ਪੰਜਾਬ ਸਰਕਾਰ ਖ਼ਿਲਾਫ਼ ਮੁਹਾਲੀ ਵਿੱਚ ਸਾਂਝਾ ਪ੍ਰਦਰਸ਼ਨ, ਚੰਡੀਗੜ੍ਹ ਸਰਹੱਦ ‘ਤੇ ਪੁਲੀਸ ਨਾਲ ਟਕਰਾਅ
ਪੰਜਾਬ ਦੇ ਮੁਲਾਜ਼ਮਾਂ, ਪੈਨਸ਼ਨਰਾਂ, ਬੇਰੁਜ਼ਗਾਰਾਂ ਅਤੇ ਹੋਰ ਕਈ ਸੰਸਥਾਵਾਂ ਦੀਆਂ ਸਾਂਝੀਆਂ ਜਥੇਬੰਦੀਆਂ ਦੇ ਸੱਦੇ ‘ਤੇ ਅੱਜ ਮੁਹਾਲੀ ਵਿੱਚ ਪੰਜਾਬ ਸਰਕਾਰ ਦੇ ਖ਼ਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਅੰਬ ਸਾਹਿਬ ਨੇੜੇ ਹੋਏ ਇਸ ਧਰਨੇ ਨੂੰ ਵੱਖ-ਵੱਖ ਮੁਲਾਜ਼ਮ ਆਗੂਆਂ ਨੇ ਸੰਬੋਧਨ ਕਰਦੇ ਹੋਏ ਸਰਕਾਰ ਦੀਆਂ ਨੀਤੀਆਂ ‘ਤੇ ਤਿੱਖੀ ਆਲੋਚਨਾ ਕੀਤੀ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਮੁਲਾਜ਼ਮ ਵਿਰੋਧੀ ਨੀਤੀਆਂ ਅਪਣਾ ਰਹੀ ਹੈ ਅਤੇ ਪਿਛਲੇ ਚਾਰ ਸਾਲਾਂ ਦੌਰਾਨ ਸਰਕਾਰੀ ਕਰਮਚਾਰੀਆਂ ਨੂੰ ਡੀ.ਏ. ਅਤੇ ਹੋਰ ਕਈ ਕਿਸ਼ਤਾਂ ਤੋਂ ਵਾਂਝਾ ਰੱਖਿਆ ਗਿਆ ਹੈ। ਆਗੂਆਂ ਨੇ ਕਿਹਾ ਕਿ ਹੁਣ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਆਰ-ਪਾਰ ਦੀ ਲੜਾਈ ਲੜਣਗੇ ਅਤੇ ਸਰਕਾਰ ਵੱਲੋਂ ਕੀਤੀ ਜਾ ਰਹੀ ਬੇਇਨਸਾਫੀ ਦੇ ਖ਼ਿਲਾਫ਼ ਵੱਡਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਮੁਹਾਲੀ ਵਿੱਚ ਧਰਨਾ ਦੇਣ ਤੋਂ ਬਾਅਦ ਪ੍ਰਦਰਸ਼ਨਕਾਰੀ ਚੰਡੀਗੜ੍ਹ ਵੱਲ ਕੂਚ ਕਰਨ ਲਈ ਰਵਾਨਾ ਹੋਏ। ਚੰਡੀਗੜ੍ਹ ਦੀ ਸਰਹੱਦ ‘ਤੇ ਪੁਲੀਸ ਅਤੇ ਧਰਨਾਕਾਰੀਆਂ ਵਿਚਕਾਰ ਤਣਾਅ ਪੈਦਾ ਹੋ ਗਿਆ। ਜਦੋਂ ਪ੍ਰਦਰਸ਼ਨਕਾਰੀਆਂ ਨੇ ਪੁਲੀਸ ਵੱਲੋਂ ਲਗਾਏ ਗਏ ਬੈਰੀਕੇਡ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਚੰਡੀਗੜ੍ਹ ਪੁਲੀਸ ਨੇ ਪਾਣੀ ਦੀਆਂ ਤੇਜ਼ ਬੁਛਾੜਾਂ ਮਾਰ ਕੇ ਉਨ੍ਹਾਂ ਨੂੰ ਰੋਕ ਦਿੱਤਾ। ਇਸ ਦੌਰਾਨ ਧਰਨਾਕਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਜਲਦ ਹੀ ਅਗਲਾ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ। ਚੰਡੀਗੜ੍ਹ ਪੁਲੀਸ ਦੀ ਸਖ਼ਤ ਘੇਰਾਬੰਦੀ ਕਾਰਨ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਵੱਡੀ ਗਿਣਤੀ ਪ੍ਰਦਰਸ਼ਨਕਾਰੀਆਂ ਨੂੰ ਚੰਡੀਗੜ੍ਹ ਵਿੱਚ ਦਾਖਲ ਨਹੀਂ ਹੋਣ ਦਿੱਤਾ ਗਿਆ।
Posted By: Daily Suraj Bureau