Daily Suraj

ਪੰਜਾਬੀ

ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਡੀਜੀਪੀ ਨੇ ਦਿੱਤੀ ਜਾਣਕਾਰੀ

02 Oct, 2026 05:00 PM

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਅਤੇ ਨਸ਼ਾ ਤਸਕਰੀ ਦੇ ਨੈੱਟਵਰਕਾਂ ਵਿਰੁੱਧ ਛੇੜੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਗ਼ੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਦੋ ਵੱਖ-ਵੱਖ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ ਚਾਰ ਵਿਅਕਤੀਆਂ ਨੂੰ 10 ਕਿੱਲੋ ਹੈਰੋਇਨ ਅਤੇ 10 ਨਾਜਾਇਜ਼ ਪਿਸਤੌਲਾਂ ਸਮੇਤ ਕਾਬੂ ਕੀਤਾ ਹੈ। ਇਸ ਗੱਲ ਦੀ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਰਾਜਨਪ੍ਰੀਤ ਸਿੰਘ (ਵਾਸੀ ਗੱਲੂਵਾਲ), ਵਿਜੇ (ਵਾਸੀ ਰਾਜਾਤਾਲ ਕਲੋਨੀ, ਘਰਿੰਡਾ), ਪਾਰਸਦੀਪ ਸਿੰਘ ਉਰਫ਼ ਬਿੱਲਾ (ਵਾਸੀ ਕੰਬੋਆ) ਅਤੇ ਗੁਰਮੁਖ ਸਿੰਘ ਉਰਫ਼ ਬੋਦੀ (ਵਾਸੀ ਕਾਹਨਗੜ੍ਹ, ਅਟਾਰੀ) ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਇਨ੍ਹਾਂ ਮੁਲਜ਼ਮਾਂ ਦੇ ਤਾਰ ਕਥਿਤ ਤੌਰ 'ਤੇ ਵਿਦੇਸ਼ਾਂ ਵਿੱਚ ਬੈਠੇ ਤਸਕਰਾਂ ਨਾਲ ਜੁੜੇ ਹੋਏ ਹਨ, ਜੋ ਨਾਜਾਇਜ਼ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਨੂੰ ਅੰਜਾਮ ਦੇ ਰਹੇ ਸਨ। ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਇਸ ਦੇ ਅਗਲੇ-ਪਿਛਲੇ ਸਬੰਧਾਂ (ਫਾਰਵਰਡ ਅਤੇ ਬੈਕਵਰਡ ਲਿੰਕੇਜ) ਦਾ ਪਤਾ ਲਗਾਉਣ ਲਈ ਪੁਲਿਸ ਵੱਲੋਂ ਡੂੰਘਾਈ ਨਾਲ ਜਾਂਚ ਜਾਰੀ ਹੈ। ਕਾਰਵਾਈ ਦੇ ਵੇਰਵੇ ਦਿੰਦਿਆਂ ਬਾਰਡਰ ਰੇਂਜ ਦੇ ਇੰਸਪੈਕਟਰ ਜਨਰਲ ਆਫ਼ ਪੁਲੀਸ (ਆਈਜੀਪੀ) ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪਹਿਲੇ ਆਪ੍ਰੇਸ਼ਨ ਦੌਰਾਨ ਗ਼ੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਬਾਰੇ ਪੁਖ਼ਤਾ ਸੂਚਨਾ ਮਿਲਣ 'ਤੇ ਥਾਣਾ ਘਰਿੰਡਾ ਦੀ ਪੁਲੀਸ ਟੀਮ ਨੇ ਰਾਜਨਪ੍ਰੀਤ ਸਿੰਘ ਅਤੇ ਵਿਜੇ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10 ਨਾਜਾਇਜ਼ ਪਿਸਤੌਲ ਬਰਾਮਦ ਕੀਤੇ। ਆਈਜੀਪੀ ਨੇ ਅੱਗੇ ਦੱਸਿਆ ਕਿ ਦੂਜੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਬਾਰੇ ਮਿਲੀ ਸੂਚਨਾ ਦੇ ਆਧਾਰ 'ਤੇ ਥਾਣਾ ਘਰਿੰਡਾ ਦੀਆਂ ਟੀਮਾਂ ਨੇ ਪਾਰਸਦੀਪ ਸਿੰਘ ਉਰਫ਼ ਬਿੱਲਾ ਅਤੇ ਗੁਰਮੁਖ ਸਿੰਘ ਉਰਫ਼ ਬੋਦੀ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 10 ਕਿੱਲੋ ਹੈਰੋਇਨ ਬਰਾਮਦ ਕੀਤੀ। ਪੁਲਿਸ ਮੁਤਾਬਕ ਮੁਲਜ਼ਮ ਪਾਰਸਦੀਪ ਇੱਕ ਬਦਨਾਮ ਨਸ਼ਾ ਤਸਕਰ ਹੈ, ਜੋ ਇਸ ਇਲਾਕੇ ਵਿੱਚ ਸਰਗਰਮੀ ਨਾਲ ਡਰੱਗ ਕਾਰਟਲ ਚਲਾ ਰਿਹਾ ਸੀ। ਅੰਮ੍ਰਿਤਸਰ ਦਿਹਾਤੀ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲੀਸ (ਐੱਸਐੱਸਪੀ) ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਥਾਣਾ ਘਰਿੰਡਾ ਵਿਖੇ ਦੋ ਵੱਖ-ਵੱਖ ਮੁਕੱਦਮੇ ਦਰਜ ਕੀਤੇ ਗਏ ਹਨ। ਅਸਲਾ ਐਕਟ ਦੀ ਧਾਰਾ 25 ਤਹਿਤ ਮਿਤੀ 27 ਸਤੰਬਰ 2026 ਨੂੰ ਐੱਫਆਈਆਰ ਨੰਬਰ 422 ਅਤੇ ਐੱਨਡੀਪੀਐੱਸ ਐਕਟ ਦੀ ਧਾਰਾ 21 ਤਹਿਤ ਮਿਤੀ 28 ਸਤੰਬਰ 2026 ਨੂੰ ਐੱਫਆਈਆਰ ਨੰਬਰ 423 ਦਰਜ ਕੀਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਵਿੱਚ ਹੋਰ ਖੁਲਾਸੇ ਕਰਨ ਲਈ ਪੁੱਛਗਿੱਛ ਕੀਤੀ ਜਾ ਰਹੀ ਹੈ।

Latest News