ਅਮਰੀਕਾ ਵੱਲੋਂ ਭਾਰਤ ਨੂੰ ਛੋਟ: ਰੂਸ ਤੋਂ ਕੱਚਾ ਤੇਲ ਖਰੀਦਣ ਦੀ ਮਿਲੀ ਇਜਾਜ਼ਤ
ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਦੇ ਦਰਮਿਆਨ ਇੱਕ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਅਮਰੀਕਾ ਨੇ ਭਾਰਤ ਨੂੰ ਰੂਸ ਤੋਂ ਕੱਚਾ ਤੇਲ ਖਰੀਦਣ ਲਈ ਸ਼ਰਤੀਆ ਛੋਟ ਦਿੱਤੀ ਹੈ, ਜਿਸ ਨਾਲ ਦੇਸ਼ ਵਿੱਚ ਇੰਧਨ ਦੀਆਂ ਕੀਮਤਾਂ ਦੇ ਦਬਾਅ ਨੂੰ ਘਟਾਉਣ ਦੀ ਉਮੀਦ ਜਤਾਈ ਜਾ ਰਹੀ ਹੈ। ਜਾਣਕਾਰੀ ਮੁਤਾਬਕ ਅਮਰੀਕੀ ਖਜ਼ਾਨਾ ਵਿਭਾਗ ਨੇ ਭਾਰਤੀ ਰਿਫਾਇਨਰੀਆਂ ਨੂੰ 30 ਦਿਨਾਂ ਦਾ ਵਿਸ਼ੇਸ਼ ਲਾਇਸੈਂਸ ਜਾਰੀ ਕੀਤਾ ਹੈ। ਇਹ ਲਾਇਸੈਂਸ 3 ਅਪ੍ਰੈਲ ਤੱਕ ਵੈਧ ਰਹੇਗਾ ਅਤੇ ਇਸ ਮਿਆਦ ਦੌਰਾਨ ਭਾਰਤ ਰੂਸ ਤੋਂ ਕੱਚਾ ਤੇਲ ਖਰੀਦ ਸਕੇਗਾ। ਅਮਰੀਕੀ ਖਜ਼ਾਨਾ ਸਕੱਤਰ ਸਕਾਟ ਬੇਸੈਂਟ ਨੇ 6 ਮਾਰਚ ਨੂੰ ਕਿਹਾ ਕਿ ਇਹ ਅਸਥਾਈ ਕਦਮ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਊਰਜਾ ਏਜੰਡੇ ਦੇ ਤਹਿਤ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਰਤ ਅਮਰੀਕਾ ਦਾ ਇੱਕ ਮਹੱਤਵਪੂਰਨ ਭਾਈਵਾਲ ਹੈ ਅਤੇ ਇਹ ਛੋਟ ਵਿਸ਼ਵ ਬਾਜ਼ਾਰ ਵਿੱਚ ਤੇਲ ਦੀ ਸਥਿਰ ਸਪਲਾਈ ਨੂੰ ਬਣਾਈ ਰੱਖਣ ਲਈ ਦਿੱਤੀ ਗਈ ਹੈ। ਇਸ ਦੌਰਾਨ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵੀ ਤੇਜ਼ੀ ਦਰਜ ਕੀਤੀ ਗਈ ਹੈ। ਬ੍ਰੈਂਟ ਕੱਚੇ ਤੇਲ ਦੀ ਕੀਮਤ 4 ਫੀਸਦੀ ਵਧ ਕੇ 89.18 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਈ ਹੈ, ਜੋ ਅਪ੍ਰੈਲ 2024 ਤੋਂ ਬਾਅਦ ਸਭ ਤੋਂ ਉੱਚਾ ਪੱਧਰ ਹੈ। ਸਕਾਟ ਬੇਸੈਂਟ ਨੇ ਇਹ ਵੀ ਕਿਹਾ ਕਿ ਈਰਾਨ ਵਿਸ਼ਵ ਊਰਜਾ ਬਾਜ਼ਾਰ ਨੂੰ ਬੰਧਕ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਦਬਾਅ ਨੂੰ ਘਟਾਉਣ ਲਈ ਭਾਰਤ ਨੂੰ 30 ਦਿਨਾਂ ਦੀ ਇਹ ਛੋਟ ਦਿੱਤੀ ਗਈ ਹੈ। ਉਨ੍ਹਾਂ ਕਿਹਾ, “ਸਾਨੂੰ ਉਮੀਦ ਹੈ ਕਿ ਇਸ ਤੋਂ ਬਾਅਦ ਭਾਰਤ ਅਮਰੀਕੀ ਤੇਲ ਦੀ ਆਪਣੀ ਖਰੀਦ ਨੂੰ ਤੇਜ਼ ਕਰੇਗਾ।” ਅਮਰੀਕਾ ਦਾ ਮੰਨਣਾ ਹੈ ਕਿ ਇਸ ਕਦਮ ਨਾਲ ਵਿਸ਼ਵ ਬਾਜ਼ਾਰ ਵਿੱਚ ਤੇਲ ਦੀ ਸੰਭਾਵਿਤ ਕਮੀ ਨੂੰ ਰੋਕਣ ਵਿੱਚ ਮਦਦ ਮਿਲ ਸਕਦੀ ਹੈ ਅਤੇ ਸਪਲਾਈ ਲੜੀ ਨੂੰ ਸਥਿਰ ਬਣਾਇਆ ਰੱਖਿਆ ਜਾ ਸਕਦਾ ਹੈ।
Posted By: Daily Suraj Bureau