ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਮੁਫ਼ਤ ਬੈਗਾਂ ਦੀ ਵੰਡ ਸ਼ੁਰੂ, ਬਸਤਿਆਂ 'ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਮੁਫ਼ਤ ਬੈਗਾਂ ਦੀ ਵੰਡ ਸ਼ੁਰੂ, ਬਸਤਿਆਂ 'ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਕਰੀਬ ਚਾਰ ਲੱਖ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬਸਤਿਆਂ ਦੀ ਵੰਡ ਸ਼ੁਰੂ ਕਰ ਦਿੱਤੀ ਗਈ ਹੈ। ਮੁਹਾਲੀ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਮੰਗਲਵਾਰ ਨੂੰ ਸਕੂਲ ਸਟਾਫ਼ ਵੱਲੋਂ ਵਿਦਿਆਰਥੀਆਂ ਨੂੰ ਇਹ ਬੈਗ ਵੰਡੇ ਗਏ। ਵੰਡੇ ਜਾ ਰਹੇ ਬੈਗ ਕੇਸਰੀ ਰੰਗ ਦੇ ਹਨ। ਇਨ੍ਹਾਂ 'ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਛਪੀ ਹੋਈ ਹੈ ਅਤੇ ਨਾਲ ਹੀ 'ਪੰਜਾਬ ਸਿੱਖਿਆ ਕ੍ਰਾਂਤੀ' ਲਿਖਿਆ ਗਿਆ ਹੈ। ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਇਹ ਸਾਰੇ ਬੈਗ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਤਿਆਰ ਕਰਵਾਏ ਗਏ ਹਨ। ਸਰਕਾਰ ਦੀ ਇਸ ਪਹਿਲ ਦਾ ਉਦੇਸ਼ ਗਿਆਰ੍ਹਵੀਂ ਅਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਮੁਹੱਈਆ ਕਰਵਾਉਣਾ ਹੈ। ਇਹ ਵੰਡ ਸੂਬੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਪੜਾਅਵਾਰ ਢੰਗ ਨਾਲ ਕੀਤੀ ਜਾ ਰਹੀ ਹੈ। ਬੈਗਾਂ 'ਤੇ ਮੁੱਖ ਮੰਤਰੀ ਦੀ ਤਸਵੀਰ ਨੂੰ ਲੈ ਕੇ ਵਿਰੋਧੀਆਂ ਦੇ ਸਵਾਲ ਇਸ ਦੌਰਾਨ ਸਕੂਲੀ ਬੈਗਾਂ 'ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਛਾਪੇ ਜਾਣ ਨੂੰ ਲੈ ਕੇ ਵਿਰੋਧੀ ਧਿਰ ਨੇ ਸਵਾਲ ਖੜ੍ਹੇ ਕੀਤੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਮੁੱਖ ਮੰਤਰੀ ਸਿੱਖਿਆ ਦਾ ਸਿਆਸੀਕਰਨ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਮਾਪੇ-ਅਧਿਆਪਕ ਮੀਟਿੰਗਾਂ (PTM) ਦੌਰਾਨ ਵੀ ਬੱਚਿਆਂ ਨੂੰ ਮੁੱਖ ਮੰਤਰੀ ਦੀਆਂ ਤਸਵੀਰਾਂ ਵਾਲੇ ਕਿਤਾਬਚੇ ਵੰਡੇ ਜਾਂਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੀਆਂ ਤਸਵੀਰਾਂ ਨੂੰ ਲੈ ਕੇ ਇਤਰਾਜ਼ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹੁਣ ਹਰ ਥਾਂ ਆਪਣੀ ਤਸਵੀਰ ਦੀ ਵਰਤੋਂ ਬਾਰੇ ਵੀ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।