ਹਰਜੋਤ ਬੈਂਸ ਨੇ ਅਕਾਲ ਤਖ਼ਤ ਵੱਲੋਂ ਲਾਈ ਤਨਖਾਹ ਪੂਰੀ ਕਰਨ ਉਪਰੰਤ ਖਿਮਾ ਯਾਚਨਾ ਕੀਤੀ
- ਪੰਜਾਬ
- (Asia/Kolkata)
ਅੰਮ੍ਰਿਤਸਰ,
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਸ੍ਰੀ ਅਕਾਲ ਤਖ਼ਤ ਵੱਲੋ ਲੱਗੀ ਹੋਈ ਤਨਖਾਹ ਪੂਰੀ ਕਰਨ ਤੋਂ ਬਾਅਦ ਇੱਥੇ ਖਿਮਾ ਯਾਚਨਾ ਦੀ ਅਰਦਾਸ ਕਰਵਾਈ ਹੈ ਅਤੇ ਇੱਕ ਵਾਰ ਮੁੜ ਖਾਲਸਾ ਪੰਥ ਤੋਂ ਹੋਈ ਭੁੱਲ ਚੁੱਕ ਦੀ ਖਿਮਾ ਮੰਗੀ ਹੈ। ਸਰਕਾਰ ਵੱਲੋਂ ਸ੍ਰੀਨਗਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਗੀਤ ਗਾਉਣ ਤੇ ਨੱਚਣ ਟੱਪਣ ਨਾਲ ਹੋਈ ਮਰਿਆਦਾ ਦੀ ਉਲੰਘਣਾ ਦੇ ਮਾਮਲੇ ਵਿੱਚ ਕੈਬਿਨਟ ਮੰਤਰੀ ਨੂੰ ਸ੍ਰੀ ਅਕਾਲ ਤਖ਼ਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਤਨਖਾਹ ਲਾਈ ਗਈ ਸੀ। ਉਨ੍ਹਾਂ ਇੱਥੇ ਸਿੱਖ ਸੰਗਤ ਦੇ ਸਾਹਮਣੇ ਹੋਈ ਗਲਤੀ ਨੂੰ ਕਬੂਲ ਕੀਤਾ ਸੀ।
ਹਰਜੋਤ ਬੈਂਸ ਅੱਜ ਤਨਖਾਹ ਪੂਰੀ ਕਰਨ ਮਗਰੋਂ ਸ੍ਰੀ ਅਕਾਲ ਤਖ਼ਤ ਵਿਖੇ ਖਿਮਾ ਯਾਚਨਾ ਦੀ ਅਰਦਾਸ ਕਰਵਾਉਣ ਵਾਸਤੇ ਪੁੱਜੇ ਸਨ। ਸ੍ਰੀ ਅਕਾਲ ਤਖ਼ਤ ਵਿਖੇ ਨਤਮਸਤਕ ਹੋਣ ਤੋਂ ਬਾਅਦ ਉਨ੍ਹਾਂ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਅਤੇ ਖਿਮਾ ਯਾਚਨਾ ਦੀ ਅਰਦਾਸ ਕਰਵਾਈ। ਮੀਡੀਆ ਨਾਲ ਸੰਖੇਪ ਗੱਲਬਾਤ ਦੌਰਾਨ ਬੈਂਸ ਨੇ ਰਾਜਨੀਤੀ ਬਾਰੇ ਕੁਝ ਵੀ ਕਹਿਣ ਤੋਂ ਇਹ ਕਹਿ ਕੇ ਇਨਕਾਰ ਕੀਤਾ ਕਿ ਅੱਜ ਉਹ ਇਸ ਸਬੰਧ ਵਿੱਚ ਕੋਈ ਗੱਲ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਹੀ ਸ੍ਰੀ ਅਕਾਲ ਤਖ਼ਤ ਨੂੰ ਸਮਰਪਿਤ ਹਨ ਅਤੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਤਖ਼ਤ ਵੱਲੋਂ ਲਾਈ ਗਈ ਤਨਖਾਹ ਸਿਰ ਮੱਥੇ ਪ੍ਰਵਾਨ ਹੈ।
ਦੱਸਣ ਯੋਗ ਹੈ ਕਿ ਇਸ ਭੁੱਲ ਦੀ ਤਨਖਾਹ ਵਜੋਂ ਕੈਬਨਿਟ ਮੰਤਰੀ ਹਰਜੋਤ ਬੈਂਸ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਜਨਮ ਸਥਾਨ ਗੁਰਦੁਆਰਾ ਗੁਰੂ ਕੇ ਮਹਿਲ, ਗੁਰਦੁਆਰਾ ਕੋਠਾ ਸਾਹਿਬ ਵੱਲਾ, ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਪੈਦਲ ਜਾਣ ਅਤੇ ਰਸਤਿਆਂ ਦੀ ਸਫਾਈ ਤੇ ਹੋਰ ਪ੍ਰਬੰਧ ਯਕੀਨੀ ਬਣਾਉਣ ਵਾਸਤੇ ਕਿਹਾ ਗਿਆ ਸੀ। ਇਸ ਤੋਂ ਇਲਾਵਾ ਦਿੱਲੀ ਵਿਖੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਨਤਮਸਤਕ ਹੋਣ ਅਤੇ ਮਗਰੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਦੋ ਦਿਨ ਸੰਗਤ ਦੇ ਜੋੜੇ ਝਾੜਨ ਦੀ ਸੇਵਾ ਕਰਨ ਵਾਸਤੇ ਆਦੇਸ਼ ਦਿੱਤਾ ਗਿਆ ਸੀ।
Leave a Reply