ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਰਾਜ ਸਭਾ ਮੈਂਬਰ ਵਰਿੰਦਰ ਸਿੰਘ ਬਾਜਵਾ ਦਾ ਦੇਹਾਂਤ, ਅਕਾਲੀ ਦਲ 'ਚ ਸੋਗ ਦੀ ਲਹਿਰ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਰਾਜ ਸਭਾ ਮੈਂਬਰ ਵਰਿੰਦਰ ਸਿੰਘ ਬਾਜਵਾ ਦਾ ਦੇਹਾਂਤ ਹੋ ਗਿਆ ਹੈ। ਉਹ 82 ਸਾਲਾਂ ਦੇ ਸਨ। ਉਹ ਆਪਣੇ ਪਿੱਛੇ ਪਤਨੀ ਸਾਬਕਾ ਪ੍ਰਿੰਸੀਪਲ ਜਗਜੀਤ ਬਾਜਵਾ ਅਤੇ ਤਿੰਨ ਬੇਟੀਆਂ ਛੱਡ ਗਏ ਹਨ। ਪਰਿਵਾਰਕ ਸਰੋਤਾਂ ਅਨੁਸਾਰ ਉਨ੍ਹਾਂ ਦਾ ਅੰਤਿਮ ਸੰਸਕਾਰ 14 ਸਤੰਬਰ ਨੂੰ ਦੁਪਹਿਰ 12 ਵਜੇ ਹੁਸ਼ਿਆਰਪੁਰ ਦੇ ਹਰਿਆਣਾ ਰੋਡ 'ਤੇ ਸਥਿਤ ਸ਼ਿਵਪੁਰੀ ਵਿਖੇ ਕੀਤਾ ਜਾਵੇਗਾ। ਵਰਿੰਦਰ ਸਿੰਘ ਬਾਜਵਾ ਦੇ ਦਿਹਾਂਤ ਦੀ ਖ਼ਬਰ ਮਿਲਦਿਆਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ। ਉਨ੍ਹਾਂ ਦੇ ਨਾਲ ਪਾਰਟੀ ਦੇ ਕਈ ਹੋਰ ਸੀਨੀਅਰ ਆਗੂ ਵੀ ਮੌਜੂਦ ਸਨ, ਜਿਨ੍ਹਾਂ ਵਿੱਚ ਡਾ. ਦਲਜੀਤ ਸਿੰਘ ਚੀਮਾ, ਜਰਨੈਲ ਸਿੰਘ ਵਾਹਿਦ, ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਜਤਿੰਦਰ ਸਿੰਘ ਲਾਲੀ ਬਾਜਵਾ ਅਤੇ ਸੰਜੀਵ ਤਲਵਾੜ ਸ਼ਾਮਲ ਸਨ। ਇਸ ਮੌਕੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਵਰਿੰਦਰ ਸਿੰਘ ਬਾਜਵਾ ਦੇ ਅਚਾਨਕ ਚਲੇ ਜਾਣ ਨਾਲ ਪਾਰਟੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਨੇ ਬਾਜਵਾ ਵੱਲੋਂ ਪਾਰਟੀ ਅਤੇ ਸਮਾਜ ਲਈ ਦਿੱਤੀਆਂ ਗਈਆਂ ਨਿਰਸਵਾਰਥ ਸੇਵਾਵਾਂ ਨੂੰ ਯਾਦ ਕੀਤਾ ਅਤੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ।
Posted By: Daily Suraj Bureau