Daily Suraj

ਪੰਜਾਬੀ

ਫਰੀਦਕੋਟ ਮੈਡੀਕਲ ਕਾਲਜ ਵਿੱਚ ਵੱਡੀ ਲਾਪਰਵਾਹੀ, ਲਾਵਾਰਿਸ ਮ੍ਰਿਤਕ ਦੀ ਲਾਸ਼ ਸ਼ਮਸ਼ਾਨਘਾਟ ਨੇੜੇ ਸੁੱਟਣ ਦਾ ਦੋਸ਼

14 Jul, 2026 06:17 PM

ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ, ਫਰੀਦਕੋਟ ਵਿੱਚ ਇੱਕ ਲਾਵਾਰਿਸ ਮਰੀਜ਼ ਦੀ ਮੌਤ ਤੋਂ ਬਾਅਦ ਉਸ ਦੀ ਲਾਸ਼ ਨੂੰ ਹਸਪਤਾਲ ਦੇ ਬਾਹਰ ਸ਼ਮਸ਼ਾਨਘਾਟ ਨੇੜੇ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸਾਹਮਣੇ ਆਉਣ ਤੋਂ ਬਾਅਦ ਹਸਪਤਾਲ ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਕਰਦਿਆਂ ਲਾਸ਼ ਨੂੰ ਵਾਪਸ ਮੰਗਵਾ ਕੇ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਹਸਪਤਾਲ ਪ੍ਰਸ਼ਾਸਨ ਨੇ ਸਰਜਰੀ ਵਿਭਾਗ ਵਿੱਚ ਤਾਇਨਾਤ ਹਾਊਸ ਸਰਜਨ ਅਤੇ ਵਾਰਡ ਦੇ ਡਿਊਟੀ ਸਟਾਫ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪੂਰੇ ਮਾਮਲੇ ਦੀ ਜਾਂਚ ਲਈ ਵਿਭਾਗੀ ਜਾਂਚ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ। ਜਾਣਕਾਰੀ ਅਨੁਸਾਰ, ਕਰੀਬ ਇੱਕ ਹਫ਼ਤਾ ਪਹਿਲਾਂ ਫਿਰੋਜ਼ਪੁਰ ਪੁਲਿਸ ਇੱਕ ਜ਼ਖਮੀ ਲਾਵਾਰਿਸ ਵਿਅਕਤੀ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਲੈ ਕੇ ਆਈ ਸੀ। ਸਰਜਰੀ ਵਿਭਾਗ ਵਿੱਚ ਉਸ ਦਾ ਇਲਾਜ ਚੱਲ ਰਿਹਾ ਸੀ, ਜਿੱਥੇ ਸੋਮਵਾਰ ਰਾਤ ਉਸ ਦੀ ਮੌਤ ਹੋ ਗਈ। ਦੋਸ਼ ਹੈ ਕਿ ਸਰਜਰੀ ਵਿਭਾਗ ਵਿੱਚ ਤਾਇਨਾਤ ਇੱਕ ਹਾਊਸ ਸਰਜਨ ਦੇ ਨਿਰਦੇਸ਼ਾਂ ‘ਤੇ ਵਾਰਡ ਸਟਾਫ ਨੇ ਮ੍ਰਿਤਕ ਦੀ ਲਾਸ਼ ਨੂੰ ਚੁੱਕ ਕੇ ਮੈਡੀਕਲ ਕਾਲਜ ਕੈਂਪਸ ਦੇ ਨੇੜੇ ਸਥਿਤ ਰਾਮਬਾਗ ਸ਼ਮਸ਼ਾਨਘਾਟ ਦੇ ਬਾਹਰ ਸੁੱਟ ਦਿੱਤਾ। ਇਹ ਮਾਮਲਾ ਉਸ ਵੇਲੇ ਸਾਹਮਣੇ ਆਇਆ ਜਦੋਂ ਰਾਹਗੀਰਾਂ ਨੇ ਲਾਸ਼ ਨੂੰ ਦੇਖ ਕੇ ਸਥਾਨਕ ਐਨਜੀਓ ‘ਸਹਾਰਾ ਸੋਸਾਇਟੀ’ ਦੇ ਪ੍ਰਧਾਨ ਅਸ਼ੋਕ ਭਟਨਾਗਰ ਨੂੰ ਸੂਚਿਤ ਕੀਤਾ। ਮੌਕੇ ‘ਤੇ ਪਹੁੰਚੇ ਭਟਨਾਗਰ ਨੇ ਦੇਖਿਆ ਕਿ ਮ੍ਰਿਤਕ ਦੇ ਸਰੀਰ ‘ਤੇ ਸਰਜੀਕਲ ਪੱਟੀਆਂ ਬੰਨ੍ਹੀਆਂ ਹੋਈਆਂ ਸਨ, ਜਿਸ ਤੋਂ ਇਹ ਸਪੱਸ਼ਟ ਹੋਇਆ ਕਿ ਉਹ ਹਸਪਤਾਲ ਵਿੱਚ ਇਲਾਜ ਅਧੀਨ ਮਰੀਜ਼ ਸੀ। ਸੂਚਨਾ ਮਿਲਣ ਉਪਰੰਤ ਪੁਲਿਸ ਅਤੇ ਹਸਪਤਾਲ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਲਾਸ਼ ਨੂੰ ਹਸਪਤਾਲ ਦੀ ਮੋਰਚਰੀ ਵਿੱਚ ਭੇਜ ਦਿੱਤਾ ਗਿਆ। ਸਹਾਰਾ ਸੋਸਾਇਟੀ ਦੇ ਪ੍ਰਧਾਨ ਅਸ਼ੋਕ ਭਟਨਾਗਰ ਨੇ ਕਿਹਾ ਕਿ ਹਸਪਤਾਲ ਸਟਾਫ ਵੱਲੋਂ ਲਾਸ਼ ਨੂੰ ਬਾਹਰ ਸੁੱਟਣਾ ਨਿਯਮਾਂ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਨਿਯਮਾਂ ਅਨੁਸਾਰ ਲਾਸ਼ ਨੂੰ ਤੁਰੰਤ ਮੋਰਚਰੀ ਵਿੱਚ ਰੱਖ ਕੇ ਪੁਲਿਸ ਨੂੰ ਅਧਿਕਾਰਤ ਤੌਰ ‘ਤੇ ਸੂਚਿਤ ਕੀਤਾ ਜਾਣਾ ਚਾਹੀਦਾ ਸੀ। ਮੈਡੀਕਲ ਸੁਪਰਡੈਂਟ ਡਾ. ਨੀਤੂ ਕੁੱਕੜ ਨੇ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਲਈ ਵਿਭਾਗੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਪੁਸ਼ਟੀ ਕੀਤੀ ਕਿ ਸਬੰਧਤ ਹਾਊਸ ਸਰਜਨ ਅਤੇ ਡਿਊਟੀ ਸਟਾਫ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜਾਂਚ ਰਿਪੋਰਟ ਦੇ ਆਧਾਰ ‘ਤੇ ਅਗਲੀ ਕਾਨੂੰਨੀ ਅਤੇ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਡੀਐੱਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਮੋਰਚਰੀ ਵਿੱਚ ਰਖਵਾ ਦਿੱਤੀ ਗਈ ਹੈ। ਪੁਲਿਸ ਮ੍ਰਿਤਕ ਦੀ ਪਛਾਣ ਕਰਨ ਦੇ ਯਤਨ ਕਰ ਰਹੀ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Posted By: Daily Suraj Bureau

Latest News