ਪੰਜਾਬ ’ਚ ਕਾਂਗਰਸ ਦੀ ਸਰਕਾਰ ਬਣੀ ਤਾਂ ਨਸ਼ਾ ਤੇ ਗੈਂਗਸਟਰਵਾਦ ਖ਼ਤਮ ਕਰਾਂਗੇ: ਚਰਨਜੀਤ ਚੰਨੀ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਬਣਨ ’ਤੇ ਨਸ਼ਿਆਂ ਅਤੇ ਗੈਂਗਸਟਰਵਾਦ ਨੂੰ ਜੜ੍ਹੋਂ ਖ਼ਤਮ ਕਰਨ ਲਈ ਨੀਤੀ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੀ ਨੌਜਵਾਨ ਪੀੜ੍ਹੀ ਇਨ੍ਹਾਂ ਦੋਵਾਂ ਸਮੱਸਿਆਵਾਂ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਚੰਨੀ ਨੇ ਇਹ ਗੱਲ ‘ਜਵਾਨੀ ਸੰਭਾਲ ਯਾਤਰਾ’ ਦੇ ਅਗਲੇ ਪੜਾਅ ਲਈ ਰਵਾਨਾ ਹੋਣ ਤੋਂ ਪਹਿਲਾਂ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਕਹੀ। ਇਹ ਯਾਤਰਾ ਰਾਤ ਨੂੰ ਹਲਕਾ ਸਮਰਾਲਾ ਦੇ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਦੀ ਰਿਹਾਇਸ਼ ’ਤੇ ਠਹਿਰੀ ਸੀ। ਉਨ੍ਹਾਂ ਕਿਹਾ ਕਿ ਯਾਤਰਾ ਦਾ ਮੁੱਖ ਮਕਸਦ ਪਰਿਵਾਰਾਂ ਨੂੰ ਆਪਣੇ ਪੁੱਤਰਾਂ ਦੀ ਸੰਭਾਲ ਕਰਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਸੁਨੇਹਾ ਦੇਣਾ ਹੈ। ਸਾਬਕਾ ਮੁੱਖ ਮੰਤਰੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੌਜੂਦਾ ਸਰਕਾਰ ਨਸ਼ਿਆਂ, ਗੈਂਗਸਟਰਵਾਦ ਅਤੇ ਵਧ ਰਹੇ ਅਪਰਾਧਾਂ ਨੂੰ ਰੋਕਣ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਦੀ ਸਰਕਾਰ ਬਣਨ ’ਤੇ ਇਨ੍ਹਾਂ ਸਮੱਸਿਆਵਾਂ ਦੇ ਖ਼ਾਤਮੇ ਲਈ ਠੋਸ ਨੀਤੀ ਲਾਗੂ ਕੀਤੀ ਜਾਵੇਗੀ। ਚੰਨੀ ਨੇ ਟਰਾਂਸਪੋਰਟਰਾਂ ਦੀਆਂ ਸਮੱਸਿਆਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮਿਲੇ ਟਰਾਂਸਪੋਰਟਰਾਂ ਨੇ ਦੱਸਿਆ ਹੈ ਕਿ ਸਰਕਾਰ ਵੱਲੋਂ ਚਾਰ ਸਾਲਾਂ ਦਾ ਟੈਕਸ ਇਕੱਠਾ ਜਮ੍ਹਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਅਨੁਸਾਰ ਇਸ ਕਾਰਨ ਟਰਾਂਸਪੋਰਟ ਦਾ ਕਾਰੋਬਾਰ ਪ੍ਰਭਾਵਿਤ ਹੋ ਰਿਹਾ ਹੈ। ਚੰਨੀ ਨੇ ਭਰੋਸਾ ਦਿੱਤਾ ਕਿ ਕਾਂਗਰਸ ਦੀ ਸਰਕਾਰ ਬਣਨ ’ਤੇ ਟਰਾਂਸਪੋਰਟਰਾਂ ਅਤੇ ਟਰੱਕ ਯੂਨੀਅਨਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਮਾਈਨਿੰਗ ਦੇ ਮੁੱਦੇ ’ਤੇ ਬੋਲਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਾਈਨਿੰਗ ਤੋਂ 20 ਹਜ਼ਾਰ ਕਰੋੜ ਰੁਪਏ ਇਕੱਠੇ ਕਰਨ ਦਾ ਵਾਅਦਾ ਕੀਤਾ ਸੀ, ਪਰ ਉਨ੍ਹਾਂ ਮੁਤਾਬਕ ਹੁਣ ਤੱਕ 20 ਕਰੋੜ ਰੁਪਏ ਵੀ ਇਕੱਠੇ ਨਹੀਂ ਹੋਏ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿੱਚ ਨਾਜਾਇਜ਼ ਮਾਈਨਿੰਗ ਜ਼ੋਰਾਂ ’ਤੇ ਚੱਲ ਰਹੀ ਹੈ। ਚੰਨੀ ਨੇ ਕਿਹਾ ਕਿ ਕਾਂਗਰਸ ਸਰਕਾਰ ਬਣਨ ’ਤੇ ਮਾਈਨਿੰਗ ਤੋਂ 20 ਹਜ਼ਾਰ ਕਰੋੜ ਰੁਪਏ ਇਕੱਠੇ ਕਰਕੇ ਇਹ ਪੈਸਾ ਲੋਕਾਂ ਦੀਆਂ ਸਹੂਲਤਾਂ ’ਤੇ ਖ਼ਰਚ ਕੀਤਾ ਜਾਵੇਗਾ। ਪੰਜਾਬ ਦੀ ਅਰਥਵਿਵਸਥਾ ਬਾਰੇ ਗੱਲ ਕਰਦਿਆਂ ਚੰਨੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਇਸ ਨੂੰ ਸੁਧਾਰਨ ਲਈ ਇੱਕ ਰੋਡਮੈਪ ਤਿਆਰ ਕੀਤਾ ਹੈ। ਉਨ੍ਹਾਂ ਐਲਾਨ ਕੀਤਾ ਕਿ ਕਾਂਗਰਸ ਦੀ ਸਰਕਾਰ ਬਣਨ ’ਤੇ ਸੂਬੇ ਦੀਆਂ ਮਾਵਾਂ ਅਤੇ ਭੈਣਾਂ ਨੂੰ ਮਿਲਣ ਵਾਲੀ ਸਨਮਾਨ ਰਾਸ਼ੀ ਵਿੱਚ ਕਟੌਤੀ ਨਹੀਂ ਕੀਤੀ ਜਾਵੇਗੀ, ਸਗੋਂ ਇਸ ਵਿੱਚ ਵਾਧਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਖੀ ਯੋਜਨਾ ਤਹਿਤ ਕੰਮ ਕਰ ਰਹੀਆਂ ਔਰਤਾਂ ਨੂੰ ਪੱਕਾ ਕਰਨ ਦਾ ਵੀ ਵਾਅਦਾ ਕੀਤਾ। ਅਕਾਲੀ-ਭਾਜਪਾ ਗੱਠਜੋੜ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਚੰਨੀ ਨੇ ਕਿਹਾ ਕਿ ਕਿਸਾਨਾਂ ਨੂੰ ਸ਼ਹੀਦ ਕਰਨ ਵਾਲੀ ਐੱਨ.ਡੀ.ਏ. ਦਾ ਲੋਕ ਸਮਰਥਨ ਨਹੀਂ ਕਰਨਗੇ। ਚੋਣਾਂ ਤੋਂ ਬਾਅਦ ਸਰਕਾਰ ਬਣਾਉਣ ਦੇ ਸਮੀਕਰਨਾਂ ਬਾਰੇ ਉਨ੍ਹਾਂ ਕਿਹਾ ਕਿ ਕਾਂਗਰਸ ਪੰਜਾਬ ਵਿੱਚ ਪੂਰਨ ਬਹੁਮਤ ਨਾਲ ਸਰਕਾਰ ਬਣਾਏਗੀ। ਜੇਕਰ ਕਿਸੇ ਵੀ ਪਾਰਟੀ ਨੂੰ ਬਹੁਮਤ ਨਾ ਮਿਲਿਆ ਤਾਂ ਕਾਂਗਰਸ ਨਾ ਤਾਂ ਆਮ ਆਦਮੀ ਪਾਰਟੀ ਤੋਂ ਸਮਰਥਨ ਲਵੇਗੀ ਅਤੇ ਨਾ ਹੀ ਉਸ ਨੂੰ ਸਮਰਥਨ ਦੇਵੇਗੀ। ਚੰਨੀ ਨੇ ਇਹ ਵੀ ਕਿਹਾ ਕਿ ਕਾਂਗਰਸ ਦੀ ਸਰਕਾਰ ਬਣਨ ’ਤੇ ਆਮ ਆਦਮੀ ਪਾਰਟੀ ਤੋਂ ਪੰਜਾਬ ਦੀ ਕਥਿਤ ਲੁੱਟ ਦਾ ਹਿਸਾਬ ਲਿਆ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਵਿਧਾਇਕਾਂ ਨੇ ਦਿੱਲੀ ਵਿੱਚ ਬੈਠੇ ਆਗੂਆਂ ਦੇ ਇਸ਼ਾਰਿਆਂ ’ਤੇ ਸੂਬੇ ਨੂੰ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਕਥਿਤ ਤੌਰ ’ਤੇ ਲੁੱਟਿਆ ਗਿਆ ਪੈਸਾ ਵਾਪਸ ਲਿਆ ਕੇ ਲੋਕਾਂ ਦੇ ਹਿੱਤ ਵਿੱਚ ਖ਼ਰਚ ਕੀਤਾ ਜਾਵੇਗਾ।