲੈਂਸ ਦੀ ਕਾਰਵਾਈ

ਵਿਜੀਲੈਂਸ ਵਿਭਾਗ ਨੇ ਜਲ ਸਰੋਤ ਵਿਭਾਗ ਮਾਨਸਾ ਦੇ ਇੱਕ ਸੇਵਾ ਮੁਕਤ ਜੂਨੀਅਰ ਇੰਜੀਨੀਅਰ (ਜੇ.ਈ.) ਨੂੰ ਗਬਨ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ। ਦੋਸ਼ ਹੈ ਕਿ ਮੋਘਿਆਂ ਦੀ ਮੁਰੰਮਤ ਅਤੇ ਹੋਰ ਕੰਮਾਂ ਦੌਰਾਨ ਘਟੀਆ ਮਟੀਰੀਅਲ ਦੀ ਵਰਤੋਂ ਕਰਕੇ ਲੱਖਾਂ ਰੁਪਏ ਦਾ ਗਬਨ ਕੀਤਾ ਗਿਆ। ਵਿਭਾਗੀ ਜਾਣਕਾਰੀ ਅਨੁਸਾਰ, ਇਸ ਮਾਮਲੇ ਵਿੱਚ ਜਲ ਸਰੋਤ ਪ੍ਰਬੰਧ ਵਿਭਾਗ ਦੇ ਦੋ ਅਧਿਕਾਰੀਆਂ ਸਮੇਤ ਕੁੱਲ ਛੇ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਹਾਲਾਂਕਿ, ਵਿਜੀਲੈਂਸ ਵੱਲੋਂ ਅਜੇ ਹੋਰ ਦੋਸ਼ੀਆਂ ਦੇ ਨਾਮ ਗੁਪਤ ਰੱਖੇ ਗਏ ਹਨ ਅਤੇ ਉਨ੍ਹਾਂ ਦੀ ਗ੍ਰਿਫਤਾਰੀ ਲਈ ਕਾਰਵਾਈ ਜਾਰੀ ਹੈ। ਵੀਰਵਾਰ ਨੂੰ ਵਿਜੀਲੈਂਸ ਇੰਸਪੈਕਟਰ ਨਗਿੰਦਰ ਸਿੰਘ ਦੀ ਅਗਵਾਈ ਹੇਠ ਬੁਢਲਾਡਾ ਵਿੱਚ ਸੇਵਾ ਮੁਕਤ ਜੇ.ਈ. ਹਰਚਰਨ ਸਿੰਘ ਦੇ ਘਰ ਛਾਪਾ ਮਾਰ ਕੇ ਉਸ ਨੂੰ ਗ੍ਰਿਫਤਾਰ ਕੀਤਾ ਗਿਆ। ਇੰਸਪੈਕਟਰ ਨਗਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਸਾਲ 2018 ਵਿੱਚ ਅਮਰੀਕ ਸਿੰਘ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ। ਲੰਬੀ ਜਾਂਚ-ਪੜਤਾਲ ਤੋਂ ਬਾਅਦ ਇਹ ਸਾਹਮਣੇ ਆਇਆ ਕਿ ਕੰਮਾਂ ਵਿੱਚ ਘਟੀਆ ਮਟੀਰੀਅਲ ਵਰਤਿਆ ਗਿਆ ਸੀ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਪਹੁੰਚਿਆ। ਇਸ ਤੋਂ ਬਾਅਦ 25 ਮਾਰਚ 2026 ਨੂੰ ਸੇਵਾ ਮੁਕਤ ਜੇ.ਈ. ਹਰਚਰਨ ਸਿੰਘ ਸਮੇਤ ਹੋਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ। ਜਾਂਚ ਦੌਰਾਨ ਇਹ ਵੀ ਖੁਲਾਸਾ ਹੋਇਆ ਕਿ ਜਲ ਸਰੋਤ ਪ੍ਰਬੰਧ ਵਿਭਾਗ ਵੱਲੋਂ ਪਿੰਡ ਬੱਛੋਆਣਾ ਵਿੱਚ ਬਣਾਏ ਮੋਘਿਆਂ ਵਿੱਚ ਘਟੀਆ ਮਟੀਰੀਅਲ ਦੀ ਵਰਤੋਂ ਕਰਕੇ ਲਗਭਗ 5 ਲੱਖ 40 ਹਜ਼ਾਰ ਰੁਪਏ ਦਾ ਗਬਨ ਕੀਤਾ ਗਿਆ। ਇਸ ਮਾਮਲੇ ਵਿੱਚ ਹੋਰ ਕਰਮਚਾਰੀਆਂ ਦੀ ਭੂਮਿਕਾ ਵੀ ਸਾਹਮਣੇ ਆਈ ਹੈ। ਵਿਜੀਲੈਂਸ ਵਿਭਾਗ ਦੇ ਅਧਿਕਾਰੀਆਂ ਮੁਤਾਬਕ, ਗ੍ਰਿਫਤਾਰ ਦੋਸ਼ੀ ਤੋਂ ਪੁੱਛਗਿੱਛ ਜਾਰੀ ਹੈ, ਜਦਕਿ ਬਾਕੀ ਨਾਮਜ਼ਦ ਵਿਅਕਤੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।