Daily Suraj

ਪੰਜਾਬੀ

ਪੇਪਰ ਲੀਕ ਮਾਮਲਿਆਂ ਲਈ ਬਣਨਗੀਆਂ ਫਾਸਟ-ਟਰੈਕ ਅਦਾਲਤਾਂ, ਪ੍ਰਧਾਨ ਮੰਤਰੀ ਮੋਦੀ ਦਾ ਵੱਡਾ ਐਲਾਨ

23 Jul, 2026 10:39 AM

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੇਪਰ ਲੀਕ ਨਾਲ ਜੁੜੇ ਮਾਮਲਿਆਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਅਜਿਹੇ ਮਾਮਲਿਆਂ ਵਿੱਚ ਸ਼ਾਮਲ ਦੋਸ਼ੀਆਂ ਨੂੰ ਜਲਦੀ ਅਤੇ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਦੇਸ਼ ਵਿੱਚ ਫਾਸਟ-ਟਰੈਕ ਅਦਾਲਤਾਂ ਸਥਾਪਤ ਕੀਤੀਆਂ ਜਾਣਗੀਆਂ। ਇਸ ਸਬੰਧੀ ਉਨ੍ਹਾਂ ਨੇ ਸੰਬੰਧਿਤ ਵਿਭਾਗਾਂ ਨੂੰ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਵੀ ਦਿੱਤੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਦੇ ਨੌਜਵਾਨਾਂ ਦਾ ਭਵਿੱਖ ਅਤੇ ਉਨ੍ਹਾਂ ਦੇ ਹਿੱਤ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜੋ ਵੀ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰੇਗਾ, ਉਸ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ। ਇਹ ਜਾਣਕਾਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਕੀਤੀ ਇੱਕ ਪੋਸਟ ਰਾਹੀਂ ਸਾਂਝੀ ਕੀਤੀ। ਸਰਕਾਰ ਦੇ ਇਸ ਐਲਾਨ ਨੂੰ ਵਿਦਿਆਰਥੀਆਂ ਅਤੇ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਉਮੀਦਵਾਰਾਂ ਲਈ ਰਾਹਤ ਵਜੋਂ ਦੇਖਿਆ ਜਾ ਰਿਹਾ ਹੈ। ਪਿਛਲੇ ਸਮੇਂ ਦੌਰਾਨ ਸਾਹਮਣੇ ਆਏ ਪੇਪਰ ਲੀਕ ਦੇ ਮਾਮਲਿਆਂ ਕਾਰਨ ਨੌਜਵਾਨਾਂ ਵਿੱਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਸਰਕਾਰ ਦਾ ਕਹਿਣਾ ਹੈ ਕਿ ਫਾਸਟ-ਟਰੈਕ ਅਦਾਲਤਾਂ ਰਾਹੀਂ ਅਜਿਹੇ ਮਾਮਲਿਆਂ ਦਾ ਤੇਜ਼ੀ ਨਾਲ ਨਿਪਟਾਰਾ ਕੀਤਾ ਜਾਵੇਗਾ ਅਤੇ ਦੋਸ਼ੀ ਸਾਬਤ ਹੋਣ ਵਾਲਿਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਕਾਕਰੋਚ ਜਨਤਾ ਪਾਰਟੀ (ਸੀਜੇਪੀ) 20 ਜੂਨ ਤੋਂ ਦਿੱਲੀ ਦੇ ਜੰਤਰ-ਮੰਤਰ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੀ ਹੈ। ਪਾਰਟੀ ਦੀ ਮੰਗ ਹੈ ਕਿ NEET ਪੇਪਰ ਲੀਕ ਮਾਮਲੇ ਤੋਂ ਬਾਅਦ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਅਸਤੀਫ਼ਾ ਦੇਣ। ਇਸ ਤੋਂ ਇਲਾਵਾ 21 ਜੁਲਾਈ ਨੂੰ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸਮੇਤ ਕਈ ਵਿਰੋਧੀ ਆਗੂਆਂ ਨੇ ਦਿੱਲੀ ਵਿੱਚ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦੇ ਬਾਹਰ ਧਰਨਾ ਵੀ ਦਿੱਤਾ ਸੀ।

Posted By: Daily Suraj Bureau

Latest News