ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਬੁਲਾ ਕੇ ਮਾਰੀ ਗੋਲੀ, ਆਤਮਾ ਸਿੰਘ ਦੀ ਮੌਤ

ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਬੁਲਾ ਕੇ ਮਾਰੀ ਗੋਲੀ, ਆਤਮਾ ਸਿੰਘ ਦੀ ਮੌਤ

ਤਰਨ ਤਾਰਨ ਜ਼ਿਲ੍ਹੇ ਦੇ ਥਾਣਾ ਚੋਹਲਾ ਸਾਹਿਬ ਅਧੀਨ ਪੈਂਦੇ ਪਿੰਡ ਗੰਡੀਵਿੰਡ ਧੱਤਲ ਵਿੱਚ ਇੱਕ ਸੰਸਨੀਖੇਜ਼ ਘਟਨਾ ਸਾਹਮਣੇ ਆਈ ਹੈ, ਜਿੱਥੇ 65 ਸਾਲਾ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਆਤਮਾ ਸਿੰਘ ਵਜੋਂ ਹੋਈ ਹੈ, ਜੋ ਟਰੈਵਲ ਏਜੰਟ ਦੇ ਤੌਰ ‘ਤੇ ਕੰਮ ਕਰ ਰਿਹਾ ਸੀ। ਮਿਲੀ ਜਾਣਕਾਰੀ ਅਨੁਸਾਰ, ਆਤਮਾ ਸਿੰਘ ਆਪਣੇ ਘਰ ਵਿੱਚ ਮੌਜੂਦ ਸੀ, ਜਦੋਂ ਮੋਟਰਸਾਈਕਲ ‘ਤੇ ਸਵਾਰ ਦੋ ਵਿਅਕਤੀਆਂ ਨੇ ਉਸ ਨੂੰ ਬਾਹਰ ਬੁਲਾਇਆ। ਜਿਵੇਂ ਹੀ ਉਹ ਘਰ ਤੋਂ ਬਾਹਰ ਆਇਆ, ਹਥਿਆਰਬੰਦ ਹਮਲਾਵਰਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਇੱਕ ਗੋਲੀ ਉਸ ਦੇ ਮੱਥੇ ਵਿੱਚ ਲੱਗੀ, ਜੋ ਉਸ ਲਈ ਜਾਨਲੇਵਾ ਸਾਬਤ ਹੋਈ। ਜ਼ਖ਼ਮੀ ਹਾਲਤ ਵਿੱਚ ਉਸ ਨੂੰ ਤੁਰੰਤ ਨਜ਼ਦੀਕੀ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਚੋਹਲਾ ਸਾਹਿਬ ਦੀ ਪੁਲੀਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਆਤਮਾ ਸਿੰਘ ਪੰਜਾਬ ਰੋਡਵੇਜ਼ ਤੋਂ ਸੇਵਾਮੁਕਤ ਹੋਇਆ ਸੀ ਅਤੇ ਇਸ ਸਮੇਂ ਟਰੈਵਲ ਏਜੰਟ ਵਜੋਂ ਕੰਮ ਕਰ ਰਿਹਾ ਸੀ। ਪੁਲੀਸ ਵੱਲੋਂ ਲਾਸ਼ ਨੂੰ ਪੋਸਟਮਾਰਟਮ ਲਈ ਤਰਨ ਤਾਰਨ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ, ਇੱਕ ਧੀ ਅਤੇ ਦੋ ਪੁੱਤਰ ਛੱਡ ਗਿਆ ਹੈ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ ਅਤੇ ਪੁਲੀਸ ਵੱਲੋਂ ਹਮਲਾਵਰਾਂ ਦੀ ਤਲਾਸ਼ ਜਾਰੀ ਹੈ।