Daily Suraj

ਪੰਜਾਬੀ

ਰਵਨੀਤ ਬਿੱਟੂ ਦੇ ਕ੍ਰੈਡਿਟ ਦਾਅਵੇ ਮਗਰੋਂ ਭਗਵੰਤ ਮਾਨ ਦਾ ਹਲਵਾਰਾ ਦੌਰਾ ਚਰਚਾ ’ਚ

20 May, 2026 09:41 AM

ਲੁਧਿਆਣਾ ਦੇ ਹਲਵਾਰਾ ਹਵਾਈ ਅੱਡੇ ਤੋਂ ਪਹਿਲੀਆਂ ਉਡਾਣਾਂ ਸ਼ੁਰੂ ਹੋਣ ਮਗਰੋਂ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਛਿੜ ਗਈ ਹੈ। ਇਸੇ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਅੱਜ ਹਲਵਾਰਾ ਏਅਰਪੋਰਟ ਦਾ ਦੌਰਾ ਕਰਨ ਜਾ ਰਹੇ ਹਨ। ਸਿਆਸੀ ਹਲਕਿਆਂ ਵਿੱਚ ਇਸ ਦੌਰੇ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਕੇਂਦਰ ਦੀ ਸੱਤਾਧਾਰੀ ਭਾਜਪਾ, ਖਾਸ ਕਰਕੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਹਲਵਾਰਾ ਹਵਾਈ ਅੱਡੇ ਨੂੰ ਚਾਲੂ ਕਰਵਾਉਣ ਦਾ ਸਿਹਰਾ ਆਪਣੇ ਸਿਰ ਲਿਆ ਜਾ ਰਿਹਾ ਹੈ। ਇਸ ਕਾਰਨ ਮੁੱਖ ਮੰਤਰੀ ਮਾਨ ਦਾ ਦੌਰਾ ਸਿਆਸੀ ਪੱਖੋਂ ਵੀ ਚਰਚਾ ਦਾ ਕੇਂਦਰ ਬਣ ਗਿਆ ਹੈ। ਮੁੱਖ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਭਗਵੰਤ ਮਾਨ ਨਿਯਮਤ ਉਡਾਣਾਂ ਦੀ ਸ਼ੁਰੂਆਤ ਤੋਂ ਬਾਅਦ ਹਵਾਈ ਅੱਡੇ ’ਤੇ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ। ਉਹ ਹਵਾਈ ਅੱਡੇ ਦੀਆਂ ਸਹੂਲਤਾਂ ਅਤੇ ਤਿਆਰੀਆਂ ਦੀ ਸਮੀਖਿਆ ਵੀ ਕਰਨਗੇ। ਜ਼ਿਕਰਯੋਗ ਹੈ ਕਿ ਲੁਧਿਆਣਾ ਅਤੇ ਨੇੜਲੇ ਇਲਾਕਿਆਂ ਦੇ ਲੋਕ ਲੰਮੇ ਸਮੇਂ ਤੋਂ ਇਸ ਖੇਤਰ ਵਿੱਚ ਬਿਹਤਰ ਹਵਾਈ ਸੰਪਰਕ ਦੀ ਮੰਗ ਕਰ ਰਹੇ ਸਨ। ਹੁਣ ਹਲਵਾਰਾ ਹਵਾਈ ਅੱਡੇ ਦੇ ਚਾਲੂ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ। ਹਲਵਾਰਾ ਹਵਾਈ ਅੱਡੇ ਨੂੰ ਮਨਜ਼ੂਰੀ ਦਵਾਉਣ ਅਤੇ ਇਸ ਨੂੰ ਚਾਲੂ ਕਰਨ ਲਈ ਸਾਬਕਾ ਉਦਯੋਗ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ, ਜੋ ਇਸ ਵੇਲੇ ਗ੍ਰਿਫ਼ਤਾਰ ਹਨ, ਵੱਲੋਂ ਵੀ ਕਾਫ਼ੀ ਯਤਨ ਕੀਤੇ ਗਏ ਸਨ। ਇਸ ਸਾਲ 1 ਫਰਵਰੀ ਨੂੰ ਹਵਾਈ ਅੱਡੇ ਦੇ ਉਦਘਾਟਨ ਤੋਂ ਬਾਅਦ ਤੋਂ ਹੀ ਆਮ ਆਦਮੀ ਪਾਰਟੀ ਅਤੇ ਭਾਜਪਾ ਵਿਚਕਾਰ ਇਸ ਪ੍ਰੋਜੈਕਟ ਦਾ ਸਿਹਰਾ ਲੈਣ ਨੂੰ ਲੈ ਕੇ ਸਿਆਸੀ ਖਿੱਚੋਤਾਣ ਜਾਰੀ ਹੈ। ਅਜਿਹੇ ਹਾਲਾਤਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾ ਇਹ ਦੌਰਾ ਪ੍ਰਸ਼ਾਸਕੀ ਨਾਲ-ਨਾਲ ਸਿਆਸੀ ਪੱਖੋਂ ਵੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

Posted By: Daily Suraj Bureau

Latest News