ਅਜਨਾਲਾ ‘ਚ 480 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ 194 ਕਰੋੜ ਨਾਲ ਹੋਵੇਗਾ – ਧਾਲੀਵਾਲ
(ਆਰ.ਕੇ. ਸੋਨੀ): ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ, ਵਿਧਾਇਕ ਤੇ ਸਾਬਕਾ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਹਲਕਾ ਅਜਨਾਲਾ ਵਿੱਚ ਵਿਕਾਸ ਕਾਰਜ ਜੰਗੀ ਪੱਧਰ ‘ਤੇ ਜਾਰੀ ਹਨ ਅਤੇ ਕਰੀਬ 480 ਕਿਲੋਮੀਟਰ ਲੰਬੀਆਂ 255 ਸੜਕਾਂ ਦਾ 194 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡੇਸ਼ਨ ਅਤੇ ਨਵੀਨੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਸਰਹੱਦੀ ਪਿੰਡ ਸਿੰਘੋਕੇ ਵਿਖੇ 15.88 ਕਰੋੜ ਰੁਪਏ ਦੀ ਲਾਗਤ ਨਾਲ ਵਾਇਆ ਥੋਬਾ ਤੋਂ ਦਰਜਨਾਂ ਪਿੰਡਾਂ ਨੂੰ ਜੋੜਦੀ 14.80 ਕਿਲੋਮੀਟਰ ਲੰਬੀ ਸੜਕ ਦਾ ਨੀਂਹ ਪੱਥਰ ਰੱਖਣ ਮੌਕੇ “ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ” ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੜਕਾਂ ਨੂੰ ਵਿਕਾਸ ਦੀ ਜੀਵਨ ਰੇਖਾ ਮੰਨਿਆ ਜਾਂਦਾ ਹੈ ਅਤੇ ਸਰਕਾਰ ਵੱਲੋਂ ਇਸ ਖੇਤਰ ਵਿੱਚ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਧਾਲੀਵਾਲ ਨੇ ਦੱਸਿਆ ਕਿ ਭਾਰਤ-ਪਾਕਿਸਤਾਨ ਸਰਹੱਦ ਨੇੜੇ ਘੋਹਨੇਵਾਲਾ ਤੋਂ ਗੁਲਗੜ ਤੱਕ 67.59 ਕਰੋੜ ਰੁਪਏ ਦੀ ਲਾਗਤ ਨਾਲ 40 ਕਿਲੋਮੀਟਰ ਲੰਬੇ ਧੁੱਸੀ ਬੰਨ੍ਹ ‘ਤੇ ਸੜਕ ਨਿਰਮਾਣ ਦਾ ਕੰਮ ਵੀ ਸ਼ੁਰੂ ਕੀਤਾ ਗਿਆ ਹੈ, ਜੋ ਕਿ ਆਜ਼ਾਦੀ ਤੋਂ ਬਾਅਦ ਇਸ ਖੇਤਰ ਵਿੱਚ ਪਹਿਲਾ ਵੱਡਾ ਪ੍ਰੋਜੈਕਟ ਹੈ। ਇਸ ਨਾਲ ਦਰਜਨਾਂ ਸਰਹੱਦੀ ਪਿੰਡਾਂ ਦੇ ਵਿਦਿਆਰਥੀਆਂ, ਕਿਸਾਨਾਂ ਅਤੇ ਬੀਐਸਐਫ ਜਵਾਨਾਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਪਹਿਲੇ ਗੇੜ ਵਿੱਚ 2872 ਕਰੋੜ ਰੁਪਏ ਨਾਲ 19 ਹਜ਼ਾਰ ਕਿਲੋਮੀਟਰ ਲਿੰਕ ਸੜਕਾਂ ਨੂੰ 10 ਤੋਂ 18 ਫੁੱਟ ਤੱਕ ਚੌੜਾ ਕਰਨ ਦਾ ਕੰਮ ਲਗਭਗ ਮੁਕੰਮਲ ਕੀਤਾ ਜਾ ਚੁੱਕਾ ਹੈ। ਜਦਕਿ ਚਾਲੂ ਵਿੱਤੀ ਵਰ੍ਹੇ ਦੌਰਾਨ ਦੂਜੇ ਗੇੜ ਵਿੱਚ 40 ਹਜ਼ਾਰ ਕਿਲੋਮੀਟਰ ਪੇਂਡੂ ਸੜਕਾਂ ਦਾ ਨਿਰਮਾਣ 4600 ਕਰੋੜ ਰੁਪਏ ਨਾਲ ਕੀਤਾ ਜਾਵੇਗਾ। ਧਾਲੀਵਾਲ ਨੇ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਹਲਕੇ ਵਿੱਚ ਬੁਨਿਆਦੀ ਢਾਂਚੇ ਲਈ ਵੱਡੇ ਪੱਧਰ ‘ਤੇ ਗ੍ਰਾਂਟਾਂ ਜਾਰੀ ਹੋ ਰਹੀਆਂ ਹਨ। ਲਗਭਗ 20 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਸਕੂਲਾਂ ਵਿੱਚ ਆਧੁਨਿਕ ਕਲਾਸਰੂਮ, ਪਖਾਨੇ ਅਤੇ ਪ੍ਰਯੋਗਸ਼ਾਲਾਵਾਂ ਬਣਾਈਆਂ ਜਾ ਰਹੀਆਂ ਹਨ, ਜਿਸ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਨਿੱਜੀ ਸਕੂਲਾਂ ਵਰਗੀ ਸਹੂਲਤਾਂ ਦਾ ਅਹਿਸਾਸ ਪੈਦਾ ਹੋਇਆ ਹੈ। ਇਸ ਮੌਕੇ ਖੁਸ਼ਪਾਲ ਸਿੰਘ ਧਾਲੀਵਾਲ, ਐਡਵੋਕੇਟ ਅਮਨਦੀਪ ਕੌਰ ਧਾਲੀਵਾਲ, ਮੁਖਤਾਰ ਸਿੰਘ, ਐਸਡੀਓ ਇੰਜੀਨੀਅਰ ਰਾਹੁਲ ਕੁਮਾਰ, ਅਮਿਤ ਔਲ, ਜਸਪਾਲ ਸਿੰਘ ਢਿੱਲੋਂ, ਦਵਿੰਦਰ ਸਿੰਘ ਸੋਨੂੰ, ਰਘੂਦੇਵ ਸਾਰੰਗਦੇਵ, ਪ੍ਰਿਥੀਪਾਲ ਸਿੰਘ ਘੋਹਨੇਵਾਲਾ ਸਮੇਤ ਹੋਰ ਆਗੂ ਅਤੇ ਵੱਡੀ ਗਿਣਤੀ ਵਿੱਚ ਵਲੰਟੀਅਰ ਹਾਜ਼ਰ ਸਨ।
Posted By: Daily Suraj Bureau