Daily Suraj

ਪੰਜਾਬੀ

ਪੰਜਾਬ ਵਿੱਚ ਲਗਾਤਾਰ ਧਮਕੀਆਂ ਦਾ ਸਿਲਸਿਲਾ ਜਾਰੀ, ਸਕੂਲਾਂ ‘ਚ ਸੁਰੱਖਿਆ ਕੜੀ

29 Apr, 2026 02:15 PM

ਪੰਜਾਬ ਵਿੱਚ ਸਕੂਲਾਂ ਅਤੇ ਸਰਕਾਰੀ ਸੰਸਥਾਵਾਂ ਨੂੰ ਮਿਲ ਰਹੀਆਂ ਧਮਕੀਆਂ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਤਾਜ਼ਾ ਘਟਨਾ ਪਟਿਆਲਾ ਤੋਂ ਸਾਹਮਣੇ ਆਈ ਹੈ, ਜਿੱਥੇ ਸ਼ਿਵਾਲਿਕ ਪਬਲਿਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਮਾਮਲਾ ਉਸ ਸਮੇਂ ਸਾਹਮਣੇ ਆਇਆ ਹੈ ਜਦੋਂ ਇਕ ਦਿਨ ਪਹਿਲਾਂ ਰਾਜਪੁਰਾ ਦੇ ਨੇੜੇ ਰੇਲਵੇ ਟਰੈਕ ‘ਤੇ ਧਮਾਕੇ ਦੀ ਘਟਨਾ ਵਾਪਰੀ ਸੀ। ਮਿਲੀ ਜਾਣਕਾਰੀ ਅਨੁਸਾਰ, ਸਕੂਲ ਪ੍ਰਬੰਧਨ ਨੂੰ ਇੱਕ ਧਮਕੀ ਭਰੀ ਈਮੇਲ ਪ੍ਰਾਪਤ ਹੋਈ, ਜਿਸ ਵਿੱਚ ਸਕੂਲ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਗਈ ਸੀ। ਇਸ ਤੋਂ ਬਾਅਦ ਸਕੂਲ ਪ੍ਰਬੰਧਕਾਂ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਅਤੇ ਵਿਦਿਆਰਥੀਆਂ ਨੂੰ ਘਰ ਭੇਜ ਦਿੱਤਾ ਗਿਆ। ਧਮਕੀ ਮਿਲਣ ਦੀ ਸੂਚਨਾ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ। ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਹਾਲਾਤ ‘ਤੇ ਨਜ਼ਦੀਕੀ ਨਿਗਰਾਨੀ ਰੱਖੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਦੇ ਕਈ ਸਕੂਲਾਂ ਅਤੇ ਸਰਕਾਰੀ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਲਗਾਤਾਰ ਆ ਰਹੀਆਂ ਇਨ੍ਹਾਂ ਘਟਨਾਵਾਂ ਦੇ ਮੱਦੇਨਜ਼ਰ ਸੁਰੱਖਿਆ ਏਜੰਸੀਆਂ ਅਲਰਟ ‘ਤੇ ਹਨ ਅਤੇ ਹਰ ਜਾਣਕਾਰੀ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਅਫ਼ਵਾਹਾਂ ਤੋਂ ਬਚਿਆ ਜਾਵੇ ਅਤੇ ਕਿਸੇ ਵੀ ਸੰਦੇਹਜਨਕ ਗਤੀਵਿਧੀ ਬਾਰੇ ਤੁਰੰਤ ਸੂਚਨਾ ਦਿੱਤੀ ਜਾਵੇ। ਧਮਕੀ ਦੇ ਸਰੋਤ ਦਾ ਪਤਾ ਲਗਾਉਣ ਲਈ ਟੈਕਨੀਕਲ ਟੀਮਾਂ ਨੂੰ ਵੀ ਤੈਨਾਤ ਕੀਤਾ ਗਿਆ ਹੈ ਅਤੇ ਜਾਂਚ ਜਾਰੀ ਹੈ।

Posted By: Daily Suraj Bureau

Latest News