Daily Suraj

ਪੰਜਾਬੀ

ਵਿਧਾਨ ਸਭਾ ਵਿੱਚ ਹੰਗਾਮਾ, ਕਾਂਗਰਸੀ ਮੈਂਬਰਾਂ ਨੇ ਕੀਤਾ ਵਾਕਆਊਟ

25 Feb, 2026 02:10 PM

ਹਰਿਆਣਾ ਵਿਧਾਨ ਸਭਾ ਵਿੱਚ ਕਾਂਗਰਸੀ ਵਿਧਾਇਕਾਂ ਨੇ ਹਰਿਆਣਾ ਕਾਂਗਰਸ ਨੂੰ ਪ੍ਰਦਰਸ਼ਨ ਕਰਨ ਤੋਂ ਰੋਕਣ ਦੇ ਮੁੱਦੇ ਉੱਤੇ ਜ਼ੋਰਦਾਰ ਹੰਗਾਮਾ ਕੀਤਾ ਅਤੇ ਉਸ ਤੋਂ ਬਾਅਦ ਵਾਕ ਆਊਟ ਕੀਤਾ। ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਅੱਜ ਪੁਲੀਸ ਵੱਲੋਂ ਕਾਂਗਰਸੀ ਆਗੂਆਂ ਨੂੰ ਚੰਡੀਗੜ੍ਹ ਆਉਣ ਤੋਂ ਰੋਕਣ ਲਈ ਹਾਊਸ ਅਰੈਸਟ ਕੀਤਾ ਗਿਆ ਹੈ ਜੋ ਕਿ ਸਰਾਸਰ ਗ਼ਲਤ ਹੈ। ਉਨ੍ਹਾਂ ਕਿਹਾ ਕਿ ਸੱਤਾਧਾਰੀ ਧਿਰ ਵੱਲੋਂ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਬਾਰੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੋਈ ਵੀ ਜਾਣਕਾਰੀ ਨਾ ਹੋਣ ਦਾ ਭਰੋਸਾ ਦਿੱਤਾ। ਜ਼ਿਕਰਯੋਗ ਹੈ ਕਿ ਅੱਜ ਹਰਿਆਣਾ ਕਾਂਗਰਸ ਵੱਲੋਂ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਦੇ ਸੈਕਟਰ ਨੌ ਵਿਖੇ ਸਥਿਤ ਹਰਿਆਣਾ ਕਾਂਗਰਸ ਦੇ ਦਫ਼ਤਰ ਤੋਂ ਪੈਦਲ ਮਾਰਚ ਕਰਦਿਆਂ ਹਰਿਆਣਾ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਣਾ ਸੀ। ਹਾਲਾਂਕਿ ਚੰਡੀਗੜ੍ਹ ਪੁਲੀਸ ਵੱਲੋਂ ਹਰਿਆਣਾ ਕਾਂਗਰਸ ਨੂੰ ਇਸ ਰੋਸ ਪ੍ਰਦਰਸ਼ਨ ਦੀ ਪ੍ਰਵਾਨਗੀ ਨਹੀਂ ਦਿੱਤੀ ਗਈ ਸੀ। ਚੰਡੀਗੜ੍ਹ ਪੁਲੀਸ ਦਾ ਕਹਿਣਾ ਸੀ ਕਿ ਸ਼ਹਿਰ ਵਿੱਚ ਪ੍ਰਦਰਸ਼ਨ ਕਰਨ ਲਈ ਸੈਕਟਰ 25 ਗਰਾਊਂਡ ਨੂੰ ਇਜਾਜ਼ਤ ਕੀਤਾ ਗਿਆ ਹੈ ਇਸ ਤੋਂ ਇਲਾਵਾ ਸ਼ਹਿਰ ਵਿੱਚ ਕਿਤੇ ਵੀ ਪ੍ਰਦਰਸ਼ਨ ਕਰਨ ਦੀ ਪ੍ਰਵਾਨਗੀ ਨਹੀਂ ਦਿੱਤੀ ਜਾ ਸਕਦੀ। ਦੱਸਣਯੋਗ ਹੈ ਕਿ ਲੰਘੇ ਦਿਨ ਕਾਂਗਰਸੀ ਵਿਧਾਇਕਾਂ ਵੱਲੋਂ ਹਰਿਆਣਾ ਵਿਧਾਨ ਸਭਾ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਸੀ, ਜਿਸ ਕਰਕੇ ਸ਼ਹਿਰ ਵਿੱਚ ਟਰੈਫ਼ਿਕ ਜਾਮ ਦੀ ਵਿਵਸਥਾ ਖੜੀ ਹੋ ਗਈ ਸੀ ਅਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਕਈ ਜੱਜ ਵੀ ਉਸ ਵਿੱਚ ਫਸ ਗਏ ਸਨ। ਇਸ ਤੋਂ ਬਾਅਦ ਹਾਈਕੋਰਟ ਦੇ ਜੱਜ ਨੇ ਚੰਡੀਗੜ੍ਹ ਦੇ ਡੀਜੀਪੀ ਨੂੰ ਤਲਬ ਕਰਕੇ ਟਰੈਫਿਕ ਵਿਵਸਥਾ ਨੂੰ ਸੁਚਾਰੂ ਰੱਖਣ ਦੇ ਨਿਰਦੇਸ਼ ਦਿੱਤੇ ਸਨ। ਉਨ੍ਹਾਂ ਆਦੇਸ਼ਾਂ ਨੂੰ ਮੁੱਖ ਰੱਖਦਿਆਂ ਹੀ ਚੰਡੀਗੜ੍ਹ ਪੁਲੀਸ ਵੱਲੋਂ ਅੱਜ ਹਰਿਆਣਾ ਕਾਂਗਰਸ ਨੂੰ ਪ੍ਰਦਰਸ਼ਨ ਕਰਨ ਦੀ ਪ੍ਰਵਾਨਗੀ ਨਹੀਂ ਦਿੱਤੀ ਗਈ।

Latest News