ਭੁਲੱਥ ਹਲਕੇ ਨੂੰ ਮਾਨ ਸਰਕਾਰ ਦਾ ਵੱਡਾ ਤੋਹਫ਼ਾ: ਸੁਭਾਨਪੁਰ-ਨਡਾਲਾ-ਭੁਲੱਥ ਮਾਰਗ ਦਾ ਨਿਰਮਾਣ ਕਾਰਜ ਜੰਗੀ ਪੱਧਰ 'ਤੇ ਸ਼ੁਰੂ
ਕਰੀਬ 19 ਕਰੋੜ ਦੀ ਲਾਗਤ ਨਾਲ ਬਣੇਗੀ 17 ਕਿਲੋਮੀਟਰ ਲੰਬੀ ਸੜਕ; ਹੋਣਹਾਰ ਵਿਦਿਆਰਥੀਆਂ ਨੇ ਕੀਤਾ ਉਦਘਾਟਨ , (ਇੰਦਰਜੀਤ) ਹਲਕਾ ਭੁਲੱਥ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੁੱਖ ਮੰਗ ਨੂੰ ਪੂਰਾ ਕਰਦਿਆਂ ਅੱਜ ਸੁਭਾਨਪੁਰ-ਨਡਾਲਾ-ਭੁਲੱਥ ਸੜਕ ਦੇ ਆਖ਼ਰੀ ਖੁੱਲ੍ਹੇ ਭਾਗ ਦੇ ਨਿਰਮਾਣ ਦਾ ਕੰਮ ਅਧਿਕਾਰਤ ਤੌਰ 'ਤੇ ਸ਼ੁਰੂ ਕਰ ਦਿੱਤਾ ਗਿਆ। ਜਲ ਸਰੋਤ ਵਿਭਾਗ ਦੇ ਡਾਇਰੈਕਟਰ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਇੱਕ ਨਿਵੇਕਲੀ ਪਹਿਲ ਕਰਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਡਾਲਾ ਦੇ ਟਾਪਰ ਬੱਚਿਆਂ ਹੱਥੋਂ ਰੀਬਨ ਕਟਵਾ ਕੇ ਇਸ ਪ੍ਰੋਜੈਕਟ ਦਾ ਉਦਘਾਟਨ ਕਰਵਾਇਆ। ਉਨ੍ਹਾਂ ਦੱਸਿਆ ਕਿ ਇਹ ਸੜਕ ਲਗਭਗ 17 ਕਿਲੋਮੀਟਰ ਲੰਬੀ ਹੈ, ਜਿਸ 'ਤੇ ਕਰੀਬ 19 ਕਰੋੜ ਰੁਪਏ ਦੀ ਲਾਗਤ ਆਉਣ ਦਾ ਅਨੁਮਾਨ ਹੈ। ਸਰਕਾਰ ਵੱਲੋਂ ਇਸ ਨੂੰ ਜੁਲਾਈ ਦੇ ਅੰਤ ਤੱਕ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਪਿਛਲੇ ਕਈ ਸਾਲਾਂ ਤੋਂ ਨਜ਼ਰਅੰਦਾਜ਼ ਰਹੀ ਇਸ ਸੜਕ ਦੀ ਮਾੜੀ ਹਾਲਤ ਅਤੇ ਵੱਡੇ-ਵੱਡੇ ਟੋਇਆਂ ਕਾਰਨ ਆਮ ਜਨਤਾ ਅਤੇ ਵਾਹਨ ਚਾਲਕ ਭਾਰੀ ਪ੍ਰੇਸ਼ਾਨੀ ਝੱਲ ਰਹੇ ਸਨ।ਇਸ ਮੌਕੇ ਹੋਏ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਕਿਹਾ, "ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਮੁਕਤ ਅਤੇ ਵਿਕਾਸ-ਮੁਖੀ ਰਾਜ ਸਥਾਪਿਤ ਕੀਤਾ ਹੈ। ਸਾਡੀ ਸਰਕਾਰ ਨੇ 44,000 ਕਿਲੋਮੀਟਰ ਤੋਂ ਵੱਧ ਸੜਕਾਂ ਦੇ ਨੈੱਟਵਰਕ ਨੂੰ ਮਜ਼ਬੂਤ ਕਰਨ ਦਾ ਟੀਚਾ ਰੱਖਿਆ ਹੈ, ਜਿਸ ਤਹਿਤ ਹੁਣ ਹਰ ਪਿੰਡ ਅਤੇ ਸ਼ਹਿਰ ਨੂੰ ਪੱਕੀਆਂ ਸੜਕਾਂ ਨਾਲ ਜੋੜਿਆ ਜਾ ਰਿਹਾ ਹੈ। ਪਿਛਲੀਆਂ ਸਰਕਾਰਾਂ ਨੇ ਸਿਰਫ਼ ਵੋਟਾਂ ਦੀ ਰਾਜਨੀਤੀ ਕੀਤੀ, ਪਰ ਅਸੀਂ ਬਿਨਾਂ ਕਿਸੇ ਪੱਖਪਾਤ ਦੇ ਹਰ ਵਰਗ ਤੱਕ ਸਹੂਲਤਾਂ ਪਹੁੰਚਾ ਰਹੇ ਹਾਂ।ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ 'ਆਪ ਦੀ ਸਰਕਾਰ, ਆਪ ਦੇ ਦੁਆਰ' ਮੁਹਿੰਮ ਰਾਹੀਂ ਪ੍ਰਸ਼ਾਸਨ ਨੂੰ ਲੋਕਾਂ ਦੇ ਘਰਾਂ ਤੱਕ ਪਹੁੰਚਾਇਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੜਕ ਦੇ ਨਿਰਮਾਣ ਦੌਰਾਨ ਕੁਆਲਿਟੀ ਦਾ ਖ਼ੁਦ ਧਿਆਨ ਰੱਖਣ। ਜੇਕਰ ਕੋਈ ਠੇਕੇਦਾਰ ਸਮੱਗਰੀ ਵਿੱਚ ਕੋਈ ਘਾਟ ਰੱਖਦਾ ਹੈ, ਤਾਂ ਤੁਰੰਤ ਸੂਚਿਤ ਕੀਤਾ ਜਾਵੇ ਤਾਂ ਜੋ ਸਖ਼ਤ ਕਾਰਵਾਈ ਕੀਤੀ ਜਾ ਸਕੇ।ਪ੍ਰੋਜੈਕਟ ਦੀ ਸ਼ੁਰੂਆਤ ਤੋਂ ਪਹਿਲਾਂ ਸਮੂਹ ਆਗੂਆਂ ਅਤੇ ਵਰਕਰਾਂ ਨੇ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ (ਪਾਤਸ਼ਾਹੀ ਛੇਵੀਂ) ਨਡਾਲਾ ਵਿਖੇ ਮੱਥਾ ਟੇਕਿਆ ਅਤੇ ਇਲਾਕੇ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ 'ਆਪ' ਸਰਕਾਰ ਵੱਲੋਂ ਸਿਹਤ, ਸਿੱਖਿਆ ਅਤੇ ਰੁਜ਼ਗਾਰ ਦੇ ਖੇਤਰ ਵਿੱਚ ਕੀਤੀਆਂ ਗਈਆਂ ਕ੍ਰਾਂਤੀਕਾਰੀ ਤਬਦੀਲੀਆਂ ਦਾ ਜ਼ਿਕਰ ਕਰਦਿਆਂ ਲੋਕਾਂ ਨੂੰ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਤੇ ਬਲਾਕ ਸੰਮਤੀ ਨਡਾਲਾ ਦੇ ਚੇਅਰਮੈਨ ਜਗਤਾਰ ਸਿੰਘ ਹੈਪੀ ਖੱਦਰ ਨੇ ਹਲਕਾ ਇੰਚਾਰਜ ਐਡਵੋਕੇਟ ਘੁੰਮਣ ਦਾ ਨਡਾਲਾ ਵਿਖੇ ਪਹੁੰਚਣ ਤੇ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਇਸ ਅਹਿਮ ਸੜਕ ਨੂੰ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਹਲਕਾ ਇੰਚਾਰਜ ਐਡਵੋਕੇਟ ਘੁੰਮਣ ਦੇ ਯਤਨਾਂ ਦੀ ਸਲਾਘਾ ਕੀਤੀ।
Posted By: Daily Suraj Bureau