Daily Suraj

ਪੰਜਾਬੀ

ਭਾਰਤੀ ਨਾਵਿਕਾਂ ਨੂੰ ਨਿਸ਼ਾਨਾ ਬਣਾਏ ਜਾਣ 'ਤੇ ਅਮਰੀਕੀ ਰਾਜਨਾਇਕ ਨੂੰ ਕੀਤਾ ਗਿਆ ਤਲਬ

12 Jun, 2026 05:29 PM

ਪੱਛਮੀ ਏਸ਼ੀਆ ਵਿੱਚ ਜਾਰੀ ਤਣਾਅ ਦੇ ਦਰਮਿਆਨ ਪਿਛਲੇ ਤਿੰਨ ਦਿਨਾਂ ਦੌਰਾਨ ਓਮਾਨ ਦੇ ਤੱਟ ਨੇੜੇ ਤਿੰਨ ਵਪਾਰਕ ਜਹਾਜ਼ਾਂ ਨੂੰ ਅਮਰੀਕਾ ਵੱਲੋਂ ਨਿਸ਼ਾਨਾ ਬਣਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਨ੍ਹਾਂ ਜਹਾਜ਼ਾਂ ਵਿੱਚ ਭਾਰਤੀ ਕਰੂ ਮੈਂਬਰ ਵੀ ਸਵਾਰ ਸਨ। ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਭਾਰਤ ਨੇ ਅਮਰੀਕਾ ਪ੍ਰਤੀ ਸਖ਼ਤ ਰੁਖ ਅਖ਼ਤਿਆਰ ਕੀਤਾ ਹੈ। ਵਿਦੇਸ਼ ਮੰਤਰਾਲੇ ਨੇ ਅਮਰੀਕੀ ਚਾਰਜ ਡੀ ਅਫੇਅਰਜ਼ ਜੇਸਨ ਮੀਕਸ ਨੂੰ ਤਲਬ ਕਰਕੇ ਇਸ ਮਾਮਲੇ 'ਤੇ ਆਪਣਾ ਸਖ਼ਤ ਵਿਰੋਧ ਦਰਜ ਕਰਵਾਇਆ ਹੈ। ਜਾਣਕਾਰੀ ਅਨੁਸਾਰ ਵੀਰਵਾਰ ਨੂੰ 20 ਭਾਰਤੀ ਕਰੂ ਮੈਂਬਰਾਂ ਵਾਲੇ ਇੱਕ ਹੋਰ ਜਹਾਜ਼ 'ਤੇ ਵੀ ਹਮਲਾ ਕੀਤਾ ਗਿਆ, ਜਿਸ ਤੋਂ ਬਾਅਦ ਭਾਰਤ ਨੇ ਸਖ਼ਤ ਇਤਰਾਜ਼ ਪ੍ਰਗਟਾਇਆ। ਇਹ ਦੂਜਾ ਮੌਕਾ ਹੈ ਜਦੋਂ ਇਸ ਮਾਮਲੇ ਸਬੰਧੀ ਵਿਦੇਸ਼ ਮੰਤਰਾਲੇ ਨੇ ਅਮਰੀਕੀ ਮਿਸ਼ਨ ਨੂੰ ਤਲਬ ਕੀਤਾ ਹੈ। ਇਨ੍ਹਾਂ ਹਮਲਿਆਂ ਵਿੱਚੋਂ ਇੱਕ ਵਿੱਚ ਤਿੰਨ ਭਾਰਤੀ ਨਾਵਿਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦੇ ਲਾਪਤਾ ਹੋਣ ਦੀ ਜਾਣਕਾਰੀ ਸਾਹਮਣੇ ਆਈ ਸੀ। ਵਿਦੇਸ਼ ਮੰਤਰਾਲੇ ਨੇ ਅਮਰੀਕੀ ਰਾਜਨਾਇਕ ਨੂੰ ਓਮਾਨ ਦੇ ਤੱਟ ਨੇੜੇ ਭਾਰਤੀ ਜਹਾਜ਼ਾਂ 'ਤੇ ਹੋਏ ਹਮਲਿਆਂ ਅਤੇ ਉਨ੍ਹਾਂ ਨਾਲ ਹੋਏ ਨੁਕਸਾਨ ਬਾਰੇ ਜਾਣੂ ਕਰਵਾਇਆ। ਮੰਤਰਾਲੇ ਦੇ ਵਧੀਕ ਸਕੱਤਰ ਨਾਗਰਾਜ ਨਾਇਡੂ ਨੇ ਭਾਰਤ ਵੱਲੋਂ ਅਧਿਕਾਰਕ ਵਿਰੋਧ ਦਰਜ ਕਰਵਾਇਆ। ਭਾਰਤ ਨੇ ਵਪਾਰਕ ਜਹਾਜ਼ਾਂ ਅਤੇ ਨਾਵਿਕਾਂ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਘਟਨਾਵਾਂ ਨੂੰ ਤੁਰੰਤ ਰੋਕਣ ਦੀ ਮੰਗ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਇਸ ਮਾਮਲੇ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਤੁਰੰਤ ਪ੍ਰਭਾਵਸ਼ਾਲੀ ਕਾਰਵਾਈ ਕੀਤੇ ਜਾਣ ਦੀ ਲੋੜ 'ਤੇ ਵੀ ਜ਼ੋਰ ਦਿੱਤਾ ਹੈ।

Posted By: Daily Suraj Bureau

Latest News