ਨਗਰ ਨਿਗਮ ‘ਚ ਪੱਤਰਕਾਰਾਂ ਨਾਲ ਦੁਰਵਿਹਾਰ ਲਈ ਨਿਗਮ ਕਮਿਸ਼ਨਰ ਜਿੰਮੇਵਾਰ - ਸੁਖਵਿੰਦਰ ਸਿੰਘ ਸ਼ੇਰਗਿਲ

ਨਗਰ ਨਿਗਮ ‘ਚ ਪੱਤਰਕਾਰਾਂ ਨਾਲ ਦੁਰਵਿਹਾਰ ਲਈ ਨਿਗਮ ਕਮਿਸ਼ਨਰ ਜਿੰਮੇਵਾਰ - ਸੁਖਵਿੰਦਰ ਸਿੰਘ ਸ਼ੇਰਗਿਲ

ਨਿਗਮ ਕਮਿਸ਼ਨਰ ਵਲੋਂ ਮੁਆਫੀ ਦੀ ਕੀਤੀ ਮੰਗ, ਕਿਹਾ—ਬਸਪਾ ਹਮੇਸ਼ਾ ਪੱਤਰਕਾਰਾਂ ਦੇ ਹੱਕਾਂ ਅਤੇ ਆਜ਼ਾਦੀ ਦੇ ਨਾਲ ਖੜ੍ਹੀ ਹੈ( ਸਤ ਪ੍ਰਕਾਸ਼ ਸਿੰਘ ਸੱਗੂ ) ਨਗਰ ਨਿਗਮ ਫਗਵਾੜਾ ਦੀ ਹਾਊਸ ਮੀਟਿੰਗ ਦੌਰਾਨ ਪੱਤਰਕਾਰਾਂ ਨਾਲ ਕਥਿਤ ਤੌਰ ’ਤੇ ਹੋਏ ਦੁਰਵਿਹਾਰ ਦੀ ਬਹੁਜਨ ਸਮਾਜ ਪਾਰਟੀ ਨੇ ਸਖ਼ਤ ਨਿੰਦਾ ਕੀਤੀ ਹੈ। ਬਸਪਾ ਦੇ ਫਗਵਾੜਾ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਲੋਕਤੰਤਰ ਦੇ ਚੌਥੇ ਥੰਮ੍ਹ ਵਜੋਂ ਪੱਤਰਕਾਰਤਾ ਦੀ ਆਪਣੀ ਮਹੱਤਵਪੂਰਨ ਭੂਮਿਕਾ ਹੈ ਅਤੇ ਪੱਤਰਕਾਰਾਂ ਨਾਲ ਕਿਸੇ ਵੀ ਤਰ੍ਹਾਂ ਦਾ ਦੁਰਵਿਵਹਾਰ ਲੋਕਤੰਤਰ ਦੀ ਮਰਿਆਦਾ ਦੇ ਅਨੁਕੂਲ ਨਹੀਂ ਹੈ। ਸ਼ੇਰਗਿੱਲ ਨੇ ਕਿਹਾ ਕਿ ਨਗਰ ਨਿਗਮ ਦੀ ਹਾਊਸ ਮੀਟਿੰਗ ਵਿੱਚ ਮੇਅਰ, ਕੌਂਸਲਰਾਂ ਅਤੇ ਹੋਰ ਅਧਿਕਾਰੀਆਂ ਦੀ ਮੌਜੂਦਗੀ ਦੌਰਾਨ ਪੱਤਰਕਾਰ ਵੀ ਮੀਟਿੰਗ ਦੀ ਕਾਰਵਾਈ ਨੂੰ ਕਵਰ ਕਰਨ ਲਈ ਪਹੁੰਚੇ ਸਨ। ਉਨ੍ਹਾਂ ਅਨੁਸਾਰ ਇਸ ਦੌਰਾਨ ਪੱਤਰਕਾਰਾਂ ਨੂੰ ਬਾਹਰ ਜਾਣ ਲਈ ਕਿਹਾ ਗਿਆ, ਜਿਸ ਕਾਰਨ ਪੱਤਰਕਾਰਾਂ ਅਤੇ ਸੱਤਾ ਧਿਰ ਨਾਲ ਕੁਝ ਤਲਖੀ ਵੀ ਹੋਈ ਜੋ ਕਿ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਚੁਣੇ ਹੋਏ ਲੀਡਰ ਆਉਂਦੇ-ਜਾਂਦੇ ਰਹਿੰਦੇ ਹਨ, ਪਰ ਨਗਰ ਨਿਗਮ ਦੀ ਸੰਸਥਾਗਤ ਮਰਿਆਦਾ ਨੂੰ ਕਾਇਮ ਰੱਖਣ ਦੀ ਜ਼ਿੰਮੇਵਾਰੀ ਸਬੰਧਤ ਅਧਿਕਾਰੀਆਂ ਦੀ ਹੁੰਦੀ ਹੈ। ਨਿਗਮ ਕਮਿਸ਼ਨਰ ਇੱਕ ਪ੍ਰਸ਼ਾਸਨਿਕ ਅਧਿਕਾਰੀ ਹੋਣ ਦੇ ਨਾਤੇ ਕਿਸੇ ਵੀ ਪੱਖ ਨਾਲ ਪੱਖਪਾਤ ਕੀਤੇ ਬਿਨਾਂ ਸਾਰਿਆਂ ਨਾਲ ਨਿਰਪੱਖ ਵਿਵਹਾਰ ਕਰਨ ਲਈ ਜ਼ਿੰਮੇਵਾਰ ਹੁੰਦੇ ਹਨ। ਬਸਪਾ ਆਗੂ ਨੇ ਕਿਹਾ ਕਿ ਪੱਤਰਕਾਰਤਾ ਦੀ ਆਜ਼ਾਦੀ ਲੰਬੇ ਸੰਘਰਸ਼ ਤੋਂ ਬਾਅਦ ਮਜ਼ਬੂਤ ਹੋਈ ਹੈ। ਪੱਤਰਕਾਰ ਨਗਰ ਨਿਗਮ ਦੀਆਂ ਮੀਟਿੰਗਾਂ ਅਤੇ ਸਰਕਾਰੀ ਕੰਮਕਾਜ ਨਾਲ ਸਬੰਧਤ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਦਾ ਕੰਮ ਕਰਦੇ ਹਨ। ਲੋਕ ਇਹ ਜਾਣਨਾ ਚਾਹੁੰਦੇ ਹਨ ਕਿ ਉਨ੍ਹਾਂ ਦੇ ਚੁਣੇ ਹੋਏ ਨੁਮਾਇੰਦੇ ਅਤੇ ਨਗਰ ਨਿਗਮ ਲੋਕਾਂ ਲਈ ਕੀ ਕੰਮ ਕਰ ਰਹੇ ਹਨ ਅਤੇ ਸਰਕਾਰੀ ਸਹੂਲਤਾਂ ਦਾ ਲਾਭ ਕਿਵੇਂ ਲੋਕਾਂ ਤੱਕ ਪਹੁੰਚ ਰਿਹਾ ਹੈ। ਜੇਕਰ ਪੱਤਰਕਾਰਾਂ ਨੂੰ ਹੀ ਨਗਰ ਨਿਗਮ ਦੀ ਹਾਊਸ ਮੀਟਿੰਗ ਦੀ ਕਾਰਵਾਈ ਤੋਂ ਦੂਰ ਰੱਖਿਆ ਜਾਵੇਗਾ ਤਾਂ ਆਮ ਲੋਕਾਂ ਤੱਕ ਨਿਗਮ ਦੇ ਕੰਮਕਾਜ ਅਤੇ ਫੈਸਲਿਆਂ ਦੀ ਜਾਣਕਾਰੀ ਕਿਵੇਂ ਪਹੁੰਚੇਗੀ। ਉਨ੍ਹਾਂ ਕਿਹਾ ਕਿ ਪੱਤਰਕਾਰਾਂ ਨੂੰ ਆਪਣੀ ਡਿਊਟੀ ਨਿਭਾਉਣ ਤੋਂ ਰੋਕਣਾ ਕਿਸੇ ਵੀ ਤਰ੍ਹਾਂ ਉਚਿਤ ਨਹੀਂ ਕਿਹਾ ਜਾ ਸਕਦਾ। ਬਸਪਾ ਆਗੂ ਨੇ ਹੋਰ ਕਿਹਾ ਕਿ ਬਹੁਜਨ ਸਮਾਜ ਪਾਰਟੀ ਹਮੇਸ਼ਾ ਪੱਤਰਕਾਰਾਂ ਦੇ ਹੱਕਾਂ ਅਤੇ ਆਜ਼ਾਦੀ ਦੇ ਨਾਲ ਖੜ੍ਹੀ ਹੈ। ਪੱਤਰਕਾਰਾਂ ਨਾਲ ਹੋਏ ਇਸ ਵਿਵਹਾਰ ਦੀ ਬਸਪਾ ਵੱਲੋਂ ਸਖ਼ਤ ਨਿੰਦਾ ਕਰਦੇ ਹੋਏ ਨਗਰ ਨਿਗਮ ਕਮਿਸ਼ਨਰ ਤੋਂ ਮਾਫ਼ੀ ਦੀ ਮੰਗ ਕੀਤੀ ਅਤੇ ਤਾੜਨਾ ਕੀਤੀ ਕਿ ਭਵਿੱਖ ਵਿੱਚ ਮੀਡੀਆ ਨਾਲ ਅਜਿਹੀ ਘਟਨਾ ਦੁਬਾਰਾ ਨਹੀਂ ਵਾਪਰਨੀ ਚਾਹੀਦੀ। ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਪੱਤਰਕਾਰਾਂ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਬਣਦਾ ਸਨਮਾਨ ਅਤੇ ਆਜ਼ਾਦ ਮਾਹੌਲ ਮੁਹੱਈਆ ਕਰਵਾਇਆ ਜਾਵੇ, ਤਾਂ ਜੋ ਨਗਰ ਨਿਗਮ ਦੇ ਕੰਮਕਾਜ ਦੀ ਸਹੀ ਜਾਣਕਾਰੀ ਲੋਕਾਂ ਤੱਕ ਪਹੁੰਚ ਸਕੇ।