ਸੁਵਿਧਾ ਕੈਂਪ ਆਮ ਲੋਕਾਂ ਲਈ ਹੋ ਰਹੇ ਨੇ ਲਾਹੇਵੰਦ ਸਾਬਤ : ਵਿਧਾਇਕ ਰੰਧਾਵਾ
ਡੇਰਾਬੱਸੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਪਿੰਡ ਭਾਂਖਰਪੁਰ ਤੋਂ ਸ਼ਰੂ ਕੀਤੇ ਕੈਂਪ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਡੇਰਾਬੱਸੀ ਬਲਾਕ ’ਚ ਤ੍ਰਿਵੈਦੀ ਕੈਂਪ ਵਿਖੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਅਤੇ ਹੋਰ ਪ੍ਰਸ਼ਾਸਨਿਕ ਟੀਮ ਦੀ ਅਗਵਾਈ ’ਚ ਸੁਵਿਧਾ ਕੈਂਪ ਲਾਇਆ ਗਿਆ। ਕੈਂਪ ’ਚ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੈਂਪ ਵਿੱਚ ਆਏ ਆਮ ਲੋਕਾਂ ਦੀਆਂ ਮੁਸ਼ਕਲਾਂ ਦਾ ਜਾਇਜ਼ਾ ਲੈਣ ਲਈ ਪੁੱਜੇ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਇੰਨ੍ਹਾਂ ਕੈਪਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਕੈਂਪ ਆਮ ਲੋਕਾਂ ਦੀਆਂ ਮੁਸ਼ਕਲਾਂ ਅਤੇ ਕੰਮਾਂ ਦੇ ਨਿਪਟਾਰੇ ਲਈ ਬੇਹਤਰੀਨ ਮੰਚ ਸਾਬਤ ਹੋ ਰਹੇ ਹਨ। ਵਧੇਰੇ ਜਾਣਕਾਰੀ ਦਿੰਦੇ ਹੋਏ ਐੱਮਐੱਲਏ ਰੰਧਾਵਾ ਨੇ ਦੱਸਿਆ ਕਿ ਇੰਨ੍ਹਾਂ ਕੈੱਪਾਂ ’ਚ ਪੰਜਾਬ ਸਰਕਾਰ ਦੇ ਹਰ ਵਿਭਾਗ ਦੇ ਅਧਿਕਾਰੀ/ਕਰਮਚਾਰੀ ਅਤੇ ਹੋਰ ਵੱਖ-ਵੱਖ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਕੈਂਪ ਵਿੱਚ ਹਾਜ਼ਰ ਹੋ ਕੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਜਾ ਰਿਹਾ ਹੈ, ਜਿਸ ਨਾਲ ਲੋਕ ਸਰਕਾਰ ਦੇ ਇਸ ਸ਼ਲਾਘਾਯੋਗ ਕਦਮ ਤੋਂ ਖੁਸ਼ ਹਨ। ਆਮ ਨਾਗਰਿਕਾਂ ਦੇ ਸਰਕਾਰੀ ਦਫ਼ਤਰਾਂ ਨਾਲ ਜੁੜੇ ਮੁੱਦੇ ਲੋਕਾਂ ਦੇ ਪਿੰਡਾਂ/ਘਰਾਂ ਵਿੱਚ ਬੈਠ ਕੇ ਮੌਕੇ ’ਤੇ ਹੱਲ ਕੀਤੇ ਜਾ ਰਹੇ ਹਨ। ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਇਨ੍ਹਾਂ ਕੈਂਪਾਂ ਦਾ ਸਭ ਤੋਂ ਸਰਾਹੁਣਯੋਗ ਪਹਿਲੂ ਇਹ ਹੈ ਕਿ ਹੁਣ ਤਕ ਬਹੁਤ ਸਾਰੇ ਲੋਕਾਂ ਨੇ ਆਪਣੇ ਰੋਜ਼ਾਨਾ ਜੀਵਨ ਦੇ ਸਰਕਾਰੀ ਦਫ਼ਤਰਾਂ ਨਾਲ ਸਬੰਧਤ ਕੰਮ ਲਗਭਗ ਮੁੰਕਮਲ ਕਰਵਾ ਲਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਕੰਮ ਕਿਸੇ ਦਸਤਾਵੇਜ਼ ਦੀ ਕਮੀ ਕਾਰਨ ਅਜੇ ਵੀ ਅਧੂਰੇ ਪਏ ਹਨ ਤਾਂ ਉਨ੍ਹਾਂ ਨੂੰ ਪਹਿਲ ਦੇ ਅਧਾਰ ’ਤੇ ਮੁਕੰਮਲ ਕਰ ਲਿਆ ਜਾਵੇ ਤਾਂ ਜੋ ਇਨ੍ਹਾਂ ਕੈਂਪਾਂ ਦਾ ਭਰਪੂਰ ਲਾਹਾ ਲਿਆ ਜਾ ਸਕੇ। ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਨਾਲ ਇਸ ਮੌਕੇ ਕੈਂਪ ’ਚ ਡੇਰਾਬੱਸੀ ਸਬ ਡਵੀਜ਼ਨ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਇਨ੍ਹਾਂ ਕੈਂਪਾਂ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਵਿਭਾਗਾਂ ਨਾਲ ਸਬੰਧਤ 43 ਸੇਵਾਵਾਂ ਹੈਲਪ ਲਾਈਨ ਨੰਬਰ 1076 ’ਤੇ ਸੰਪਰਕ ਕਰਕੇ ਵੀ ਹਾਸਲ ਕੀਤੀਆਂ ਜਾ ਸਕਦੀਆਂ ਹਨ। ਇਨ੍ਹਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਿਆਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ’ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵਧੀਕ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫ਼ਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐੱਨਆਰਆਈ ਦੇ ਸਰਟੀਫਿਕੇਟਾਂ ਦੇ ਕਾਊਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਊਂਟਰ ਦਸਤਖ਼ਤ, ਮੌਤ ਸਰਟੀਫਿਕੇਟ ’ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਸੇਵਾਵਾਂ ਲਈ ਸੁਵਿਧਾ ਕੈਂਪ ਚ ਵੀ ਅਰਜ਼ੀ ਦਿੱਤੀ ਜਾ ਸਕਦੀ ਹੈ।
Posted By: Daily Suraj Bureau