ਯੂਥ ਕਾਂਗਰਸ ਪ੍ਰਧਾਨ ਦੀ ਗ੍ਰਿਫ਼ਤਾਰੀ ‘ਤੇ ਕਾਂਗਰਸ ਭੜਕੀ, ਰਾਹੁਲ ਦਾ ਵੱਡਾ ਬਿਆਨ
ਕਾਂਗਰਸ ਨੇਤਾ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਇੰਡੀਅਨ ਯੂਥ ਕਾਂਗਰਸ (IYC) ਦੇ ਰਾਸ਼ਟਰੀ ਪ੍ਰਧਾਨ ਉਦੈ ਭਾਨੂ ਚਿਬ ਦੀ ਗ੍ਰਿਫ਼ਤਾਰੀ ਤੋਂ ਬਾਅਦ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ ਹੈ। ਇਹ ਗ੍ਰਿਫ਼ਤਾਰੀ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਆਯੋਜਿਤ ਇੰਡੀਆ AI ਇਮਪੈਕਟ ਸਮਿਟ 2026 ਦੌਰਾਨ ਹੋਏ ਵਿਰੋਧ ਪ੍ਰਦਰਸ਼ਨ ਦੇ ਮਾਮਲੇ ਵਿੱਚ ਅੱਜ ਕੀਤੀ ਗਈ ਹੈ। ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ (X) ‘ਤੇ ਪੋਸਟ ਕਰਦਿਆਂ ਕਿਹਾ ਕਿ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨ ਹਰ ਨਾਗਰਿਕ ਦਾ ਲੋਕਤੰਤਰੀ ਅਧਿਕਾਰ ਹੈ। ਉਨ੍ਹਾਂ ਨੇ ਲਿਖਿਆ, “ਮੈਨੂੰ ਯੂਥ ਕਾਂਗਰਸ ਦੇ ਆਪਣੇ ਬੱਬਰ ਸ਼ੇਰ ਸਾਥੀਆਂ ‘ਤੇ ਮਾਣ ਹੈ, ਜਿਨ੍ਹਾਂ ਨੇ ‘COMPROMISED PM’ ਦੇ ਖ਼ਿਲਾਫ਼ ਦੇਸ਼ ਹਿੱਤ ਵਿੱਚ ਨਿਡਰ ਹੋ ਕੇ ਆਵਾਜ਼ ਉਠਾਈ ਹੈ।” ਉਨ੍ਹਾਂ ਨੇ ਕਿਹਾ ਕਿ “ਅਮਰੀਕਾ ਨਾਲ ਹੋਈ ਟਰੇਡ ਡੀਲ ਵਿੱਚ ਦੇਸ਼ ਦੇ ਹਿੱਤਾਂ ਨਾਲ ਸਮਝੌਤਾ ਕੀਤਾ ਗਿਆ ਹੈ। ਇਹ ਸਮਝੌਤਾ ਸਾਡੇ ਕਿਸਾਨਾਂ ਅਤੇ ਟੈਕਸਟਾਈਲ ਉਦਯੋਗ ਨੂੰ ਨੁਕਸਾਨ ਪਹੁੰਚਾਏਗਾ ਅਤੇ ਸਾਡੇ ਡੇਟਾ ਨੂੰ ਅਮਰੀਕਾ ਦੇ ਹੱਥਾਂ ਵਿੱਚ ਸੌਂਪ ਦੇਵੇਗਾ। ਇਸ ਸੱਚਾਈ ਨੂੰ ਦੇਸ਼ ਦੇ ਸਾਹਮਣੇ ਰੱਖਣ ਲਈ ਯੂਥ ਕਾਂਗਰਸ ਪ੍ਰਧਾਨ ਉਦੈ ਭਾਨੂ ਚਿਬ ਅਤੇ IYC ਦੇ ਹੋਰ ਸਾਥੀਆਂ ਦੀ ਗ੍ਰਿਫ਼ਤਾਰੀ ਤਾਨਾਸ਼ਾਹੀ ਅਤੇ ਕਾਇਰਤਾ ਦਾ ਪ੍ਰਮਾਣ ਹੈ। ਕਾਂਗਰਸ ਪਾਰਟੀ ਅਤੇ ਮੈਂ ਆਪਣੇ ਬੱਬਰ ਸ਼ੇਰ ਸਾਥੀਆਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਾਂ। ਸੱਤਾ ਨੂੰ ਸੱਚ ਦਾ ਸ਼ੀਸ਼ਾ ਦਿਖਾਉਣਾ ਅਪਰਾਧ ਨਹੀਂ, ਦੇਸ਼ ਭਗਤੀ ਹੈ।”
Posted By: Daily Suraj Bureau