Daily Suraj

ਪੰਜਾਬੀ

ਲਾਚੀਨ ਨਹਿਰ 'ਚ ਡੁੱਬਦੇ ਦੋਸਤ ਨੂੰ ਬਚਾਉਣ ਲਈ ਮਾਰੀ ਛਾਲ, ਪੰਜਾਬੀ ਨੌਜਵਾਨ ਨੇ ਗੁਆਈ ਜਾਨ

07 Jul, 2026 10:28 AM

ਕੈਨੇਡਾ ਤੋਂ ਇੱਕ ਬੇਹੱਦ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿੱਥੇ ਬਰਨਾਲਾ ਜ਼ਿਲ੍ਹੇ ਦੇ ਤਪਾ ਮੰਡੀ (ਘੁੰਨਸ ਰੋਡ) ਦੇ ਰਹਿਣ ਵਾਲੇ 26 ਸਾਲਾ ਲਵਪ੍ਰੀਤ ਸਿੰਘ ਦੀ ਆਪਣੇ ਡੁੱਬਦੇ ਦੋਸਤ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਮੌਤ ਹੋ ਗਈ। ਇਸ ਘਟਨਾ ਨੇ ਪਰਿਵਾਰ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜਾ ਦਿੱਤੀ ਹੈ। ਜਾਣਕਾਰੀ ਅਨੁਸਾਰ, ਇਹ ਹਾਦਸਾ ਕੈਨੇਡਾ ਦੇ ਮਾਂਟਰੀਅਲ ਸ਼ਹਿਰ ਸਥਿਤ ਲਾਚੀਨ ਨਹਿਰ ਦੇ ਕਿਨਾਰੇ ਵਾਪਰਿਆ। ਲਵਪ੍ਰੀਤ ਸਿੰਘ ਦੇ ਇੱਕ ਦੋਸਤ ਦਾ ਅਚਾਨਕ ਪੈਰ ਫਿਸਲਣ ਕਾਰਨ ਉਹ ਨਹਿਰ ਵਿੱਚ ਡਿੱਗ ਗਿਆ। ਦੋਸਤ ਨੂੰ ਮੁਸੀਬਤ ਵਿੱਚ ਦੇਖ ਕੇ ਲਵਪ੍ਰੀਤ ਨੇ ਬਿਨਾਂ ਦੇਰੀ ਕੀਤੇ ਉਸ ਨੂੰ ਬਚਾਉਣ ਲਈ ਨਹਿਰ ਵਿੱਚ ਛਾਲ ਮਾਰ ਦਿੱਤੀ। ਹਾਲਾਂਕਿ, ਪਾਣੀ ਦੇ ਤੇਜ਼ ਵਹਾਅ ਕਾਰਨ ਦੋਵੇਂ ਨੌਜਵਾਨ ਡੁੱਬ ਗਏ। ਕੈਨੇਡਾ ਦੇ ਬਚਾਅ ਦਸਤਿਆਂ ਨੇ ਕਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਦੋਵਾਂ ਨੂੰ ਨਹਿਰ ਵਿੱਚੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ, ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। 

ਇਸ ਦਰਦਨਾਕ ਘਟਨਾ ਨੇ ਸਾਬਕਾ ਫੌਜੀ ਬਲਵੀਰ ਸਿੰਘ ਦੇ ਪਰਿਵਾਰ ਨੂੰ ਡੂੰਘੇ ਸਦਮੇ ਵਿੱਚ ਪਾ ਦਿੱਤਾ ਹੈ। ਜ਼ਮੀਨ ਵੇਚ ਕੇ ਪੁੱਤ ਨੂੰ ਭੇਜਿਆ ਸੀ ਕੈਨੇਡਾ ਲਵਪ੍ਰੀਤ ਸਿੰਘ ਕਰੀਬ ਢਾਈ ਸਾਲ ਪਹਿਲਾਂ ਵਰਕ ਪਰਮਿਟ 'ਤੇ ਕੈਨੇਡਾ ਦੇ ਮਾਂਟਰੀਅਲ ਗਿਆ ਸੀ, ਜਿੱਥੇ ਉਹ ਇੱਕ ਕੰਪਨੀ ਵਿੱਚ ਟਰਾਲਾ ਡਰਾਈਵਰ ਵਜੋਂ ਕੰਮ ਕਰ ਰਿਹਾ ਸੀ। 12ਵੀਂ ਜਮਾਤ ਪਾਸ ਕਰਨ ਤੋਂ ਬਾਅਦ ਉਹ ਆਪਣੇ ਪਰਿਵਾਰ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਿਦੇਸ਼ ਗਿਆ ਸੀ। ਉਸ ਦੇ ਪਿਤਾ ਬਲਵੀਰ ਸਿੰਘ, ਜੋ ਸੀ.ਆਰ.ਪੀ.ਐਫ. ਤੋਂ ਸੇਵਾਮੁਕਤ ਹਨ, ਨੇ ਪੁੱਤ ਨੂੰ ਕੈਨੇਡਾ ਭੇਜਣ ਲਈ ਆਪਣੀ ਹਿੱਸੇ ਦੀ ਕਰੀਬ ਪੌਣੇ ਦੋ ਏਕੜ ਅਤੇ ਪਰਿਵਾਰ ਦੀ ਕੁੱਲ ਢਾਈ ਏਕੜ ਜ਼ਮੀਨ ਵੇਚ ਕੇ ਲਗਭਗ 29 ਲੱਖ ਰੁਪਏ ਦਾ ਪ੍ਰਬੰਧ ਕੀਤਾ ਸੀ। ਪਰਿਵਾਰ ਦਾ ਇਕਲੌਤਾ ਪੁੱਤ ਹੋਣ ਕਾਰਨ ਇਸ ਘਟਨਾ ਨਾਲ ਮਾਪਿਆਂ ਅਤੇ ਉਸ ਦੀ ਇਕਲੌਤੀ ਭੈਣ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਲਵਪ੍ਰੀਤ ਨੇ ਮਹਿਜ਼ 10 ਦਿਨ ਪਹਿਲਾਂ ਹੀ ਘਰ ਫੋਨ ਕਰਕੇ ਆਪਣੇ ਪਰਿਵਾਰ ਨਾਲ ਗੱਲਬਾਤ ਕੀਤੀ ਸੀ। ਮ੍ਰਿਤਕ ਦੇਹ ਪੰਜਾਬ ਲਿਆਉਣ ਲਈ ਸਰਕਾਰਾਂ ਅਤੇ ਐਨਆਰਆਈ ਭਾਈਚਾਰੇ ਕੋਲ ਅਪੀਲ ਦੁੱਖੀ ਪਰਿਵਾਰ ਨੇ ਕੇਂਦਰ ਸਰਕਾਰ, ਪੰਜਾਬ ਸਰਕਾਰ, ਕੈਨੇਡਾ ਸਰਕਾਰ, ਵਿਦੇਸ਼ਾਂ ਵਿੱਚ ਰਹਿੰਦੇ ਐਨਆਰਆਈ ਭਾਈਚਾਰੇ ਅਤੇ ਸਮਾਜ ਸੇਵੀਆਂ ਕੋਲ ਮਦਦ ਦੀ ਅਪੀਲ ਕੀਤੀ ਹੈ। ਪਰਿਵਾਰ ਦੀ ਮੰਗ ਹੈ ਕਿ ਲਵਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਕੈਨੇਡਾ ਤੋਂ ਤਪਾ ਮੰਡੀ ਲਿਆਉਣ ਵਿੱਚ ਹਰ ਸੰਭਵ ਸਹਿਯੋਗ ਦਿੱਤਾ ਜਾਵੇ, ਤਾਂ ਜੋ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਉਸ ਦਾ ਅੰਤਿਮ ਸੰਸਕਾਰ ਕੀਤਾ ਜਾ ਸਕੇ। ਲਵਪ੍ਰੀਤ ਦੇ ਪਰਿਵਾਰ ਵਿੱਚ ਹੁਣ ਉਸ ਦੇ ਪਿਤਾ, ਮਾਤਾ ਅਤੇ ਇਕਲੌਤੀ ਭੈਣ ਹੀ ਰਹਿ ਗਏ ਹਨ। ਦੂਜੇ ਨੌਜਵਾਨ ਦੀ ਵੀ ਗਈ ਜਾਨ ਇਸ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਦੂਜੇ ਨੌਜਵਾਨ ਦੇ ਨਾਮ ਦੀ ਅਧਿਕਾਰਤ ਪੁਸ਼ਟੀ ਨਹੀਂ ਹੋ ਸਕੀ। ਹਾਲਾਂਕਿ, ਸੂਤਰਾਂ ਮੁਤਾਬਕ ਉਸ ਦੇ ਮਾਤਾ-ਪਿਤਾ ਦੀ ਪਛਾਣ ਸੁਖਰਾਜ ਸਿੰਘ ਅਤੇ ਜਸਵੰਤ ਕੌਰ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਬੁਤਾਲਾ/ਨੌਰੰਗਪੁਰ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ। 

ਸਿਆਸੀ ਆਗੂਆਂ ਨੇ ਦੁੱਖ ਪ੍ਰਗਟਾਇਆ ਇਸ ਮੰਦਭਾਗੀ ਘਟਨਾ 'ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੰਡੇਰ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਲਵਪ੍ਰੀਤ ਦੀ ਮ੍ਰਿਤਕ ਦੇਹ ਪੰਜਾਬ ਲਿਆਉਣ ਲਈ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਨੌਜਵਾਨਾਂ ਲਈ ਰੁਜ਼ਗਾਰ ਦੇ ਵਧੀਆ ਮੌਕੇ ਹੁੰਦੇ ਤਾਂ ਉਨ੍ਹਾਂ ਨੂੰ ਰੋਜ਼ੀ-ਰੋਟੀ ਲਈ ਵਿਦੇਸ਼ਾਂ ਦਾ ਰੁਖ ਨਾ ਕਰਨਾ ਪੈਂਦਾ। ਇਸ ਮੌਕੇ ਮ੍ਰਿਤਕ ਦੇ ਪਿਤਾ ਬਲਵੀਰ ਸਿੰਘ, ਮਾਤਾ ਵੀਰਪਾਲ ਕੌਰ, ਮਾਮਾ ਗੁਰਤੇਜ ਸਿੰਘ, ਗੁਰਦੀਪ ਸਿੰਘ, ਇੰਦਰਜੀਤ ਸਿੰਘ, ਜਸਕਰਨ ਸਿੰਘ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਵਾਈਸ ਪ੍ਰਧਾਨ ਪ੍ਰਿੰਸੀਪਲ ਬਲਦੇਵ ਸਿੰਘ, ਹਰਪ੍ਰੀਤ ਸਿੰਘ, ਜਸਨਪ੍ਰੀਤ ਸਿੰਘ, ਮੱਖਣ ਸਿੰਘ, ਜਥੇਦਾਰ ਲਖਵੀਰ ਸਿੰਘ ਧਾਲੀਵਾਲ, ਮਲਕੀਤ ਸਿੰਘ, ਗ੍ਰੰਥੀ ਕੁਲਦੀਪ ਸਿੰਘ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ।

Posted By: Daily Suraj Bureau

Latest News