Daily Suraj

ਪੰਜਾਬੀ

ਫਤਿਹਗੜ੍ਹ ਸਾਹਿਬ: ਬੇਅਦਬੀ ਮਾਮਲੇ ਦੇ ਜ਼ਮਾਨਤਸ਼ੁਦਾ ਮੁਲਜ਼ਮ ਦਾ ਗਲਾ ਵੱਢ ਕੇ ਕਤਲ

14 Jul, 2026 01:53 PM

ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਇੱਕ ਸਨਸਨੀਖੇਜ਼ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਸੋਮਵਾਰ ਅੱਧੀ ਰਾਤ ਇੱਕ ਹਮਲਾਵਰ ਕਥਿਤ ਤੌਰ 'ਤੇ ਇੱਕ ਵਿਅਕਤੀ ਦੇ ਘਰ ਵਿੱਚ ਦਾਖਲ ਹੋਇਆ ਅਤੇ ਕਿਰਪਾਨ ਨਾਲ ਹਮਲਾ ਕਰਕੇ ਉਸ ਦੀ ਹੱਤਿਆ ਕਰ ਦਿੱਤੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਦੀ ਪਛਾਣ ਮੇਵਾ ਸਿੰਘ ਵਜੋਂ ਹੋਈ ਹੈ। ਮੁੱਢਲੀ ਜਾਣਕਾਰੀ ਮੁਤਾਬਕ, ਹਮਲੇ ਦੌਰਾਨ ਉਸ ਦਾ ਗਲਾ ਵੱਢ ਦਿੱਤਾ ਗਿਆ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਜਾਂਚ ਦੌਰਾਨ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਮੇਵਾ ਸਿੰਘ ਮੰਡੀ ਗੋਬਿੰਦਗੜ੍ਹ ਦੇ ਲਾਡਪੁਰ ਤੁਰਨ ਪਿੰਡ ਸਥਿਤ ਗੁਰਦੁਆਰਾ ਸਾਹਿਬ ਨਾਲ ਜੁੜੇ ਬੇਅਦਬੀ ਮਾਮਲੇ ਵਿੱਚ ਮੁਲਜ਼ਮ ਸੀ। ਉਹ ਕਰੀਬ ਸੱਤ ਮਹੀਨਿਆਂ ਤੋਂ ਜ਼ਮਾਨਤ 'ਤੇ ਰਿਹਾਅ ਸੀ। ਇਸ ਸਬੰਧੀ ਉਸ ਖ਼ਿਲਾਫ਼ ਮੰਡੀ ਗੋਬਿੰਦਗੜ੍ਹ ਪੁਲਿਸ ਥਾਣੇ ਵਿੱਚ ਮਾਮਲਾ ਦਰਜ ਹੈ ਅਤੇ ਕੇਸ ਇਸ ਵੇਲੇ ਅਦਾਲਤ ਵਿੱਚ ਵਿਚਾਰ ਅਧੀਨ ਹੈ। ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਿਸ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ। ਫੋਰੈਂਸਿਕ ਮਾਹਿਰਾਂ ਦੀ ਟੀਮ ਨੇ ਵੀ ਘਟਨਾ ਸਥਾਨ ਤੋਂ ਸਬੂਤ ਇਕੱਠੇ ਕਰਨ ਦੀ ਕਾਰਵਾਈ ਕੀਤੀ। ਪੁਲਿਸ ਨੇ ਦੱਸਿਆ ਕਿ ਹਮਲਾਵਰ ਦੀ ਪਛਾਣ ਕਰਨ ਅਤੇ ਕਤਲ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਮਾਮਲੇ ਨਾਲ ਜੁੜੇ ਸਾਰੇ ਪਹਿਲੂਆਂ ਦੀ ਬਾਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ।

Posted By: Daily Suraj Bureau

Latest News