ਪੱਛਮੀ ਗੜਬੜੀ ਹੋਵੇਗੀ ਸਰਗਰਮ, 18 ਜ਼ਿਲ੍ਹਿਆਂ ਵਿੱਚ ਗਰਜ-ਚਮਕ ਅਤੇ ਮੀਂਹ ਦੀ ਚੇਤਾਵਨੀ
- ਪੰਜਾਬ
- (Asia/Kolkata)
ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਇੱਕ ਵਾਰ ਫਿਰ ਕਰਵਟ ਲੈਣ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ 3 ਜੂਨ ਨੂੰ ਪੱਛਮੀ ਗੜਬੜੀ ਦੇ ਮੁੜ ਸਰਗਰਮ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ, ਗਰਜ-ਚਮਕ ਅਤੇ ਤੇਜ਼ ਹਵਾਵਾਂ ਦਾ ਦੌਰ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਲਈ ਪੰਜਾਬ ਦੇ ਕਈ ਖੇਤਰਾਂ ਵਿੱਚ ਗਰਜ, ਬਿਜਲੀ ਡਿੱਗਣ ਅਤੇ ਮੀਂਹ ਨੂੰ ਲੈ ਕੇ ਸੰਤਰੀ ਚੇਤਾਵਨੀ ਜਾਰੀ ਕੀਤੀ ਹੈ। ਇਸ ਦੌਰਾਨ ਹਵਾ ਦੀ ਰਫ਼ਤਾਰ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ। ਵਿਭਾਗ ਵੱਲੋਂ ਸੂਬੇ ਦੇ 18 ਜ਼ਿਲ੍ਹਿਆਂ ਲਈ ਗਰਜ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਲੁਧਿਆਣਾ ਅਤੇ ਸੰਗਰੂਰ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਮੌਸਮ ਵਿਭਾਗ ਅਨੁਸਾਰ ਦੱਖਣ-ਪੱਛਮੀ ਮਾਨਸੂਨ ਵੀ ਹੌਲੀ-ਹੌਲੀ ਅੱਗੇ ਵਧ ਰਿਹਾ ਹੈ। 4 ਜੂਨ ਦੇ ਆਸ-ਪਾਸ ਕੇਰਲਾ, ਤਾਮਿਲਨਾਡੂ, ਲਕਸ਼ਦੀਪ ਅਤੇ ਬੰਗਾਲ ਦੀ ਖਾੜੀ ਦੇ ਕੁਝ ਹੋਰ ਖੇਤਰਾਂ ਵਿੱਚ ਮਾਨਸੂਨ ਦੇ ਅੱਗੇ ਵਧਣ ਲਈ ਅਨੁਕੂਲ ਸਥਿਤੀਆਂ ਬਣ ਰਹੀਆਂ ਹਨ। ਮੌਸਮ ਵਿਭਾਗ ਦੇ ਨਿਰਦੇਸ਼ਕ ਸੁਰੇਂਦਰ ਪਾਲ ਨੇ ਦੱਸਿਆ ਕਿ 3 ਅਤੇ 4 ਜੂਨ ਦੌਰਾਨ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ ਦੀ ਗਤੀਵਿਧੀ ਵਿੱਚ ਵਾਧਾ ਹੋ ਸਕਦਾ ਹੈ। ਇਸ ਤੋਂ ਬਾਅਦ 5 ਅਤੇ 6 ਜੂਨ ਨੂੰ ਵੀ ਸੂਬੇ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਬਣੀ ਹੋਈ ਹੈ।
Leave a Reply