ਪੰਜਾਬ ਵਿੱਚ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਹੜਤਾਲ ਖਤਮ, ਸਰਕਾਰ ਨੇ ਮੰਨੀਆਂ ਸਾਰੀਆਂ ਮੰਗਾਂ
- ਪੰਜਾਬ
- (Asia/Kolkata)
ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਹੜਤਾਲ ਖਤਮ ਹੋ ਗਈ ਹੈ। ਪੰਜਾਬ ਸਰਕਾਰ ਵੱਲੋਂ ਸਫਾਈ ਸੇਵਕ ਯੂਨੀਅਨ ਪੰਜਾਬ ਦੀਆਂ ਸਾਰੀਆਂ ਮੰਗਾਂ ਮੰਨ ਲਏ ਜਾਣ ਤੋਂ ਬਾਅਦ ਯੂਨੀਅਨ ਨੇ ਸੂਬੇ ਦੀਆਂ ਸਾਰੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਚੱਲ ਰਹੀ ਹੜਤਾਲ ਵਾਪਸ ਲੈਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ। ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਯੂਨੀਅਨ ਦੀਆਂ ਸਾਰੀਆਂ ਮੰਗਾਂ ਸਵੀਕਾਰ ਕਰ ਲਈਆਂ ਗਈਆਂ ਹਨ। ਇਸ ਤੋਂ ਬਾਅਦ ਯੂਨੀਅਨ ਨੇ ਹੜਤਾਲ ਸਮਾਪਤ ਕਰਦਿਆਂ ਅਗਲੇ 24 ਘੰਟਿਆਂ ਵਿੱਚ ਪੰਜਾਬ ਭਰ ਵਿੱਚ ਸਫਾਈ ਕਾਰਜ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਹੜਤਾਲ ਖਤਮ ਹੋਣ ਦੀ ਪੁਸ਼ਟੀ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੀਨੀਅਰ ਆਗੂ ਰਮੇਸ਼ ਕੁਮਾਰ ਨੇ ਵੀ ਕੀਤੀ। ਮੰਤਰੀ ਨੇ ਕਿਹਾ ਕਿ ਸਾਲ 2021 ਵਿੱਚ ਠੇਕੇ ’ਤੇ ਭਰਤੀ ਕੀਤੇ ਗਏ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਬਿਨਾਂ ਕਿਸੇ ਸ਼ਰਤ ਦੇ ਪੱਕਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਇਨ੍ਹਾਂ ਕਰਮਚਾਰੀਆਂ ਨੂੰ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਲਾਗੂ ਤਨਖਾਹ ਸਕੇਲ ਅਤੇ ਨਿਯਮਾਂ ਅਨੁਸਾਰ ਭੱਤੇ ਦਿੱਤੇ ਜਾਣਗੇ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਆਊਟਸੋਰਸ ਆਧਾਰ ’ਤੇ ਲਗਾਤਾਰ ਤਿੰਨ ਸਾਲ ਦੀ ਸੇਵਾ ਪੂਰੀ ਕਰਨ ਵਾਲੇ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਠੇਕੇ ਅਧੀਨ ਲਿਆਂਦਾ ਜਾਵੇਗਾ। ਨਾਲ ਹੀ, 1 ਅਗਸਤ 2026 ਤੋਂ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੇ ਮਿਹਨਤਾਨੇ ਵਿੱਚ ਵਾਧਾ ਕਰਕੇ 20,500 ਰੁਪਏ ਕਰ ਦਿੱਤਾ ਜਾਵੇਗਾ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਯੂਨੀਅਨ ਦੀਆਂ ਹੋਰ ਮੰਗਾਂ ਨੂੰ ਵੀ ਸਵੀਕਾਰ ਕਰ ਲਿਆ ਗਿਆ ਹੈ, ਜਿਸ ਤੋਂ ਬਾਅਦ ਯੂਨੀਅਨ ਨੇ ਹੜਤਾਲ ਖਤਮ ਕਰਨ ਦਾ ਫੈਸਲਾ ਕੀਤਾ ਹੈ। ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੀਨੀਅਰ ਆਗੂ ਰਮੇਸ਼ ਕੁਮਾਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਯੂਨੀਅਨ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਹਨ। ਇਸ ਲਈ ਯੂਨੀਅਨ ਵੱਲੋਂ ਆਪਣੀ ਹੜਤਾਲ ਵਾਪਸ ਲਈ ਜਾ ਰਹੀ ਹੈ ਅਤੇ ਸਫਾਈ ਸੇਵਾਵਾਂ ਮੁੜ ਬਹਾਲ ਕੀਤੀਆਂ ਜਾਣਗੀਆਂ।
Leave a Reply