ਮਹਿੰਗਾਈ ਦਾ ਵੱਡਾ ਝਟਕਾ: ਦਿੱਲੀ ਵਿੱਚ ਪੈਟਰੋਲ 102 ਰੁਪਏ ਤੋਂ ਪਾਰ

ਮਹਿੰਗਾਈ ਦਾ ਵੱਡਾ ਝਟਕਾ: ਦਿੱਲੀ ਵਿੱਚ ਪੈਟਰੋਲ 102 ਰੁਪਏ ਤੋਂ ਪਾਰ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਸੋਮਵਾਰ ਸਵੇਰੇ ਇੱਕ ਹੋਰ ਵੱਡਾ ਝਟਕਾ ਲੱਗਿਆ, ਜਦੋਂ ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਕਰ ਦਿੱਤਾ। ਨਵੀਆਂ ਦਰਾਂ ਅਨੁਸਾਰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ 2.61 ਰੁਪਏ ਤੋਂ 2.71 ਰੁਪਏ ਪ੍ਰਤੀ ਲੀਟਰ ਤੱਕ ਦਾ ਵਾਧਾ ਕੀਤਾ ਗਿਆ ਹੈ। ਇਹ ਪਿਛਲੇ ਦੋ ਹਫ਼ਤਿਆਂ ਤੋਂ ਵੀ ਘੱਟ ਸਮੇਂ ਦੌਰਾਨ ਤੇਲ ਕੀਮਤਾਂ ਵਿੱਚ ਕੀਤਾ ਗਿਆ ਚੌਥਾ ਵੱਡਾ ਵਾਧਾ ਹੈ। 15 ਮਈ ਤੋਂ ਸ਼ੁਰੂ ਹੋਏ ਇਸ ਵਾਧੇ ਦੇ ਸਿਲਸਿਲੇ ਦੌਰਾਨ ਹੁਣ ਤੱਕ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੁੱਲ ਮਿਲਾ ਕੇ ਲਗਭਗ 7.5 ਰੁਪਏ ਪ੍ਰਤੀ ਲੀਟਰ ਦਾ ਇਜ਼ਾਫ਼ਾ ਹੋ ਚੁੱਕਾ ਹੈ। ਕੀਮਤਾਂ ਵਿੱਚ ਤਾਜ਼ਾ ਵਾਧੇ ਨਾਲ ਆਮ ਲੋਕਾਂ ਦੇ ਘਰੇਲੂ ਬਜਟ ’ਤੇ ਵੱਡਾ ਅਸਰ ਪਿਆ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਇਸ ਦਾ ਪ੍ਰਭਾਵ ਮਾਲ-ਭਾੜੇ ਅਤੇ ਰੋਜ਼ਾਨਾ ਵਰਤੋਂ ਵਾਲੀਆਂ ਵਸਤਾਂ ਦੀਆਂ ਕੀਮਤਾਂ ’ਤੇ ਵੀ ਪੈ ਸਕਦਾ ਹੈ, ਜਿਸ ਨਾਲ ਮਹਿੰਗਾਈ ਹੋਰ ਵਧਣ ਦੀ ਸੰਭਾਵਨਾ ਬਣ ਗਈ ਹੈ। ਤੇਲ ਉਦਯੋਗ ਨਾਲ ਜੁੜੇ ਸੂਤਰਾਂ ਮੁਤਾਬਕ ਦੇਸ਼ ਦੀ ਰਾਜਧਾਨੀ New Delhi ਵਿੱਚ ਪੈਟਰੋਲ ਦੀ ਕੀਮਤ 2.61 ਰੁਪਏ ਵਧ ਕੇ 99.51 ਰੁਪਏ ਤੋਂ 102.12 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸੇ ਤਰ੍ਹਾਂ ਡੀਜ਼ਲ ਦੀ ਕੀਮਤ 2.71 ਰੁਪਏ ਦੇ ਵਾਧੇ ਨਾਲ 92.49 ਰੁਪਏ ਤੋਂ 95.20 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ। ਮਾਹਿਰਾਂ ਅਨੁਸਾਰ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਵਧ ਰਹੀਆਂ ਕੀਮਤਾਂ ਅਤੇ ਡਾਲਰ ਦੇ ਮੁਕਾਬਲੇ ਰੁਪਏ ਦੀ ਕਮਜ਼ੋਰੀ ਕਾਰਨ ਤੇਲ ਕੰਪਨੀਆਂ ਦੀ ਦਰਾਮਦ ਲਾਗਤ ਵਿੱਚ ਕਾਫ਼ੀ ਵਾਧਾ ਹੋਇਆ ਹੈ। ਇਸ ਦਾ ਸਿੱਧਾ ਬੋਝ ਹੁਣ ਖਪਤਕਾਰਾਂ ’ਤੇ ਪਾਇਆ ਜਾ ਰਿਹਾ ਹੈ। ਲਗਾਤਾਰ ਵੱਧ ਰਹੀਆਂ ਤੇਲ ਕੀਮਤਾਂ ਨੇ ਲੋਕਾਂ ਦੀਆਂ ਚਿੰਤਾਵਾਂ ਨੂੰ ਹੋਰ ਵਧਾ ਦਿੱਤਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਮਹਿੰਗਾਈ ਦਰ ’ਤੇ ਵੀ ਇਸ ਦਾ ਪ੍ਰਭਾਵ ਦੇਖਣ ਨੂੰ ਮਿਲ ਸਕਦਾ ਹੈ।