ਮੋਗਾ ਸਰਪੰਚ ਕਤਲ ਮਾਮਲਾ: 11 ਵਿਅਕਤੀਆਂ ਖ਼ਿਲਾਫ਼ ਕੇਸ ਦਰਜ, 2 ਮੁਲਜ਼ਮ ਗ੍ਰਿਫ਼ਤਾਰ
ਮੋਗਾ ਜ਼ਿਲ੍ਹੇ ਦੇ ਪਿੰਡ ਪੱਤੋ ਹੀਰਾ ਸਿੰਘ ਦੇ ਸਰਪੰਚ ਹਰਪਿੰਦਰ ਸਿੰਘ ‘ਹੈਪੀ’ ਦੇ ਦਿਨ-ਦਿਹਾੜੇ ਹੋਏ ਕਤਲ ਮਾਮਲੇ ਵਿੱਚ ਪੁਲੀਸ ਨੇ 11 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਨ੍ਹਾਂ ਵਿੱਚ 4 ਨਾਮਜ਼ਦ ਅਤੇ 7 ਅਣਪਛਾਤੇ ਵਿਅਕਤੀ ਸ਼ਾਮਲ ਹਨ। ਪੁਲੀਸ ਨੇ ਇਸ ਮਾਮਲੇ ਵਿੱਚ ਹੁਣ ਤੱਕ ਦੋ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਪੁਲੀਸ ਵੱਲੋਂ ਕਾਰਵਾਈ ਦਾ ਭਰੋਸਾ ਮਿਲਣ ਤੋਂ ਬਾਅਦ ਪੀੜਤ ਪਰਿਵਾਰ ਨੇ ਸ਼ੁੱਕਰਵਾਰ ਦੇਰ ਰਾਤ ਆਪਣਾ ਰੋਸ ਪ੍ਰਦਰਸ਼ਨ ਖਤਮ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਸ਼ੁੱਕਰਵਾਰ ਸਵੇਰੇ ਕੁਝ ਹਮਲਾਵਰਾਂ ਨੇ ਸਰਪੰਚ ਹਰਪਿੰਦਰ ਸਿੰਘ ‘ਹੈਪੀ’ ‘ਤੇ ਤਾਬੜਤੋੜ ਗੋਲੀਆਂ ਚਲਾਈਆਂ। ਗੋਲੀਬਾਰੀ ਦੌਰਾਨ ਉਨ੍ਹਾਂ ਨੂੰ ਕਰੀਬ 6 ਤੋਂ 7 ਗੋਲੀਆਂ ਲੱਗੀਆਂ। ਗੰਭੀਰ ਜ਼ਖ਼ਮੀ ਹਾਲਤ ਵਿੱਚ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਪੁਲੀਸ ਦੀ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਕਤਲ ਆਪਸੀ ਰੰਜਿਸ਼ ਦਾ ਨਤੀਜਾ ਹੋ ਸਕਦਾ ਹੈ। ਜਾਣਕਾਰੀ ਮੁਤਾਬਕ ਸਰਪੰਚ ਹੈਪੀ ਨੂੰ ਪਿਛਲੇ ਕੁਝ ਸਮੇਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ। ਇਸ ਕਾਰਨ ਉਹ ਆਮ ਤੌਰ ‘ਤੇ ਬੁਲੇਟਪਰੂਫ਼ ਗੱਡੀ ਦੀ ਵਰਤੋਂ ਕਰਦੇ ਸਨ। ਹਾਲਾਂਕਿ ਘਟਨਾ ਵਾਲੇ ਦਿਨ ਉਹ ਆਪਣੀ ਮਹਿੰਦਰਾ ਥਾਰ ਗੱਡੀ ਵਿੱਚ ਸਵਾਰ ਸਨ, ਜਿਸਦਾ ਫਾਇਦਾ ਚੁੱਕਦਿਆਂ ਹਮਲਾਵਰਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਬਾਘਾਪੁਰਾਣਾ ਪੁਲੀਸ ਨੇ ਭਰੋਸਾ ਦਿੱਤਾ ਹੈ ਕਿ ਬਾਕੀ ਮੁਲਜ਼ਮਾਂ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਉਨ੍ਹਾਂ ਨੂੰ ਸੋਮਵਾਰ ਤੱਕ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਵੇਲੇ ਮ੍ਰਿਤਕ ਦੀ ਲਾਸ਼ ਨੂੰ ਮੋਗਾ ਦੇ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।
Posted By: Daily Suraj Bureau