Daily Suraj

ਪੰਜਾਬੀ

ਜਲੰਧਰ 'ਚ ਮੰਗਲਵਾਰ ਨੂੰ ਮੀਟ-ਮੱਛੀ ਦੀਆਂ ਦੁਕਾਨਾਂ ਰਹਿਣਗੀਆਂ ਪੂਰੀ ਤਰ੍ਹਾਂ ਬੰਦ: ਪ੍ਰਸ਼ਾਸਨ ਵੱਲੋਂ ਹੁਕਮ ਜਾਰੀ

14 Sep, 2026 12:49 PM

ਸੰਵਤਸਰੀ ਮਹਾਪਰਵ' ਦੇ ਪਵਿੱਤਰ ਮੌਕੇ ਨੂੰ ਧਿਆਨ ਵਿੱਚ ਰੱਖਦਿਆਂ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ 15 ਸਤੰਬਰ, 2026 (ਮੰਗਲਵਾਰ) ਨੂੰ ਜ਼ਿਲ੍ਹੇ ਭਰ ਵਿੱਚ ਮੀਟ ਅਤੇ ਮੱਛੀ ਦੀਆਂ ਦੁਕਾਨਾਂ ਦੇ ਨਾਲ-ਨਾਲ ਸਾਰੇ ਕਤਲਗਾਹਾਂ (ਸਲਾਟਰ ਹਾਊਸ) ਨੂੰ ਪੂਰੀ ਤਰ੍ਹਾਂ ਬੰਦ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਜ਼ਿਲ੍ਹੇ ਦੇ ਹੋਟਲਾਂ, ਢਾਬਿਆਂ ਅਤੇ ਖਾਣ-ਪੀਣ ਲਈ ਨਿਰਧਾਰਤ ਵੱਖ-ਵੱਖ ਥਾਵਾਂ (ਅਹਾਤਿਆਂ) ਵਿੱਚ ਮਾਸਾਹਾਰੀ ਭੋਜਨ ਪਰੋਸਣ 'ਤੇ ਵੀ ਮੁਕੰਮਲ ਪਾਬੰਦੀ ਰਹੇਗੀ। ਜਲੰਧਰ ਦੀ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS), 2023 ਦੀ ਧਾਰਾ 163 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਇਹ ਆਦੇਸ਼ ਜਾਰੀ ਕੀਤਾ ਹੈ। ਪ੍ਰਸ਼ਾਸਨਿਕ ਹੁਕਮਾਂ ਅਨੁਸਾਰ, 'ਸੰਵਤਸਰੀ ਮਹਾਪਰਵ' ਦੀ ਧਾਰਮਿਕ ਪਵਿੱਤਰਤਾ ਨੂੰ ਬਣਾਏ ਰੱਖਣ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨ ਦੇ ਉਦੇਸ਼ ਨਾਲ ਇਹ ਕਦਮ ਚੁੱਕਿਆ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਸਾਫ਼ ਕੀਤਾ ਹੈ ਕਿ 15 ਸਤੰਬਰ ਨੂੰ ਮੀਟ-ਮੱਛੀ ਦੀ ਵਿਕਰੀ ਦੇ ਨਾਲ-ਨਾਲ ਸਾਰੀਆਂ ਕਤਲਗਾਹਾਂ ਵੀ ਮੁਕੰਮਲ ਤੌਰ 'ਤੇ ਬੰਦ ਰਹਿਣਗੀਆਂ। ਇਸ ਤੋਂ ਇਲਾਵਾ ਹੋਟਲ, ਢਾਬਾ ਅਤੇ ਅਹਾਤਾ ਸੰਚਾਲਕਾਂ ਨੂੰ ਇਹ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਉਹ ਇਸ ਦਿਨ ਆਪਣੇ ਗਾਹਕਾਂ ਨੂੰ ਕਿਸੇ ਵੀ ਤਰ੍ਹਾਂ ਦਾ ਮਾਸਾਹਾਰੀ ਪਕਵਾਨ ਨਾ ਪਰੋਸਣ। ਪ੍ਰਸ਼ਾਸਨ ਨੇ ਸਬੰਧਤ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨੂੰ ਇਨ੍ਹਾਂ ਹੁਕਮਾਂ ਦੀ ਇਨ-ਬਿਨ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਹੈ। ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਜਾਂ ਅਦਾਰਿਆਂ ਵਿਰੁੱਧ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ।

Posted By: Daily Suraj Bureau

Latest News