ਅਧਿਆਪਕਾਂ ਦੀ ਨੌਕਰੀ ਖੋਹਣ ਦੇ ਵਿਰੋਧ ਵਿੱਚ ਸੜਕਾਂ ’ਤੇ ਉਤਰੀਆਂ ਜਥੇਬੰਦੀਆਂ, ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ

ਅਧਿਆਪਕਾਂ ਦੀ ਨੌਕਰੀ ਖੋਹਣ ਦੇ ਵਿਰੋਧ ਵਿੱਚ ਸੜਕਾਂ ’ਤੇ ਉਤਰੀਆਂ ਜਥੇਬੰਦੀਆਂ, ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ

ਪੰਜਾਬ ਸਰਕਾਰ ਵੱਲੋਂ 253 ਮਾਸਟਰ ਕਾਡਰ ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨ ਦੇ ਫ਼ੈਸਲੇ ਖ਼ਿਲਾਫ਼ ਅਧਿਆਪਕ ਜਥੇਬੰਦੀਆਂ ਨੇ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿੱਚ ਰੋਸ ਪ੍ਰਦਰਸ਼ਨ ਕੀਤੇ। ਅਧਿਆਪਕ ਆਗੂਆਂ ਨੇ ਸਰਕਾਰ ਦੇ ਇਸ ਫ਼ੈਸਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਸ ਨਾਲ 253 ਪਰਿਵਾਰਾਂ ਦੀ ਰੋਜ਼ੀ-ਰੋਟੀ ਪ੍ਰਭਾਵਿਤ ਹੋਵੇਗੀ। ਉਨ੍ਹਾਂ ਮੰਗ ਕੀਤੀ ਕਿ ਬਰਖ਼ਾਸਤਗੀ ਦੇ ਹੁਕਮ ਤੁਰੰਤ ਵਾਪਸ ਲਏ ਜਾਣ।
 

ਅੰਮ੍ਰਿਤਸਰ ਵਿੱਚ ਅਧਿਆਪਕਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਰੋਸ ਮਾਰਚ ਕੱਢਿਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮਗਰੋਂ ਪ੍ਰਦਰਸ਼ਨਕਾਰੀਆਂ ਨੇ ਛੇਹਰਟਾ ਚੌਕ ਵਿੱਚ ਸਰਕਾਰ ਦੀ ਅਰਥੀ ਫੂਕ ਕੇ ਆਪਣਾ ਰੋਸ ਪ੍ਰਗਟਾਇਆ।
 

ਇਸ ਪ੍ਰਦਰਸ਼ਨ ਦੀ ਅਗਵਾਈ ਅਸ਼ਵਨੀ ਅਵਸਥੀ, ਜਰਮਨਜੀਤ ਸਿੰਘ ਛੱਜਲਵੱਡੀ, ਹਰਵਿੰਦਰ ਸਿੰਘ ਸੁਲਤਾਨਵਿੰਡ, ਅਮਨ ਸ਼ਰਮਾ, ਨਵਦੀਪ ਸਿੰਘ (4161) ਅਤੇ ਜਗਮੋਹਨ ਸਿੰਘ (3704) ਨੇ ਕੀਤੀ।
 

ਇਕੱਠ ਨੂੰ ਸੰਬੋਧਨ ਕਰਦਿਆਂ ਅਧਿਆਪਕ ਆਗੂਆਂ ਨੇ ਕਿਹਾ ਕਿ ਆਮ ਲੋਕਾਂ ਦੀ ਹਮਦਰਦ ਹੋਣ ਦਾ ਦਾਅਵਾ ਕਰਨ ਵਾਲੀ ਸਰਕਾਰ ਨੇ 253 ਪਰਿਵਾਰਾਂ ਦੀ ਰੋਜ਼ੀ-ਰੋਟੀ ਖੋਹਣ ਵਾਲਾ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਰੁਜ਼ਗਾਰ ਖੁੱਸਣਾ ਕਿਸੇ ਵੀ ਪਰਿਵਾਰ ਲਈ ਵੱਡੀ ਤ੍ਰਾਸਦੀ ਹੈ। ਆਗੂਆਂ ਨੇ ਸਰਕਾਰ ’ਤੇ ਦੋਸ਼ ਲਾਇਆ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਜੱਦੀ ਪਿੰਡ ਗੰਭੀਰਪੁਰ ਵਿੱਚ ਇਨਸਾਫ਼ ਦੀ ਮੰਗ ਕਰ ਰਹੇ ਅਧਿਆਪਕਾਂ ਨੂੰ ਬਰਖ਼ਾਸਤਗੀ ਦੇ ਹੁਕਮ ਭੇਜਣਾ ਸਰਕਾਰ ਦੇ ਹੰਕਾਰ ਨੂੰ ਦਰਸਾਉਂਦਾ ਹੈ।
 

ਉਨ੍ਹਾਂ ਚਿਤਾਵਨੀ ਦਿੱਤੀ ਕਿ ਅਧਿਆਪਕਾਂ ਦੇ ਰੁਜ਼ਗਾਰ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਕਰ ਸਰਕਾਰ ਨੇ ਆਪਣਾ ਫ਼ੈਸਲਾ ਵਾਪਸ ਨਾ ਲਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
 

ਹੁਸ਼ਿਆਰਪੁਰ ਵਿੱਚ ਬਰਖ਼ਾਸਤਗੀ ਦੇ ਹੁਕਮਾਂ ਦੀਆਂ ਕਾਪੀਆਂ ਸਾੜੀਆਂ
 

ਹੁਸ਼ਿਆਰਪੁਰ: 253 ਮਾਸਟਰ ਕਾਡਰ ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨ ਦੇ ਫ਼ੈਸਲੇ ਵਿਰੁੱਧ ਹੁਸ਼ਿਆਰਪੁਰ ਵਿੱਚ ਵੀ ਅਧਿਆਪਕ ਜਥੇਬੰਦੀਆਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਰੋਸ ਮਾਰਚ ਕੱਢਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਬਰਖ਼ਾਸਤਗੀ ਦੇ ਹੁਕਮਾਂ ਦੀਆਂ ਕਾਪੀਆਂ ਸਾੜੀਆਂ।
 

ਅਧਿਆਪਕ ਆਗੂਆਂ ਨੇ ਕਿਹਾ ਕਿ ਸਰਕਾਰ ਦੇ ਇਸ ਫ਼ੈਸਲੇ ਨਾਲ 253 ਪਰਿਵਾਰਾਂ ਦੀ ਰੋਜ਼ੀ-ਰੋਟੀ ਖ਼ਤਰੇ ਵਿੱਚ ਪੈ ਗਈ ਹੈ। ਉਨ੍ਹਾਂ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਵਿੱਚ ਪਿਛਲੇ 10 ਦਿਨਾਂ ਤੋਂ ਧਰਨਾ ਦੇ ਰਹੇ ਅਧਿਆਪਕਾਂ ਨੂੰ ਬਰਖ਼ਾਸਤਗੀ ਦੇ ਹੁਕਮ ਭੇਜਣ ਦੀ ਵੀ ਨਿਖੇਧੀ ਕੀਤੀ।
 

ਆਗੂਆਂ ਨੇ ਕਿਹਾ ਕਿ ਜਿਹੜੀ ਸਰਕਾਰ ਲੋਕਾਂ ਨੂੰ ਰੁਜ਼ਗਾਰ ਦੇਣ ਦੇ ਵਾਅਦੇ ਕਰਦੀ ਸੀ, ਉਹੀ ਹੁਣ ਅਧਿਆਪਕਾਂ ਤੋਂ ਰੁਜ਼ਗਾਰ ਖੋਹ ਰਹੀ ਹੈ। ਉਨ੍ਹਾਂ ਸਰਕਾਰ ਤੋਂ ਸੇਵਾਵਾਂ ਖ਼ਤਮ ਕਰਨ ਦਾ ਫ਼ੈਸਲਾ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ।
 

ਬਟਾਲਾ ਵਿੱਚ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ
 

ਬਟਾਲਾ: ਸਿੱਖਿਆ ਵਿਭਾਗ ਵੱਲੋਂ 253 ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨ ਦੇ ਫ਼ੈਸਲੇ ਖ਼ਿਲਾਫ਼ ਬਟਾਲਾ ਵਿੱਚ ਵੀ ਵੱਖ-ਵੱਖ ਅਧਿਆਪਕ ਜਥੇਬੰਦੀਆਂ ਨੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਸ਼ਹੀਦ ਸੁੱਖਾ ਸਿੰਘ ਤੇ ਮਹਿਤਾਬ ਸਿੰਘ ਪਾਰਕ ਵਿੱਚ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ।
 

ਇਸ ਮੌਕੇ ਅਧਿਆਪਕ ਆਗੂ ਸੋਮ ਸਿੰਘ, ਦਿਲਬਾਗ ਸਿੰਘ ਪੱਡਾ, ਰਵਿੰਦਰਜੀਤ ਸਿੰਘ ਪੰਨੂ, ਤਜਿੰਦਰ ਸਿੰਘ ਸ਼ਾਹ, ਗੁਰਪ੍ਰੀਤ ਸਿੰਘ ਰੰਗੀਲਪੁਰ ਅਤੇ ਰਸ਼ਪਾਲ ਸਿੰਘ ਨੇ ਸੰਬੋਧਨ ਕੀਤਾ।
 

ਆਗੂਆਂ ਨੇ ਦੱਸਿਆ ਕਿ ਬਰਖ਼ਾਸਤ ਕੀਤੇ ਜਾ ਰਹੇ 253 ਅਧਿਆਪਕ ਪਿਛਲੇ ਤਿੰਨ ਸਾਲਾਂ ਤੋਂ ਸਕੂਲਾਂ ਵਿੱਚ ਸੇਵਾਵਾਂ ਨਿਭਾਅ ਰਹੇ ਸਨ। ਉਨ੍ਹਾਂ ਦੀ ਚੋਣ ਉਸ ਸਮੇਂ ਉੱਚ ਅਧਿਕਾਰੀਆਂ ਵੱਲੋਂ ਮੈਰਿਟ ਦੇ ਆਧਾਰ ’ਤੇ ਕੀਤੀ ਗਈ ਸੀ।
 

ਉਨ੍ਹਾਂ ਦੋਸ਼ ਲਾਇਆ ਕਿ ਹੁਣ ਸਰਕਾਰ ਵੱਲੋਂ ਭਰਤੀ ਸਬੰਧੀ ਨਵੀਆਂ ਰੀਕਾਸਟ ਸੂਚੀਆਂ ਜਾਰੀ ਕੀਤੀਆਂ ਜਾ ਰਹੀਆਂ ਹਨ, ਜੋ ਉਨ੍ਹਾਂ ਮੁਤਾਬਕ ਸੰਵਿਧਾਨ ਦੀ ਭਾਵਨਾ ਦੇ ਉਲਟ ਹਨ।
 

ਇਸ ਮੌਕੇ ਪਵਨ ਕੁਮਾਰ, ਸਰਬਜੀਤ ਸਿੰਘ ਔਲਖ, ਹਰਜੀਤ ਸਿੰਘ, ਵੱਸਣ ਸਿੰਘ, ਰਜਨੀਸ਼ ਕੁਮਾਰ, ਸਤਬੀਰ ਸਿੰਘ, ਪੰਕਜ ਬੇਦੀ, ਸਤਨਾਮ ਸਿੰਘ, ਪ੍ਰਦੀਪ ਕੁਮਾਰ, ਅਜੈ ਕੁਮਾਰ, ਪ੍ਰਵੀਨ ਕੁਮਾਰ, ਕੀਮਤੀ ਲਾਲ, ਪਰਮਜੀਤ ਸਿੰਘ, ਅਸ਼ੋਕ ਕੁਮਾਰ ਅਤੇ ਅਮਰਜੀਤ ਸਿੰਘ ਸਮੇਤ ਹੋਰ ਅਧਿਆਪਕ ਤੇ ਸਮਰਥਕ ਮੌਜੂਦ ਸਨ।
 

ਅਧਿਆਪਕ ਜਥੇਬੰਦੀਆਂ ਨੇ ਮੁੜ ਦੁਹਰਾਇਆ ਕਿ 253 ਅਧਿਆਪਕਾਂ ਦੀ ਬਰਖ਼ਾਸਤਗੀ ਦੇ ਹੁਕਮ ਵਾਪਸ ਲਏ ਜਾਣ। ਉਨ੍ਹਾਂ ਕਿਹਾ ਕਿ ਜਦੋਂ ਤੱਕ ਅਧਿਆਪਕਾਂ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।