ਮੋਗਾ 'ਚ 26 ਨਵੰਬਰ ਨੂੰ ਹੋਵੇਗੀ 'ਖ਼ੁਸ਼ਹਾਲ ਪੰਜਾਬ ਰੈਲੀ', 10 ਲੱਖ ਨਵੇਂ ਰਾਸ਼ਨ ਕਾਰਡ ਵੰਡਣ ਦੀ ਹੋਵੇਗੀ ਸ਼ੁਰੂਆਤ
- ਪੰਜਾਬ
- (Asia/Kolkata)
ਆਮ ਆਦਮੀ ਪਾਰਟੀ (ਆਪ) ਵੱਲੋਂ 26 ਨਵੰਬਰ ਨੂੰ ਮੋਗਾ ਵਿਖੇ ਕੀਤੇ ਜਾ ਰਹੇ ਵੱਡੇ ਸਿਆਸੀ ਇਕੱਠ ਨੂੰ ‘ਖ਼ੁਸ਼ਹਾਲ ਪੰਜਾਬ ਰੈਲੀ’ ਦਾ ਨਾਮ ਦਿੱਤਾ ਗਿਆ ਹੈ। ਆਗਾਮੀ ਚੋਣਾਂ ਤੋਂ ਪਹਿਲਾਂ ਪਾਰਟੀ ਇਸ ਰੈਲੀ ਰਾਹੀਂ ਸੂਬੇ ਵਿੱਚ ਆਪਣੀ ਮਜ਼ਬੂਤ ਹਾਜ਼ਰੀ ਦਰਜ ਕਰਵਾਉਣਾ ਚਾਹੁੰਦੀ ਹੈ। ਇਸ ਸਮਾਗਮ ਦਾ ਮੁੱਖ ਕੇਂਦਰ 10 ਲੱਖ ਨਵੇਂ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ ਕਰਨਾ ਹੋਵੇਗਾ, ਜਿਸ ਦੇ ਨਾਲ ਹੀ ਸੂਬਾ ਸਰਕਾਰ ਆਪਣੇ 56 ਮਹੀਨਿਆਂ ਦੇ ਕਾਰਜਕਾਲ ਦਾ ਰਿਪੋਰਟ ਕਾਰਡ ਵੀ ਜਨਤਾ ਸਾਹਮਣੇ ਪੇਸ਼ ਕਰੇਗੀ। ਇਸ ਰੈਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਬੁਲਾਰੇ ਵਜੋਂ ਸ਼ਿਰਕਤ ਕਰਨਗੇ, ਜਦੋਂਕਿ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਉਨ੍ਹਾਂ ਨਾਲ ਸਟੇਜ ਸਾਂਝੀ ਕਰਨਗੇ। ਸਮਾਗਮ ਦੀਆਂ ਤਿਆਰੀਆਂ ਤਹਿਤ ਸੂਬਾ ਸਰਕਾਰ ਨੇ ਵੱਖ-ਵੱਖ ਵਿਭਾਗਾਂ ਤੋਂ ਉਨ੍ਹਾਂ ਦੀਆਂ ਪ੍ਰਾਪਤੀਆਂ ਦੇ ਵੇਰਵੇ ਇਕੱਠੇ ਕੀਤੇ ਹਨ ਅਤੇ ਸੰਭਾਵਨਾ ਹੈ ਕਿ ਰੈਲੀ ਦੌਰਾਨ ਸਰਕਾਰੀ ਪ੍ਰਾਪਤੀਆਂ ਨਾਲ ਸਬੰਧਤ ਇੱਕ ਕਿਤਾਬਚਾ ਵੀ ਵੰਡਿਆ ਜਾਵੇਗਾ। ਨਸ਼ਿਆਂ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਵਿਰੋਧੀ ਧਿਰਾਂ ਵੱਲੋਂ ਲਗਾਤਾਰ ਘੇਰੇ ਜਾਣ ਤੋਂ ਬਾਅਦ, 'ਆਪ' ਲੀਡਰਸ਼ਿਪ ਇਸ ਮੰਚ ਰਾਹੀਂ ਆਪਣਾ ਪੱਖ ਸਪੱਸ਼ਟ ਕਰੇਗੀ। ਰੈਲੀ ਦੀਆਂ ਤਿਆਰੀਆਂ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਦੱਸਿਆ ਕਿ ਇਸ ਇਕੱਠ ਵਿੱਚ ਪੰਜਾਬ ਦੇ ਹਰ ਕੋਨੇ ਤੋਂ ਵੋਟਰਾਂ ਅਤੇ ਸਮਰਥਕਾਂ ਤੋਂ ਇਲਾਵਾ ਵੱਖ-ਵੱਖ ਸੂਬਿਆਂ ਤੋਂ ਪਾਰਟੀ ਲੀਡਰਸ਼ਿਪ, ਅਹੁਦੇਦਾਰ ਅਤੇ ਵਾਲੰਟੀਅਰ ਵੱਡੀ ਗਿਣਤੀ ਵਿੱਚ ਪਹੁੰਚਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਮੌਜੂਦ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ ਅਤੇ ਪ੍ਰੋ. ਬਲਜਿੰਦਰ ਕੌਰ ਨੇ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਕਿਹਾ ਕਿ ਮੌਜੂਦਾ ਸਰਕਾਰ ਨੇ ਪੰਜਾਬ ਨੂੰ ਮਾਰੂਥਲ ਬਣਨ ਤੋਂ ਬਚਾਇਆ ਹੈ ਅਤੇ ਨਹਿਰੀ ਪਾਣੀ ਨੂੰ ਟੇਲਾਂ, ਸੂਇਆਂ ਤੇ ਕੱਸੀਆਂ ਤੱਕ ਪਹੁੰਚਾਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੀਆਂ ਰਜਿਸਟਰੀਆਂ ਦੇ ਕੇ ਜਾਇਦਾਦ ਦੇ ਮਾਲਕਾਨਾ ਹੱਕ ਅਤੇ ਕਰਜ਼ਾ ਲੈਣ ਦੀ ਸਹੂਲਤ ਦਿੱਤੀ ਗਈ ਹੈ, ਨਾਲ ਹੀ ਮਾਤਾਵਾਂ-ਭੈਣਾਂ ਨੂੰ ਵਿੱਤੀ ਸਹਾਇਤਾ ਦੇਣ ਦਾ ਵਾਅਦਾ ਵੀ ਪੂਰਾ ਕੀਤਾ ਗਿਆ ਹੈ। ਵਿਰੋਧੀ ਪਾਰਟੀਆਂ ਦੀਆਂ ‘ਪੰਜਾਬ ਬਚਾਓ ਰੈਲੀਆਂ’ 'ਤੇ ਤੰਜ਼ ਕੱਸਦਿਆਂ ਉਨ੍ਹਾਂ ਕਿਹਾ ਕਿ ਵਿਰੋਧੀਆਂ ਕੋਲ ਹੁਣ ਬਚਾਉਣ ਲਈ ਕੁਝ ਵੀ ਨਹੀਂ ਬਚਿਆ ਹੈ।
Leave a Reply