ਹੁਸੈਨੀਵਾਲਾ ‘ਚ ਵਿਕਾਸ ਦੀ ਨਵੀਂ ਪਹਲ, ਸੀਐਮ ਮਾਨ ਨੇ ਦਿੱਤਾ ਸੰਕਲਪ ਦਾ ਸੰਦੇਸ਼

ਹੁਸੈਨੀਵਾਲਾ ‘ਚ ਵਿਕਾਸ ਦੀ ਨਵੀਂ ਪਹਲ, ਸੀਐਮ ਮਾਨ ਨੇ ਦਿੱਤਾ ਸੰਕਲਪ ਦਾ ਸੰਦੇਸ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਫ਼ਿਰੋਜ਼ਪੁਰ ਦੌਰੇ ‘ਤੇ ਪਹੁੰਚੇ, ਜਿੱਥੇ ਉਨ੍ਹਾਂ ਹੁਸੈਨੀਵਾਲਾ ਸਥਿਤ ਸ਼ਹੀਦੀ ਯਾਦਗਾਰ ‘ਤੇ ਸ਼ਰਧਾਂਜਲੀ ਸਮਾਗਮ ਵਿੱਚ ਹਾਜ਼ਰੀ ਭਰੀ। ਇਸ ਦੌਰਾਨ ਉਨ੍ਹਾਂ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਿਵਰਾਮ ਰਾਜਗੁਰੂ ਅਤੇ ਸੁਖਦੇਵ ਥਾਪਰ ਨੂੰ ਨਮਨ ਕੀਤਾ ਅਤੇ ਵੱਡੇ ਜਨਸਮੂਹ ਨੂੰ ਸੰਬੋਧਨ ਕੀਤਾ। ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਦਿਹਾੜਾ ਸਿਰਫ਼ ਸ਼ਹੀਦਾਂ ਨੂੰ ਯਾਦ ਕਰਨ ਦਾ ਨਹੀਂ, ਸਗੋਂ ਉਨ੍ਹਾਂ ਦੇ ਇਨਕਲਾਬੀ ਵਿਚਾਰਾਂ ਅਤੇ ਜ਼ੁਲਮ-ਬੇਇਨਸਾਫ਼ੀ ਖ਼ਿਲਾਫ਼ ਡਟ ਕੇ ਖੜ੍ਹਨ ਦੀ ਸੋਚ ਨੂੰ ਜੀਵਨ ਵਿੱਚ ਅਪਣਾਉਣ ਦਾ ਮੌਕਾ ਵੀ ਹੈ। ਇਸ ਮੌਕੇ ਉਨ੍ਹਾਂ ਹੁਸੈਨੀਵਾਲਾ ਵਿਖੇ 24.99 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਵਿਰਾਸਤੀ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ ਪੰਜਾਬ ਅਤੇ ਦੇਸ਼ ਦੀ ਸੇਵਾ ਲਈ ਲਗਾਤਾਰ ਯਤਨਸ਼ੀਲ ਰਹਿਣ ਦਾ ਸੰਕਲਪ ਵੀ ਦੁਹਰਾਇਆ। 

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸ਼ਹੀਦਾਂ ਦੇ ਦਿਖਾਏ ਰਾਹ ‘ਤੇ ਚੱਲਦਿਆਂ ਪੰਜਾਬ ਵਿਕਾਸ ਦੇ ਰਸਤੇ ‘ਤੇ ਅੱਗੇ ਵਧ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਦਿਨ ਨੂੰ ‘ਸੰਕਲਪ ਦਿਵਸ’ ਵਜੋਂ ਮਨਾਇਆ ਜਾਵੇ ਅਤੇ ਸ਼ਹੀਦਾਂ ਦੇ ਆਦਰਸ਼ਾਂ ਨੂੰ ਆਪਣੀ ਜ਼ਿੰਦਗੀ ਵਿੱਚ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਹਿਲਾਂ ਨਾਲੋਂ ਹਾਲਾਤਾਂ ਵਿੱਚ ਸੁਧਾਰ ਆਇਆ ਹੈ ਅਤੇ ਲੋਕ ਸਰਕਾਰ ‘ਤੇ ਭਰੋਸਾ ਬਣਾਈ ਰੱਖਣ। ਨਾਲ ਹੀ ਉਨ੍ਹਾਂ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਬਿਹਤਰੀ ਦੇਖਣ ਨੂੰ ਮਿਲੇਗੀ। ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਸਦਾ ਹੀ ਲੋਕਾਂ ਦੇ ਦਿਲਾਂ ਵਿੱਚ ਵੱਸਦੇ ਹਨ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਸੰਸਾਰ ਭਰ ਵਿੱਚ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਜਿੱਥੇ ਅੱਜ ਦੇ ਨੌਜਵਾਨ ਛੋਟੀਆਂ ਇੱਛਾਵਾਂ ਰੱਖਦੇ ਹਨ, ਉੱਥੇ ਭਗਤ ਸਿੰਘ ਨੇ ਨੌਜਵਾਨੀ ਵਿੱਚ ਹੀ ਦੇਸ਼ ਦੀ ਆਜ਼ਾਦੀ ਲਈ ਲੜਾਈ ਲੜੀ। ਉਨ੍ਹਾਂ ਜੋੜਿਆ ਕਿ ਅੱਜ ਦਾ ਦਿਨ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਕਰਨ ਦਾ ਹੈ ਅਤੇ ਉਨ੍ਹਾਂ ਦੀ ਸੋਚ ‘ਤੇ ਚੱਲ ਕੇ ਪੰਜਾਬ ਨੂੰ ਅੱਗੇ ਵਧਣ ਤੋਂ ਕੋਈ ਨਹੀਂ ਰੋਕ ਸਕਦਾ।