ਪੰਜਾਬ ਦੇ ਮਸਲਿਆਂ ਨੂੰ ਲੈ ਕੇ ਅਕਾਲੀ ਦਲ ਪ੍ਰਧਾਨ ਦੀ ਪੁਲਿਸ ਮੁਖੀ ਨਾਲ ਮੀਟਿੰਗ

ਪੰਜਾਬ ਦੇ ਮਸਲਿਆਂ ਨੂੰ ਲੈ ਕੇ ਅਕਾਲੀ ਦਲ ਪ੍ਰਧਾਨ ਦੀ ਪੁਲਿਸ ਮੁਖੀ ਨਾਲ ਮੀਟਿੰਗ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਮੁੱਚੀ ਕੋਰ ਕਮੇਟੀ ਚੰਡੀਗੜ੍ਹ ਦੇ ਸੈਕਟਰ ਨੌਂ ਸਥਿਤ ਡੀਜੀਪੀ ਪੰਜਾਬ ਦੇ ਦਫਤਰ ਪਹੁੰਚ ਗਈ। ਹਾਲਾਂਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਡੀਜੀਪੀ ਦਫਤਰ ਆਉਣ ਦੇ ਕਾਰਨਾਂ ਨੂੰ ਉਜਾਗਰ ਨਹੀਂ ਕੀਤਾ ਜਾ ਰਿਹਾ ਪਰ ਸੂਤਰਾਂ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਕੁਝ ਪਾਰਟੀ ਵਰਕਰਾਂ ਵਿਰੁੱਧ ਹੋਰ ਪੁਲੀਸ ਕੇਸ ਦਰਜ ਕੀਤੇ ਜਾਣ ਦੀ ਜਾਣਕਾਰੀ ਮਿਲੀ ਸੀ। ਇਸ ਕਰਕੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਹੇਠ ਸਮੁੱਚੀ ਕੋਰ ਕਮੇਟੀ ਮੀਟਿੰਗ ਵਿੱਚੋਂ ਉੱਠ ਕੇ ਡੀਜੀਪੀ ਪੰਜਾਬ ਦੇ ਦਫਤਰ ਪਹੁੰਚ ਗਈ ਹੈ। ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਿਛਲੇ ਕੁਝ ਸਮੇਂ ਤੋਂ ਸੂਬੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਜੇਲ੍ਹ ਵਿੱਚ ਵੀ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ ਗਏ ਸੀ। ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਚੰਡੀਗੜ੍ਹ ਸਥਿਤ ਪਾਰਟੀ ਦਫਤਰ ਵਿੱਚ ਹੋਈ। ਇਸ ਦੌਰਾਨ ਫੈਸਲਾ ਹੋਇਆ ਕਿ ਅਕਾਲੀ ਦਲ ਨੂੰ ਇਕਜੁੱਟ ਕਰਨ ਲਈ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਮਜੀਠੀਆ ਰੁੱਸੇ ਆਗੂਆਂ ਨੂੰ ਮਨਾਉਣਗੇ। ਇਹ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ। ਇਸ ਵਿੱਚ ਪਾਰਟੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ ਸਣੇ ਹੋਰ ਕਈ ਪਾਰਟੀ ਤੇ ਸੀਨੀਅਰ ਆਗੂ ਸ਼ਾਮਲ ਹੋਏ। ਇਹ ਮੀਟਿੰਗ ਬਿਕਰਮ ਸਿੰਘ ਮਜੀਠੀਆ ਦੇ ਜੇਲ੍ਹ ਵਿੱਚੋਂ ਜ਼ਮਾਨਤ ’ਤੇ ਬਾਹਰ ਆਉਣ ਉਪਰੰਤ ਹੋਈ। ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੀ ਸਿਆਸਤ ਦੇ ਮੌਜੂਦਾ ਹਾਲਾਤ ਅਤੇ ਪਾਰਟੀ ਦੀ ਭਵਿੱਖ ਦੇ ਕੰਮਾਂ ਬਾਰੇ ਰਣਨੀਤੀ ਤਿਆਰ ਕੀਤੀ ਗਈ। ਦੱਸਣਾ ਬਣਦਾ ਹੈ ਕਿ ਬਿਕਰਮ ਸਿੰਘ ਮਜੀਠੀਆ 3 ਫਰਵਰੀ ਨੂੰ ਹੀ ਜੇਲ੍ਹ ਵਿਚੋਂ ਰਿਹਾਅ ਹੋਏ ਸਨ। ਸ੍ਰੀ ਮਜੀਠੀਆ ਨੇ ਕਿਹਾ ਸੀ ਕਿ ਉਹ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕਰਨਗੇ। ਇਸ ਕਰ ਕੇ ਅੱਜ ਵਾਲੀ ਮੀਟਿੰਗ ਅਹਿਮ ਹੈ।