ਹਾਊਸ ਸਰਜਨ ਨਿਯੁਕਤੀ: ਸਿਹਤ ਸੇਵਾਵਾਂ ਨੂੰ ਹੋਵੇਗਾ ਬਲ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਫ਼ਰਵਰੀ (ਸਤੀਸ਼ ਕੁਮਾਰ ਪੱਪੀ);- ਜ਼ਿਲ੍ਹਾ ਵਾਸੀਆਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਜ਼ਿਲ੍ਹਾ ਸਿਹਤ ਵਿਭਾਗ ਵਿਚ ਨਵੇਂ ਹਾਊਸ ਸਰਜਨ ਨਿਯੁਕਤ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿਚ 25 ਨਵੇਂ ਹਾਊਸ ਸਰਜਨ ਨਿਯੁਕਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ 6 ਹਾਊਸ ਸਰਜਨਾਂ ਨੂੰ ਨਿਯੁਕਤੀ ਪੱਤਰ ਦਿਤੇ ਗਏ ਹਨ, ਜਦ ਕਿ ਬਾਕੀਆਂ ਨੂੰ ਵੀ ਨਿਯੁਕਤੀ ਵਾਸਤੇ ਸੱਦਾ ਦਿਤਾ ਗਿਆ ਹੈ। ਇਨ੍ਹਾਂ ਨਵੇਂ ਡਾਕਟਰਾਂ ਦੀ ਤੈਨਾਤੀ ਜ਼ਿਲ੍ਹਾ ਹਸਪਤਾਲ ਮੋਹਾਲੀ, ਸਬ-ਡਵੀਜ਼ਨਲ ਹਸਪਤਾਲ ਖਰੜ ਅਤੇ ਡੇਰਾਬੱਸੀ ਵਿਚ ਕੀਤੀ ਜਾਵੇਗੀ। ਡਾ. ਜੈਨ ਨੇ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਦੀ ਨਿਯੁਕਤੀ ਨਾਲ ਜ਼ਿਲ੍ਹੇ ਦੇ ਲੋਕਾਂ ਨੂੰ ਹੋਰ ਵਧੀਆ ਸਿਹਤ ਸੇਵਾਵਾਂ ਦੇਣ ਵਿਚ ਕਾਫ਼ੀ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਯਕੀਨੀ ਬਣਾ ਰਿਹਾ ਹੈ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਆਉਣ ਵਾਲੇ ਲੋਕਾਂ ਨੂੰ ਉੱਚ ਪੱਧਰ ਦੀਆਂ ਸਿਹਤ ਸਹੂਲਤਾਂ ਮਿਲਣ ਅਤੇ ਕਿਸੇ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਦੀ ਚੰਗੀ ਸਿਹਤ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
Posted By: Daily Suraj Bureau