ਕਰਤਾਰਪੁਰ ਵਿੱਚ ਹਸਪਤਾਲ ‘ਤੇ ਫਾਇਰਿੰਗ, ਵਿਦੇਸ਼ੀ ਨੰਬਰ ਤੋਂ ਮੰਗੀ ਗਈ ਸੀ 5 ਕਰੋੜ ਦੀ ਫਿਰੌਤੀ
- ਪੰਜਾਬ
- (Asia/Kolkata)
ਜਲੰਧਰ ਦੇ ਕਰਤਾਰਪੁਰ ਵਿੱਚ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਹਸਪਤਾਲ ਦੇ ਮੁੱਖ ਦਰਵਾਜ਼ੇ ‘ਤੇ ਗੋਲੀਆਂ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਜਾਣਕਾਰੀ ਮੁਤਾਬਕ ਕੁਝ ਦਿਨ ਪਹਿਲਾਂ ਹਸਪਤਾਲ ਦੇ ਪ੍ਰਬੰਧਕ ਨੂੰ ਵਿਦੇਸ਼ੀ ਨੰਬਰ ਤੋਂ ਕਾਲ ਕਰਕੇ ਆਪਣੇ ਆਪ ਨੂੰ ਗੈਂਗਸਟਰ ਦੱਸਣ ਵਾਲੇ ਵਿਅਕਤੀ ਨੇ ਪੰਜ ਕਰੋੜ ਰੁਪਏ ਦੀ ਫਿਰੌਤੀ ਮੰਗੀ ਸੀ। ਮਿਲੀ ਜਾਣਕਾਰੀ ਅਨੁਸਾਰ ਕਰਤਾਰਪੁਰ ਦੇ ਗੁਰੂ ਤੇਗ ਬਹਾਦਰ ਹਸਪਤਾਲ ਦੇ ਪ੍ਰਬੰਧਕ ਨੂੰ ਪਹਿਲਾਂ ਧਮਕੀ ਭਰੀ ਕਾਲ ਆਈ ਸੀ। ਇਸ ਸਬੰਧੀ ਪੁਲੀਸ ਨੂੰ ਸੂਚਿਤ ਵੀ ਕੀਤਾ ਗਿਆ ਸੀ, ਪਰ ਹਸਪਤਾਲ ਪੱਖ ਵੱਲੋਂ ਦੋਸ਼ ਲਗਾਇਆ ਗਿਆ ਹੈ ਕਿ ਪੁਲੀਸ ਵੱਲੋਂ ਸਮੇਂ ਸਿਰ ਲੋੜੀਂਦੀ ਕਾਰਵਾਈ ਨਹੀਂ ਕੀਤੀ ਗਈ। ਹਸਪਤਾਲ ਦੇ ਪ੍ਰਬੰਧਕ ਹਰਮਨ ਸਿੰਘ ਸਮਰਾ ਨੇ ਦੱਸਿਆ ਕਿ ਦੋ ਅਣਪਛਾਤੇ ਵਿਅਕਤੀ ਮੋਟਰਸਾਈਕਲ ‘ਤੇ ਆਏ ਅਤੇ ਹਸਪਤਾਲ ਦੀ ਪਾਰਕਿੰਗ ਵਿੱਚ ਦਾਖਲ ਹੋ ਕੇ ਗੋਲੀਆਂ ਚਲਾਈਆਂ। ਉਨ੍ਹਾਂ ਕਿਹਾ ਕਿ ਹਮਲਾਵਰ ਦੇ ਦੋਵੇਂ ਹੱਥਾਂ ਵਿੱਚ ਹਥਿਆਰ ਸਨ। ਗੋਲੀਆਂ ਚਲਾਉਣ ਦੌਰਾਨ ਪਿਸਤੌਲ ਦਾ ਮੈਗਜ਼ੀਨ ਹੇਠਾਂ ਡਿੱਗ ਗਿਆ ਸੀ, ਜਿਸਨੂੰ ਹਮਲਾਵਰ ਵਾਪਸ ਆ ਕੇ ਚੁੱਕ ਕੇ ਲੈ ਗਿਆ। ਹਰਮਨ ਸਿੰਘ ਸਮਰਾ ਨੇ ਇਹ ਵੀ ਦੱਸਿਆ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਵਿਦੇਸ਼ੀ ਨੰਬਰ ਤੋਂ ਕਾਲ ਆਈ ਸੀ, ਜਿਸ ਵਿੱਚ ਕਾਲ ਕਰਨ ਵਾਲੇ ਨੇ ਆਪਣੇ ਆਪ ਨੂੰ ਲੱਕੀ ਪਟਿਆਲ ਦੱਸਦਿਆਂ ਪੰਜ ਕਰੋੜ ਰੁਪਏ ਦੀ ਫਿਰੌਤੀ ਮੰਗੀ ਸੀ। ਨਾਲ ਹੀ ਰਕਮ ਨਾ ਦੇਣ ਦੀ ਸੂਰਤ ਵਿੱਚ ਭਾਰੀ ਨੁਕਸਾਨ ਪਹੁੰਚਾਉਣ ਦੀ ਧਮਕੀ ਵੀ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਹਸਪਤਾਲ ਦੇ ਮੁੱਖ ਦਰਵਾਜ਼ੇ ‘ਤੇ ਗੋਲੀਆਂ ਚਲਣ ਕਾਰਨ ਦਾਖਲ ਮਰੀਜ਼ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਸਹਿਮ ਗਏ। ਘਟਨਾ ਤੋਂ ਬਾਅਦ ਇਲਾਕੇ ਵਿੱਚ ਡਰ ਅਤੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਇਸ ਮਾਮਲੇ ਸਬੰਧੀ ਡੀਐੱਸਪੀ ਸਬ ਡਿਵੀਜ਼ਨ ਕਰਤਾਰਪੁਰ ਨਰਿੰਦਰ ਸਿੰਘ ਔਜਲਾ ਨੇ ਕਿਹਾ ਕਿ ਪੁਲੀਸ ਫਿਰੌਤੀ ਦੀ ਕਾਲ ਅਤੇ ਹਸਪਤਾਲ ‘ਤੇ ਹੋਈ ਫਾਇਰਿੰਗ ਦੀ ਘਟਨਾ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਉਨ੍ਹਾਂ ਦੱਸਿਆ ਕਿ ਹਸਪਤਾਲ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਅਧਿਕਾਰੀ ਮੁਤਾਬਕ ਥਾਣਾ ਕਰਤਾਰਪੁਰ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਨੂੰ ਕਾਬੂ ਕਰਨ ਲਈ ਵੱਖ-ਵੱਖ ਟੀਮਾਂ ਬਣਾਕੇ ਜਾਂਚ ਜਾਰੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਗੋਲੀਆਂ ਚਲਾਉਣ ਵਾਲੇ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
Leave a Reply