ਹਰਿਆਣਾ : ਸਾਂਝਾ ਅਧਿਆਪਕ ਮੋਰਚਾ ਪੰਜਾਬ ਅਤੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਨਾਲ ਸਿੱਖਿਆ ਮੰਤਰੀ ਵਲੋਂ ਲਿਖਤੀ ਪੱਤਰ ਰਾਹੀਂ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਅੱਗੇ ਕੀਤੇ ਰੋਸ ਪ੍ਰਦਰਸ਼ਨ ਦੇ ਸਿੱਟੇ ਵਜੋਂ ਦਿੱਤੇ ਸੱਦੇ ਤੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਨਾ ਕਰਕੇ ਸਿੱਖਿਆ ਮੰਤਰੀ ਨੇ ਸਿੱਖਿਆ ਪ੍ਰਤੀ ਗੈਰ ਸੰਜੀਦਗੀ ਦਾ ਪ੍ਰਗਟਾਵਾ ਕੀਤਾ ਹੈ ਅਤੇ ਇੱਕ ਵਾਰ ਫਿਰ ਮੀਟਿੰਗ ਤੋਂ ਭੋਗੋੜਾ ਹੋਇਆ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਗੌਰਮਿੰਟ ਟੀਚਰਜ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਅਤੇ ਸੂਬਾ ਵਿੱਤ ਸਕੱਤਰ ਅਮਨਦੀਪ ਸ਼ਰਮਾਂ ਨੇ ਮੀਟਿੰਗ ਨਾ ਕਰਨ ਦੀ ਪੁਰਜ਼ੋਰ ਸ਼ਬਦਾਂ ਵਿੱਚ ਨਿਖੇਧੀ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਧਿਆਪਕ ਆਗੂਆਂ ਨੇ ਦੱਸਿਆ ਕਿ ਅਧਿਆਪਕਾਂ ਦੇ ਚਿਰਾਂ ਤੋਂ ਲਟਕਦੇ ਮਸਲੇ ਹੱਲ ਨਾ ਕਰਨ ਅਤੇ ਜਨਤਕ ਸਿੱਖਿਆ ਨੂੰ ਤਬਾਹੀ ਵੱਲ ਧੱਕਣ ਲਈ ਮੌਜੂਦਾ ਸਰਕਾਰ ਜਿੰਮੇਵਾਰ ਹੈ, ਜੋ ਸਰਕਾਰੀ ਸਕੂਲਾਂ ਨੂੰ ਬੰਦ ਕਰਕੇ ਪ੍ਰਾਈਵੇਟ ਸਿੱਖਿਆ ਮਾਫੀਆ ਨੂੰ ਫਾਇਦਾ ਪਹੁੰਚਾਉਣਾ ਚਾਹੁੰਦੀ ਹੈ। ਇਸ ਮੌਕੇ ਬੋਲਦਿਆਂ ਸੀਨੀਅਰ ਮੀਤ ਪ੍ਰਧਾਨ ਪ੍ਰਿਤਪਾਲ ਸਿੰਘ ਚੌਟਾਲਾ ਨੇ ਮੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੀਟੀ ਆਈਜ਼/ਆਰਟ ਐਂਡ ਕਰਾਫਟ ਟੀਚਰਜ਼ ਦੀ ਤਨਖਾਹ ਕਟੌਤੀ ਦਾ ਪੱਤਰ ਵਾਪਸ ਲੈਣ,ਪ੍ਰਾਇਮਰੀ ਸਕੂਲਾਂ ਵਿੱਚ ਜਮਾਤਵਾਰ ਅਤੇ ਮਿਡਲ, ਹਾਈ, ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵਿਸ਼ਾਵਾਰ ਅਧਿਆਪਕਾਂ ਦੀ ਨਿਯੁਕਤੀ ਕਰਨ, ਹਰ ਵਰਗ ਦੀਆਂ ਰਹਿੰਦੀਆਂ ਤਰੱਕੀਆਂ ਕਰਨ, 873 ਡੀਪੀਈ ਭਰਤੀ ਵਿੱਚੋਂ ਰਹਿੰਦੇ ਉਮੀਦਵਾਰਾਂ ਨੂੰ ਜਲਦ ਆਰਡਰ ਦੇਣ, ਤਨਖਾਹ ਕਮਿਸ਼ਨ ਦੀ ਰਹਿੰਦੀ ਰਿਪੋਰਟ ਜਾਰੀ ਕਰਨ ਅਤੇ ਤਰੁਟੀਆਂ ਦੂਰ ਕਰਨ, ਸੋਧ ਦੇ ਨਾਂ ਤੇ ਬੰਦ ਕੀਤੇ ਪੇਂਡੂ ਭੱਤੇ ਸਮੇਤ ਸਮੁੱਚੇ ਭੱਤੇ ਬਹਾਲ ਕਰਨ ਸਮੇਤ ਅਧਿਆਪਕਾਂ ਦੇ ਸਮੁੱਚੇ ਮਸਲੇ ਹੱਲ ਕਰਨ ਦੀ ਮੰਗ ਕੀਤੀ। ਅਧਿਆਪਕ ਆਗੂਆਂ ਨੇ ਦੱਸਿਆ ਕਿ ਸਿੱਖਿਆ ਮੰਤਰੀ ਦੇ ਇਸ ਅੜੀਅਲ ਰਵਈਏ ਪ੍ਰਤੀ ਸਿੱਖਿਆ ਮੰਤਰੀ ਦੇ ਹਲਕੇ ’ਚ ਸਾਂਝਾ ਅਧਿਆਪਕ ਮੋਰਚਾ ਵਲੋਂ 19 ਜਨਵਰੀ ਨੂੰ ਸਿੱਖਿਆ ਮੰਤਰੀ ਦੇ ਹਲਕੇ ਆਨੰਦਪੁਰ ਸਾਹਿਬ ਵਿਖੇ ਰੋਹ ਭਰਪੂਰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਸੰਜੀਵ ਧੂਤ, ਸਚਿਨ ਕੁਮਾਰ, ਪ੍ਰਿੰਸ ਗੜਦੀਵਾਲ, ਵਿਕਾਸ ਸ਼ਰਮਾ, ਰਾਜ ਕੁਮਾਰ, ਪਰਮਜੀਤ ਸਿੰਘ, ਸਰਬਜੀਤ ਸਿੰਘ, ਦਵਿੰਦਰ ਸਿੰਘ, ਪਰਮਜੀਤ ਕਾਤਬ, ਉਪਿੰਦਰਜੀਤ ਸਿੰਘ ਅਤੇ ਹੋਰ ਵੱਡੀ ਗਿਣਤੀ ਵਿੱਚ ਅਧਿਆਪਕ ਸ਼ਾਮਿਲ ਸਨ।
Leave a Reply